ਪਿੰਡਾਂ ਦੇ ਪੁੱਤ ਸੰਧੂ ਨੇ ਟਰੈਕਟਰ ’ਤੇ ਮਾਲੇਰਕੋਟਲਾ ’ਚ ਕੱਢਿਆ ਮਾਰਚ ਪਿੰਡਾਂ ਦੇ ਪੁੱਤ ਸੰਧੂ ਨੇ ਟਰੈਕਟਰ ’ਤੇ ਮਾਲੇਰਕੋਟਲਾ ’ਚ ਕੱਢਿਆ ਮਾਰਚ
Publish Date: Sun, 29 Nov 2026 04:21 PM (IST)
Updated Date: Sun, 29 Nov 2026 04:22 PM (IST)
ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਮਾਲੇਰਕੋਟਲਾ : ਵਿਧਾਨ ਸਭਾ ਚੋਣਾਂ ਦਾ ਭਾਵੇਂ ਅਜੇ ਰਸਮੀ ਬਿਗਲ ਨਹੀਂ ਵੱਜਿਆ, ਪਰ ਮਾਲੇਰਕੋਟਲਾ ਹਲਕੇ ਵਿੱਚ ਸਿਆਸੀ ਸਰਗਰਮੀਆਂ ਨੇ ਹੁਣ ਤੋਂ ਹੀ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰ ਚੁੱਕੇ ‘ਪਿੰਡਾਂ ਦੇ ਪੁੱਤ’ ਸਰਪੰਚ ਗੁਰਮੀਤ ਸਿੰਘ ਸੰਧੂ ਵੱਲੋਂ ਅੱਜ ਮਾਲੇਰਕੋਟਲਾ ਸ਼ਹਿਰ ਵਿੱਚ ਸੋਨਾਲੀਕਾ ਟਰੈਕਟਰ ’ਤੇ ਮਾਰਚ ਕੱਢ ਕੇ ਆਪਣੀ ਸਿਆਸੀ ਸਰਗਰਮੀ ਅਤੇ ਲੋਕ ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ। ਟਰੈਕਟਰ ’ਤੇ ਸਵਾਰ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹੁੰਚੇ ਸੰਧੂ ਦੇ ਨਾਲ ਵੱਡੀ ਗਿਣਤੀ ਵਿੱਚ ਸਮਰਥਕਾਂ ਅਤੇ ਵਾਹਨਾਂ ਦਾ ਕਾਫ਼ਲਾ ਵੀ ਦੇਖਣ ਨੂੰ ਮਿਲਿਆ, ਜਿਸ ਨੇ ਉਨ੍ਹਾਂ ਦੀ ਚੋਣ ਮੁਹਿੰਮ ਦੇ ਰੰਗ ਨੂੰ ਹੋਰ ਗੂੜ੍ਹਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਮੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਪਹਿਲਾਂ ਹੀ ਮਾਲੇਰਕੋਟਲਾ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਰਨ ਦਾ ਐਲਾਨ ਕਰ ਚੁੱਕੇ ਹਨ ਅਤੇ ਇਸ ਤੋਂ ਬਾਅਦ ਲਗਾਤਾਰ ਲੋਕਾਂ ਨਾਲ ਸੰਪਰਕ ਬਣਾਉਣ ਲਈ ਯਤਨਸ਼ੀਲ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਸੱਥਾਂ, ਨੁੱਕੜ ਮੀਟਿੰਗਾਂ ਅਤੇ ਲੋਕਾਂ ਨਾਲ ਸਿੱਧੇ ਸੰਵਾਦ ਰਾਹੀਂ ਹਲਕੇ ਦੀਆਂ ਸਮੱਸਿਆਵਾਂ ਨੂੰ ਸਮਝਣ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਮੂਲੀਅਤ ਕਰਕੇ ਉਨ੍ਹਾਂ ਨਾਲ ਸਾਂਝ ਬਣਾਈ ਜਾ ਰਹੀ ਹੈ। ਸੰਧੂ ਨੇ ਹਲਕੇ ਦੀ ਮੌਜੂਦਾ ਵਿਕਾਸ ਸਥਿਤੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਹਲਕੇ ਦੇ ਵਿਕਾਸ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾਂਦੇ ਰਹੇ ਹਨ, ਪਰ ਜ਼ਮੀਨੀ ਪੱਧਰ ’ਤੇ ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਮਾਮਲੇ ਵਿੱਚ ਹਲਕਾ ਅਜੇ ਵੀ ਕਈ ਚੁਣੌਤੀਆਂ ਨਾਲ ਜੂਝ ਰਿਹਾ ਹੈ। ਇੱਥੋਂ ਤੱਕ ਕਿ ਕਿਸੇ ਵੀ ਸਿਆਸੀ ਪਾਰਟੀ ਨੇ ਪਿੰਡ ਦੇ ਨੌਜਵਾਨ ਨੂੰ ਉਮੀਦਵਾਰ ਬਣਾਉਣ ਦਾ ਮੌਕਾ ਹੀ ਨਹੀਂ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਵਿਕਾਸ ਦੀ ਦੌੜ ਵਿੱਚ ਮਾਲੇਰਕੋਟਲਾ ਹਲਕਾ ਪਿੱਛੇ ਰਹਿ ਗਿਆ ਹੈ ਅਤੇ ਲੋਕਾਂ ਦੀਆਂ ਉਮੀਦਾਂ ਮੁਤਾਬਕ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਚੋਣ ਲੜਨਾ ਨਹੀਂ, ਸਗੋਂ ਹਲਕੇ ਦੇ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਿਆਸੀ ਅਤੇ ਪ੍ਰਸ਼ਾਸਨਿਕ ਪੱਧਰ ’ਤੇ ਉਠਾਉਣਾ ਹੈ। ਸੰਧੂ ਅਨੁਸਾਰ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚੋਂ ਲੋਕਾਂ ਵੱਲੋਂ ਮਿਲ ਰਹੀ ਹੱਲਾਸ਼ੇਰੀ ਨੇ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਰ ਵਰਗ ਅਤੇ ਵੱਖ-ਵੱਖ ਧਰਮਾਂ ਨਾਲ ਸਬੰਧਤ ਲੋਕ ਉਨ੍ਹਾਂ ਨੂੰ ਆਪਣਾ ਸਮਰਥਨ ਦੇ ਰਹੇ ਹਨ। ਅੱਜ ਸ਼ਹਿਰ ਵਿੱਚ ਕੱਢੇ ਗਏ ਮਾਰਚ ਦੌਰਾਨ ਵੱਖ-ਵੱਖ ਥਾਵਾਂ ’ਤੇ ਲੋਕਾਂ ਵੱਲੋਂ ਗੁਰਮੀਤ ਸਿੰਘ ਸੰਧੂ ਦਾ ਸਵਾਗਤ ਕੀਤਾ ਗਿਆ ਅਤੇ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਗੱਡੀਆਂ ਦਾ ਕਾਫ਼ਲਾ ਵੀ ਚੱਲਦਾ ਦਿਖਾਈ ਦਿੱਤਾ। ਚੋਣਾਂ ਤੋਂ ਪਹਿਲਾਂ ਕੀਤੀ ਇਸ ਸਰਗਰਮੀ ਨੂੰ ਸੰਧੂ ਵੱਲੋਂ ਹਲਕੇ ਵਿੱਚ ਆਪਣਾ ਲੋਕ ਸੰਪਰਕ ਵਧਾਉਣ ਅਤੇ ਆਜ਼ਾਦ ਉਮੀਦਵਾਰ ਵਜੋਂ ਸਿਆਸੀ ਮਾਹੌਲ ਵਿੱਚ ਆਪਣੀ ਮੌਜੂਦਗੀ ਦਰਜ ਕਰਵਾਉਣ ਦੇ ਯਤਨ ਵਜੋਂ ਦੇਖਿਆ ਜਾ ਰਿਹਾ ਹੈ।