ਅਸ਼ਵਿੰਦਰ ਸਿੰਘ, ਬਨੂੜ : ਪਿੰਡ ਧਰਮਗੜ੍ਹ ਨੇੜੇ ਪੈਂਦੇ ਸ਼ਾਹ ਸਰਫ ਪੀਰ ਕੋਲ ਛੋਟਾ ਹਾਥੀ ਅਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ।

ਏਐੱਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਦਲਬੀਰ ਸਿੰਘ (28) ਪੁੱਤਰ ਸ਼ੇਰ ਸਿੰਘ ਵਾਸੀ ਪਿੰਡ ਸੇਖਨ ਮਾਜਰਾ ਮੋਟਰਸਾਈਕਲ 'ਤੇ ਪਿੰਡ ਮਨੌਲੀ ਸੂਰਤ ਤੋਂ ਬਨੂੜ ਵੱਲ ਨੂੰ ਆ ਰਿਹਾ ਸੀ। ਜਦੋਂ ਉਹ ਪਿੰਡ ਧਰਮਗੜ੍ਹ ਨੇੜੇ ਪੈਂਦੇ ਸ਼ਾਹ ਸਰਫ ਪੀਰ ਕੋਲ ਪੁੱਜਾ ਤਾਂ ਉਸ ਨੂੰ ਸਾਹਮਣਿਓਂ ਆ ਰਹੇ ਛੋਟੇ ਹਾਥੀ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਦਲਬੀਰ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਇਸ ਨੂੰ ਇਕੱਠੇ ਹੋਏ ਲੋਕਾਂ ਨੇ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਖੇ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ। ਏਅੱੈਸਆਈ ਪਰਮਜੀਤ ਸਿੰਘ ਨੇ ਕਿਹਾ ਕਿ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਛੋਟਾ ਹਾਥੀ ਚਾਲਕ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।