ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਮੁਲਾਜ਼ਮਾਂ ਨੇ ਕੀਤੀ ਹੜਤਾਲ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਮੁਲਾਜ਼ਮਾਂ ਨੇ ਕੀਤੀ ਹੜਤਾਲ
Publish Date: Thu, 16 Jul 2026 06:33 PM (IST)
Updated Date: Fri, 17 Jul 2026 04:07 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ (25/11)ਨੇ ਪੀਆਰਟੀਸੀ ਚੰਡੀਗੜ੍ਹ ਡਿਪੂ ਦੇ ਪ੍ਰਬੰਧਕਾਂ ਵੱਲੋਂ ਇੱਕ ਕੰਡਕਟਰ ਕਰਮਚਾਰੀ ਨੂੰ ਬਰਖਾਸਤ ਕਰਨ ਦੇ ਵਿਰੋਧ ਵਿੱਚ ਵੀਰਵਾਰ ਨੂੰ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਦੁਪਹਿਰ ਤਿੰਨ ਵਜੇ ਤੱਕ ਸਰਕਾਰੀ ਬੱਸਾਂ ਦੇ ਪਹੀਏ ਜਾਮ ਰਹੇ, ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੂੰ ਪ੍ਰਾਈਵੇਟ ਅਤੇ ਹੋਰ ਰੋਡਵੇਜ਼ ਦੀਆਂ ਬੱਸਾਂ ਰਾਹੀਂ ਸਫ਼ਰ ਕਰਨਾ ਪਿਆ, ਜਦਕਿ ਕਈ ਯਾਤਰੀ ਲੰਬੇ ਸਮੇਂ ਤੱਕ ਤਿੱਖੀ ਗਰਮੀ ਵਿੱਚ ਬੱਸ ਅੱਡੇ ਤੇ ਬੱਸਾਂ ਦੀ ਉਡੀਕ ਕਰਦੇ ਰਹੇ। ਇਸ ਦੌਰਾਨ ਯੂਨੀਅਨ ਦੇ ਆਗੂਆਂ ਨੇ ਬੱਸ ਅੱਡੇ ਦੇ ਮੁੱਖ ਗੇਟ ਕੋਲ ਧਰਨਾ ਦੇ ਕੇ ਪੰਜਾਬ ਸਰਕਾਰ ਅਤੇ ਪ੍ਰਬੰਧਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਆਪਣੇ ਹੱਕਾਂ ਅਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਕੱਚੇ ਕਰਮਚਾਰੀਆਂ ਅਤੇ ਯੂਨੀਅਨ ਅਹੁਦੇਦਾਰਾਂ ਨੂੰ ਦਬਾਉਣ ਦੇ ਮਕਸਦ ਨਾਲ ਪ੍ਰਬੰਧਨ ਵੱਲੋਂ ਦਮਨਕਾਰੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਧਰਨੇ ਦੌਰਾਨ ਸੰਗਰੂਰ ਡਿੱਪੂ ਦੇ ਨੁਮਾਇੰਦੇ ਜਤਿੰਦਰ ਸਿੰਘ ਨੇ ਦੱਸਿਆ ਕਿ ਚੰਡੀਗੜ੍ਹ ਡਿਪੂ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਗੁਰੀ ਨੂੰ ਇੱਕ ਕਥਿਤ ਸਾਜ਼ਿਸ਼ ਤਹਿਤ ਝੂਠੇ ਅਤੇ ਬੇਬੁਨਿਆਦ ਦੋਸ਼ ਲਾ ਕੇ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਵਿੰਦਰ ਸਿੰਘ ਤੇ ਬੱਸ ਅੱਡਾ ਪਰਚੀਆਂ ਨਾਲ ਸਬੰਧਿਤ ਕਥਿਤ ਬੇਨਿਯਮੀਆਂ ਦੇ ਦੋਸ਼ ਲਾਏ ਗਏ ਅਤੇ 9 ਜੁਲਾਈ 2026 ਨੂੰ ਵਟਸਐਪ ਰਾਹੀਂ ਨੋਟਿਸ ਭੇਜ ਕੇ ਸਿਰਫ਼ ਤਿੰਨ ਦਿਨਾਂ ਵਿੱਚ ਜਵਾਬ ਮੰਗਿਆ ਗਿਆ। ਯੂਨੀਅਨ ਦਾ ਦੋਸ਼ ਹੈ ਕਿ ਇਨ੍ਹਾਂ ਤਿੰਨ ਦਿਨਾਂ ਵਿੱਚ ਸ਼ਨੀਵਾਰ ਅਤੇ ਐਤਵਾਰ ਦੀਆਂ ਛੁੱਟੀਆਂ ਵੀ ਸ਼ਾਮਲ ਸਨ, ਜਿਸ ਕਾਰਨ ਕਰਮਚਾਰੀ ਨੂੰ ਆਪਣੇ ਬਚਾਅ ਲਈ ਲੋੜੀਂਦੇ ਦਸਤਾਵੇਜ਼ ਅਤੇ ਸਬੂਤ ਇਕੱਠੇ ਕਰਨ ਦਾ ਮੌਕਾ ਨਹੀਂ ਮਿਲਿਆ। ਇਸ ਤੋਂ ਬਾਅਦ 14 ਜੁਲਾਈ ਨੂੰ ਗੁਰਵਿੰਦਰ ਸਿੰਘ ਨੂੰ ਸੇਵਾ ਤੋਂ ਬਰਖਾਸਤ ਕਰ ਦਿੱਤਾ ਗਿਆ। ਇਸ ਕਾਰਵਾਈ ਦੇ ਵਿਰੋਧ ਵਿੱਚ ਯੂਨੀਅਨ ਵੱਲੋਂ ਸੂਬਾ ਭਰ ਵਿੱਚ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਹਾਲਾਂਕਿ ਦੁਪਹਿਰ ਸਮੇਂ ਪ੍ਰਬੰਧਨ ਵੱਲੋਂ ਮਾਮਲੇ ਦੀ ਮੁੜ ਜਾਂਚ ਕਰਨ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਯੂਨੀਅਨ ਨੇ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ।