- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੋਟਰੀ ਕਲੱਬ ਰਾਜਪੁਰਾ ਵੱਲੋਂ ਅਧਿਆਪਕ ਦਿਵਸ ਮੌਕੇ 82 ਪ੍ਰਿੰਸੀਪਲਾਂ ਤੇ ਅਧਿਆਪਕਾਂ ਦਾ ਸਨਮਾਨ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰੋਟਰੀ ਕਲੱਬ ਰਾਜਪੁਰਾ ਵੱਲੋਂ ਪ੍ਰਧਾਨ ਰੋਟੇਰੀਅਨ ਸੁਮਿਤ ਮਹਿਤਾ ਤੇ ਸਕੱਤਰ ਐਡਵੋਕੇਟ ਨਵਦੀਪ ਅਰੋੜਾ ਦੀ ਪ੍ਰਧਾਨਗੀ ਹੇਠ ਅਧਿਆਪਕ ਦਿਵਸ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਦੇ ਭਵਿੱਖ ਨੂੰ ਸਿਰਜਣ ਵਾਲੇ ਅਧਿਆਪਕਾਂ ਦੀਆਂ ਸੇਵਾਵਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਅਹਿਮ ਯੋਗਦਾਨ ਨੂੰ ਸਲਾਮ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਸਮਾਗਮ ਵਿਚ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਰੋਟੇਰੀਅਨ ਰਿਤੇਸ਼ ਬਾਂਸਲ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਉਨ੍ਹਾਂ ਦੀ ਮੌਜੂਦਗੀ ਨੇ ਸਮਾਗਮ ਦੀ ਸ਼ਾਨ ਵਿੱਚ ਵਾਧਾ ਕੀਤਾ। ਇਸ ਮੌਕੇ ਰਾਜਪੁਰਾ ਦੇ 31 ਸਕੂਲਾਂ ਨਾਲ ਸਬੰਧਤ 82 ਪ੍ਰਿੰਸੀਪਲਾਂ ਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਮਿਹਨਤ, ਸਮਰਪਣ, ਵਚਨਬੱਧਤਾ ਤੇ ਸਿੱਖਿਆ ਤੇ ਸਮਾਜ ਪ੍ਰਤੀ ਬੇਮਿਸਾਲ ਯੋਗਦਾਨ ਲਈ ਵੱਕਾਰੀ ‘ਨੇਸ਼ਨ ਬਿਲਡਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਪ੍ਰੋਜੈਕਟ ਚੇਅਰਮੈਨ ਰੋਟੇਰੀਅਨ ਗਗਨ ਆਹੂਜਾ ਦੇ ਯੋਗਦਾਨ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਗਈ। ਰੋਟਰੀ ਕਲੱਬ ਵੱਲੋਂ ਸਮਾਗਮ ਵਿਚ ਸ਼ਾਮਲ ਹੋਏ ਸਾਰੇ ਰੋਟੇਰੀਅਨ ਮੈਂਬਰਾਂ ਅਤੇ ਸਹਿਯੋਗੀਆਂ ਦਾ ਵੀ ਧੰਨਵਾਦ ਕੀਤਾ ਗਿਆ। ਇਹ ਸਮਾਗਮ ਅਧਿਆਪਕਾਂ ਦੇ ਸਨਮਾਨ, ਸਿੱਖਿਆ ਦੀ ਮਹੱਤਤਾ ਅਤੇ ਰਾਸ਼ਟਰ ਨਿਰਮਾਣ ਵਿੱਚ ਅਧਿਆਪਕਾਂ ਦੀ ਭੂਮਿਕਾ ਨੂੰ ਸਮਰਪਿਤ ਇੱਕ ਯਾਦਗਾਰ ਮੌਕਾ ਬਣਿਆ।