- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਸਮਾਣਾ ਵਿੱਚ 6.35 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੀ ਸ਼ੁਰੂਆਤ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਵਿੱਚ ਕਰੀਬ 6.35 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਪ੍ਰਮੁੱਖ ਸੜਕੀ ਪ੍ਰੋਜੈਕਟਾਂ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਇਲਾਕਾ ਨਿਵਾਸੀਆਂ, ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਪਾਰਟੀ ਆਗੂਆਂ ਨੇ ਸਰਕਾਰ ਦੇ ਇਸ ਉਪਰਾਲੇ ਦਾ ਸਵਾਗਤ ਕੀਤਾ। ਪਿੰਡ ਉੱਚਾ ਗਾਓਂ ਵਿਖੇ ਸਿੱਧੂਵਾਲ ਤੋਂ ਪਟਿਆਲਾ-ਨਾਭਾ ਰੋਡ ਵਾਇਆ ਉੱਚਾ ਗਾਓਂ-ਇੰਦਰਪੁਰਾ ਰੋਡ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਗਏ। 4.92 ਕਿਲੋਮੀਟਰ ਲੰਬੀ ਇਸ ਸੜਕ ’ਤੇ ਕਰੀਬ 3.11 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਇਸ ਦੀ ਚੌੜਾਈ ਵਧਾ ਕੇ 18 ਫੁੱਟ ਕੀਤੀ ਜਾਵੇਗੀ। ਇਸੇ ਤਰ੍ਹਾਂ ਪਿੰਡ ਖੇੜੀ ਗੋੜੀਆਂ ਵਿਖੇ ਪਟਿਆਲਾ-ਨਾਭਾ ਰੋਡ ਤੋਂ ਜਾਹਲਾਂ-ਧਬਲਾਨ ਰੋਡ ਵਾਇਆ ਖੇੜੀ ਗੋੜੀਆਂ ਤੱਕ 3.20 ਕਿਲੋਮੀਟਰ ਲੰਬੀ ਸੜਕ ਦੇ ਨਵੀਨੀਕਰਨ ਦਾ ਕੰਮ ਵੀ ਸ਼ੁਰੂ ਕੀਤਾ ਗਿਆ। ਇਸ ਪ੍ਰੋਜੈਕਟ ’ਤੇ ਕਰੀਬ 3.24 ਕਰੋੜ ਰੁਪਏ ਖਰਚ ਹੋਣਗੇ ਅਤੇ ਸੜਕ ਨੂੰ 18 ਫੁੱਟ ਚੌੜਾ ਕੀਤਾ ਜਾਵੇਗਾ। ਇਸ ਮੌਕੇ ਬਰਸਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਿਹਤਰ ਸੜਕੀ ਨੈੱਟਵਰਕ ਨਾਲ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਮੰਡੀਆਂ ਤੇ ਸ਼ਹਿਰਾਂ ਤੱਕ ਆਉਣ-ਜਾਣ ਵਿਚ ਸਹੂਲਤ ਮਿਲੇਗੀ। ਉਨ੍ਹਾਂ ਨਿਰਮਾਣ ਕਾਰਜਾਂ ਦੀ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਦੀ ਗੱਲ ਵੀ ਕਹੀ।