ਨਗਰ ਕਾਲਾਬੂਲਾ ਵਾਸੀਆਂ ਨੇ ਸੁੱਖ-ਸ਼ਾਂਤੀ ਲਈ ਕੀਤੀ ਅਰਦਾਸ ਨਗਰ ਕਾਲਾਬੂਲਾ ਵਾਸੀਆਂ ਨੇ ਸੁੱਖ-ਸ਼ਾਂਤੀ ਲਈ ਕੀਤੀ ਅਰਦਾਸ
Publish Date: Sun, 27 Sep 2026 05:19 PM (IST)
Updated Date: Mon, 28 Sep 2026 04:01 AM (IST)
ਬੇਵਕਤੀ ਮੌਤਾਂ ਕਾਰਨ ਲੋਕਾਂ ਵਿੱਚ ਚਿੰਤਾ ਸੰਗਤਾਂ ਨੇ ਗੁਰੂ ਚਰਨਾਂ ’ਚ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਮਾਲੇਰਕੋਟਲਾ/ਸ਼ੇਰਪੁਰ ਪਿੰਡ ਕਾਲਾਬੂਲਾ ’ਚ ਪਿਛਲੇ ਕੁਝ ਦਿਨਾਂ ਦੌਰਾਨ ਵਾਪਰੀਆਂ ਬੇਵਕਤੀ ਮੌਤਾਂ ਨੇ ਪਿੰਡ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਨ੍ਹਾਂ ਘਟਨਾਵਾਂ ਕਾਰਨ ਲੋਕਾਂ ਵਿੱਚ ਚਿੰਤਾ ਅਤੇ ਡਰ ਦਾ ਮਾਹੌਲ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸੇ ਦੌਰਾਨ ਪਿੰਡ ਵਾਸੀਆਂ ਵੱਲੋਂ ਨਗਰ ਦੀ ਸੁੱਖ-ਸ਼ਾਂਤੀ, ਤੰਦਰੁਸਤੀ ਅਤੇ ਸਰਬੱਤ ਦੇ ਭਲੇ ਲਈ ਸਾਂਝੇ ਤੌਰ ’ਤੇ ਗੁਰੂ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕੀਤੀ ਗਈ। ਪਿੰਡ ਦੇ ਦਰਵਾਜ਼ੇ ਵਾਲੀ ਸਾਂਝੀ ਜਗ੍ਹਾ ’ਤੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਅਤੇ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਨਗਰ ਦੀ ਚੜ੍ਹਦੀ ਕਲਾ ਅਤੇ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ। ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਪ੍ਰਿਤਾਪਾਲ ਸਿੰਘ ਦੇ ਜਥੇ ਵੱਲੋਂ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਸਰਪੰਚ ਰਣਜੀਤ ਸਿੰਘ ਕਾਲਾਬੂਲਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਮਨੁੱਖੀ ਜੀਵਨ ਅਨੇਕਾਂ ਚੁਣੌਤੀਆਂ ਵਿੱਚੋਂ ਲੰਘ ਰਿਹਾ ਹੈ। ਸਾਨੂੰ ਗੁਰਬਾਣੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਆਪਸੀ ਭਾਈਚਾਰਾ, ਸੰਜਮ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਨਰਿੰਦਰ ਸਿੰਘ ਕਾਲਾਬੂਲਾ ਨੇ ਕਿਹਾ ਕਿ ਪਿੰਡ ਵਿੱਚ ਵਾਪਰ ਰਹੀਆਂ ਬੇਵਕਤੀ ਮੌਤਾਂ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿੱਚ ਇੱਕ-ਦੂਜੇ ਦਾ ਸਹਾਰਾ ਬਣਨਾ ਅਤੇ ਨਗਰ ਦੀ ਸੁੱਖ-ਸ਼ਾਂਤੀ ਲਈ ਸਾਂਝੇ ਯਤਨ ਕਰਨਾ ਜ਼ਰੂਰੀ ਹੈ। ਸਮਾਗਮ ਦੇ ਅੰਤ ਵਿੱਚ ਪ੍ਰਬੰਧਕਾਂ ਵੱਲੋਂ ਪਾਠੀ ਸਿੰਘਾਂ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਨਰਿੰਦਰ ਸਿੰਘ ਕਾਲਾਬੂਲਾ ਨੇ ਸਮਾਗਮ ਵਿੱਚ ਪੁੱਜੀ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਗਰ ਦੀ ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਾਂਝੇ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਸਮਾਗਮ ਉਪਰੰਤ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਚਮਕੌਰ ਸਿੰਘ ਬਿੰਨੜ, ਸਾਬਕਾ ਪ੍ਰਧਾਨ ਭਗਵਾਨ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਧੀਰ ਸਿੰਘ, ਸਾਬਕਾ ਸਰਪੰਚ ਕਰਮਜੀਤ ਸਿੰਘ, ਹਾਕਮ ਸਿੰਘ ਸਾਬਕਾ ਪੰਚ, ਸੁਰਜੀਤ ਸਿੰਘ, ਸਾਬਕਾ ਪ੍ਰਧਾਨ ਭਰਪੂਰ ਸਿੰਘ, ਭਾਨ ਸਿੰਘ, ਦਲਜੀਤ ਸਿੰਘ, ਬਲਜਿੰਦਰ ਸਿੰਘ, ਸਾਬਕਾ ਸਰਪੰਚ ਗੁਰਸੇਵਕ ਸਿੰਘ, ਨੰਬਰਦਾਰ ਗੁਰਸੰਤ ਸਿੰਘ, ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਦੇ ਆਗੂ ਗੁਰਜੰਟ ਸਿੰਘ, ਜਥੇਦਾਰ ਮੇਜਰ ਸਿੰਘ,ਸਿੰਦਰ ਸਿੰਘ ਹਾਜ਼ਰ ਸਨ।