ਟ੍ਰੈਫਿਕ ਕਰਮਚਾਰੀ 'ਤੇ ਰਿਸ਼ਵਤ ਲੈਣ ਦੇ ਦੋਸ਼ ਦੀ ਵੀਡੀਓ ਵਾਇਰਲ, ਜਾਂਚ ਸ਼ੁਰੂ
ਟ੍ਰੈਫਿਕ ਕਰਮਚਾਰੀ 'ਤੇ ਰਿਸ਼ਵਤ ਲੈਣ ਦੇ ਦੋਸ਼ ਦੀ ਵੀਡੀਓ ਵਾਇਰਲ, ਜਾਂਚ ਸ਼ੁਰੂ
Publish Date: Fri, 24 Apr 2026 06:30 PM (IST)
Updated Date: Fri, 24 Apr 2026 06:34 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ਼ੁੱਕਰਵਾਰ ਨੂੰ ਇੰਟਰਨੈੱਟ ਮੀਡੀਆ ਤੇ ਟ੍ਰੈਫਿਕ ਪੁਲਿਸ ਦੇ ਇਕ ਕਰਮਚਾਰੀ ਨਾਲ ਸਬੰਧਤ ਕਥਿਤ ਰਿਸ਼ਵਤਖੋਰੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵਿਭਾਗ ਵਿਚ ਹੜਕੰਪ ਮਚ ਗਿਆ। ਵਾਇਰਲ ਹੋ ਰਹੀ ਇਸ ਵੀਡੀਓ ਵਿਚ ਇਕ ਵਿਅਕਤੀ ਟ੍ਰੈਫਿਕ ਕਰਮਚਾਰੀ ਨੂੰ ਨਕਦੀ ਦਿੰਦਾ ਹੋਇਆ ਦਿਖਾਈ ਦੇ ਰਿਹਾ ਹੈ, ਜਿਸ ਨਾਲ ਪੂਰੇ ਮਾਮਲੇ ਨੇ ਤੂਲ ਫੜ ਲਿਆ ਹੈ ਅਤੇ ਆਮ ਲੋਕਾਂ ਵਿਚ ਵੀ ਚਰਚਾ ਦਾ ਵਿਸ਼ਾ ਬਣ ਗਿਆ ਹੈ। ਉਨ੍ਹਾਂ ਦੱਸਿਆ ਜਾ ਰਿਹਾ ਹੈ ਕਿ ਵੀਡੀਓ ’ਚ ਦਿਖ ਰਿਹਾ ਟ੍ਰੈਫਿਕ ਕਰਮਚਾਰੀ ਸੜਕ ਤੇ ਡਿਊਟੀ ਦੌਰਾਨ ਇਕ ਵਾਹਨ ਚਾਲਕ ਤੋਂ ਪੈਸੇ ਲੈਂਦਾ ਨਜ਼ਰ ਆ ਰਿਹਾ ਹੈ। ਹਾਲਾਂਕਿ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਨਕਦੀ ਕਿਸ ਕਾਰਨ ਲਈ ਜਾ ਰਹੀ ਹੈ, ਪਰ ਇਸ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਇਸ ਸਬੰਧ ’ਚ ਡੀਐੱਸਪੀ ਟ੍ਰੈਫਿਕ ਪੁਨੀਤ ਸਿੰਘ ਚਹਿਲ ਨੇ ਕਿਹਾ ਕਿ ਇੰਟਰਨੈੱਟ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਉਨ੍ਹਾਂ ਦੇ ਧਿਆਨ ’ਚ ਆਈ ਹੈ। ਉਨ੍ਹਾਂ ਦੱਸਿਆ ਕਿ ਵੀਡੀਓ ਦੀ ਸੱਚਾਈ ਅਤੇ ਪੂਰੇ ਘਟਨਾਕ੍ਰਮ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਡੀਐੱਸਪੀ ਚਹਿਲ ਨੇ ਸਪਸ਼ਟ ਕੀਤਾ ਕਿ ਜੇਕਰ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਭ੍ਰਿਸ਼ਟਾਚਾਰ ਦੀ ਪੁਸ਼ਟੀ ਹੁੰਦੀ ਹੈ ਤਾਂ ਸਬੰਧਤ ਕਰਮਚਾਰੀ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਿਸ ਵਿਚ ਪਾਰਦਰਸ਼ਤਾ ਤੇ ਅਨੁਸ਼ਾਸਨ ਬਣਾਈ ਰੱਖਣਾ ਸਭ ਤੋਂ ਵੱਡੀ ਤਰਜੀਹ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਗੜਬੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ ਅਤੇ ਜਲਦ ਹੀ ਸੱਚਾਈ ਸਾਹਮਣੇ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ।