'ਸੰਵਾਦ ਪ੍ਰੋਗਰਾਮ' ਵਿਧਾਇਕ ਕੋਹਲੀ ਤੇ ਮੇਅਰ ਨੇ ਲੋਕਾਂ ਨਾਲ ਕੀਤਾ ਰਾਬਤਾ
'ਸੰਵਾਦ ਪ੍ਰੋਗਰਾਮ'; ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਨੇ ਲੋਕਾਂ ਨਾਲ ਕੀਤਾ ਰਾਬਤਾ
Publish Date: Wed, 01 Apr 2026 06:03 PM (IST)
Updated Date: Wed, 01 Apr 2026 06:07 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਦੇ ਖੁਦ ਦੇ ਵਾਰਡ ਨੰਬਰ 30 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਫ਼ਲਤਾਪੂਰਵਕ 4 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ ਇਕ ਵਿਸ਼ੇਸ਼ ਸੰਵਾਦ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਮੇਅਰ ਕੁੰਦਨ ਗੋਗੀਆ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਇਲਾਕਾ ਨਿਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਇਸ ਸੰਵਾਦ ਪ੍ਰੋਗਰਾਮ ਦੌਰਾਨ ਵਾਰਡ ਨੰਬਰ 30 ਤੇ ਆਸ-ਪਾਸ ਦੇ ਇਲਾਕਿਆਂ ਤੋਂ ਸੈਂਕੜਿਆਂ ਦੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਮੇਅਰ ਕੁੰਦਨ ਗੋਗੀਆ ਨੇ ਸਾਂਝੇ ਰੂਪ ਵਿਚ ਨੂੰ ਸੰਬੋਧਨ ਕਰਦਿਆਂ ਪਿਛਲੇ 4 ਸਾਲਾਂ ਦੌਰਾਨ ਸਿੱਖਿਆ, ਸਿਹਤ ਤੇ ਬਿਜਲੀ ਦੇ ਖੇਤਰ ਵਿਚ ਕੀਤੇ ਗਏ ਇਤਿਹਾਸਕ ਕਾਰਜਾਂ ਦਾ ਵੇਰਵਾ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਹਰ ਫੈਸਲਾ ਜਨਤਾ ਦੀ ਸਹੂਲਤ ਨੂੰ ਮੁੱਖ ਰੱਖ ਕੇ ਲਿਆ ਜਾ ਰਿਹਾ ਹੈ। ਉਨ੍ਹਾਂ ਨੇ ਇਸ ਮੌਕੇ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਾਰਡ ਪੱਧਰ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਕਰਨਾ ਨਗਰ ਨਿਗਮ ਦੀ ਪਹਿਲ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਵਾਰਡ ਨੰਬਰ 30 ਦੀਆਂ ਪਾਣੀ, ਸੀਵਰੇਜ ਤੇ ਸੜਕਾਂ ਨਾਲ ਸਬੰਧਤ ਰਹਿੰਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ। ਸੰਵਾਦ ਦੌਰਾਨ ਇਲਾਕਾ ਨਿਵਾਸੀਆਂ ਨੇ ਵੀ ਖੁੱਲ੍ਹ ਕੇ ਆਪਣੇ ਵਿਚਾਰ ਰੱਖੇ ਤੇ ਮੌਕੇ ਤੇ ਹੀ ਕਈ ਸਮੱਸਿਆਵਾਂ ਦੇ ਹੱਲ ਲਈ ਮੇਅਰ ਅਤੇ ਵਿਧਾਇਕ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ। ਮੇਅਰ ਕੁੰਦਨ ਗੋਗੀਆ ਨੇ ਦੁਹਰਾਇਆ ਕਿ ਉਹ ਪਟਿਆਲਾ ਵਾਸੀਆਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹਨ ਅਤੇ ਅਜਿਹੇ ਪ੍ਰੋਗਰਾਮ ਭਵਿੱਖ ਵਿਚ ਵੀ ਜਾਰੀ ਰਹਿਣਗੇ ਤਾਂ ਜੋ ਪ੍ਰਸ਼ਾਸਨ ਤੇ ਜਨਤਾ ਦੇ ਵਿਚਕਾਰ ਸਿੱਧਾ ਸੰਪਰਕ ਬਣਿਆ ਰਹੇ।