ਮਾਵਾਂ-ਧੀਆਂ ਸਤਿਕਾਰ ਯੋਜਨਾ' ਨਾਲ ਵਧੇਗਾ ਔਰਤਾਂ ਦਾ ਸਨਮਾਨ
ਮਾਵਾਂ-ਧੀਆਂ ਸਤਿਕਾਰ ਯੋਜਨਾ' ਨਾਲ ਵਧੇਗਾ ਔਰਤਾਂ ਦਾ ਸਨਮਾਨ
Publish Date: Sun, 28 Jun 2026 04:38 PM (IST)
Updated Date: Mon, 29 Jun 2026 04:02 AM (IST)

ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਮਾਲੇਰਕੋਟਲਾ : ਸੂਬੇ ਦੀ ਭਗਵੰਤ ਮਾਨ ਸਰਕਾਰ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ ਸਨਮਾਨ ਰਾਸ਼ੀ ਦੇਣ ਦੀ ਦਿੱਤੀ ਗਰੰਟੀ ਨੂੰ ਆਖਿਰ ਪੂਰਾ ਕਰਨ ਜਾ ਰਹੀ ਹੈ। ਮਾਂਵਾ-ਧੀਆਂ ਸਤਿਕਾਰ ਯੋਜਨਾ ਨਾਂ ਦੀ ਇਸ ਗਰੰਟੀ ਦੇ ਪੂਰਾ ਹੋਣ ਨਾਲ ਪੰਜਾਬ ਦੀਆਂ ਮਹਿਲਾਵਾਂ ਦਾ ਸਨਮਾਨ ਉੱਚਾ ਹੋਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਲੇਰਕੋਟਲਾ ਹਲਕੇ ਨਾਲ ਸਬੰਧਤ ਵੱਖ-ਵੱਖ ਆਗੂਆਂ ਨੇ ਕੀਤਾ। ਔਰਤਾਂ ਨੂੰ ਆਰਥਿਕ ਤੌਰ ’ਤੇ ਮਿਲੇਗੀ ਸਹਾਇਤਾ : ਪੰਡੋਰੀ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਹੀ ਲੋਕ ਪੱਖੀ ਫ਼ੈਸਲੇ ਲੈਂਦੀ ਆਈ ਹੈ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਇਸ ਦਾ ਇਕ ਹੋਰ ਉਦਾਹਰਣ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਪਰਿਵਾਰ ਅਤੇ ਸਮਾਜ ਦੀ ਮਜ਼ਬੂਤ ਨੀਂਹ ਹੁੰਦੀਆਂ ਹਨ, ਇਸ ਲਈ ਉਨ੍ਹਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਅਜਿਹੀਆਂ ਯੋਜਨਾਵਾਂ ਬਹੁਤ ਜ਼ਰੂਰੀ ਹਨ। ਔਰਤਾਂ ਨੂੰ ਸਮਾਜ ਵਿਚ ਹੋਰ ਮਜ਼ਬੂਤ ਕਰੇਗੀ ਯੋਜਨਾ : ਜਮੀਲ ਉਰ ਰਹਿਮਾਨ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲਾਗੂ ਕਰਨਾ ਔਰਤਾਂ ਦੇ ਹੱਕਾਂ ਅਤੇ ਸਨਮਾਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਿਰਫ਼ ਆਰਥਿਕ ਮਦਦ ਤਕ ਸੀਮਿਤ ਨਹੀਂ, ਸਗੋਂ ਔਰਤਾਂ ਨੂੰ ਸਮਾਜ ਵਿਚ ਹੋਰ ਮਜ਼ਬੂਤ ਅਤੇ ਸਨਮਾਨਯੋਗ ਸਥਾਨ ਪ੍ਰਦਾਨ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤਕ ਪਹੁੰਚਾਉਣ ਲਈ ਪਾਰਟੀ ਵਰਕਰ ਪੂਰੀ ਤਰ੍ਹਾਂ ਕੰਮ ਕਰ ਰਹੇ ਹਨ। ਲੱਖਾਂ ਔਰਤਾਂ ਦੇ ਸਨਮਾਨ ਦਾ ਪ੍ਰਤੀਕ ਬਣੇਗੀ ਯੋਜਨਾ : ਖੇੜੀ ਬਲਾਕ ਸੰਮਤੀ ਸ਼ੇਰਪੁਰ ਦੇ ਚੇਅਰਮੈਨ ਚਰਨ ਖੇੜੀ ਨੇ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀਆਂ ਲੱਖਾਂ ਔਰਤਾਂ ਲਈ ਰਾਹਤ ਅਤੇ ਸਨਮਾਨ ਦਾ ਪ੍ਰਤੀਕ ਬਣੇਗੀ। ਉਨ੍ਹਾਂ ਕਿਹਾ ਕਿ ਸਮਾਜ ਵਿਚ ਔਰਤਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ ਅਤੇ ਉਨ੍ਹਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਔਰਤਾਂ ਨੂੰ ਆਪਣੇ ਪਰਿਵਾਰ ਦੀਆਂ ਲੋੜਾਂ ਪੂਰੀਆਂ ਕਰਨ ਵਿਚ ਸਹਾਇਕ ਸਾਬਿਤ ਹੋਵੇਗੀ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਵਿਚ ਮਦਦ ਕਰੇਗੀ। ਸਰਕਾਰ ਦਾ ਔਰਤਾਂ ਦੇ ਹੱਕ ’ਚ ਇਤਿਹਾਸਿਕ ਫੈਸਲਾ : ਬੜੀ ਆਮ ਆਦਮੀ ਦੇ ਨੌਜਵਾਨ ਆਗੂ ਸਰਪੰਚ ਮਨਵੀਰ ਸਿੰਘ ਬੜੀ ਨੇ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਸਰਕਾਰ ਦਾ ਇਕ ਇਤਿਹਾਸਕ ਅਤੇ ਲੋਕ ਭਲਾਈ ਵਾਲਾ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਬਣਾਉਣ ਲਈ ਇਹ ਯੋਜਨਾ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਇਕ ਹੋਰ ਵੱਡਾ ਕਦਮ ਚੁੱਕਿਆ ਹੈ। ਇਸ ਯੋਜਨਾ ਨਾਲ ਮਹਿਲਾਵਾਂ ਦੇ ਸਨਮਾਨ ਅਤੇ ਆਤਮ-ਵਿਸ਼ਵਾਸ ਵਿਚ ਵਾਧਾ ਹੋਵੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਯੋਜਨਾ ਨਾਲ ਔਰਤਾਂ ਦੀ ਆਰਥਿਕ ਸਥਿਤੀ ਵਿਚ ਸੁਧਾਰ ਆਵੇਗਾ ਅਤੇ ਉਨ੍ਹਾਂ ਦਾ ਸਮਾਜਿਕ ਸਨਮਾਨ ਹੋਰ ਵਧੇਗਾ।