ਮਜ਼ਦੂਰਾਂ ਨੂੰ ਦਿਹਾੜੀ ਦੇਣ ਜਾ ਰਹੇ ਕਿਸਾਨ ਤੋਂ 62 ਹਜ਼ਾਰ ਰੁਪਏ ਲੁੱਟੇ ਮਜ਼ਦੂਰਾਂ ਨੂੰ ਦਿਹਾੜੀ ਦੇਣ ਜਾ ਰਹੇ ਕਿਸਾਨ ਤੋਂ 62 ਹਜ਼ਾਰ ਰੁਪਏ ਲੁੱਟੇ
Publish Date: Sat, 11 Jul 2026 07:25 PM (IST)
Updated Date: Sun, 12 Jul 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੰਗਰੂਰ : ਸ਼ਹਿਰ ਦੇ ਨਜ਼ਦੀਕ ਧੂਰੀ ਰੋਡ ਤੇ ਸਥਿਤ ਗੁਰਦਾਸਪੁਰਾ ਰਜਬਾਹੇ ਕੋਲ ਸ਼ਨਿੱਚਰਵਾਰ ਸ਼ਾਮ ਖੇਤ ਵਿੱਚ ਮਜ਼ਦੂਰਾਂ ਨੂੰ ਦਿਹਾੜੀ ਦੇਣ ਜਾ ਰਹੇ ਇੱਕ ਕਿਸਾਨ ਤੋਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਤੇਜ਼ਧਾਰ ਹਥਿਆਰ ਦੀ ਨੋਕ ਤੇ ਕਰੀਬ 62 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੋਟਰਸਾਈਕਲ ਤੇ ਸਵਾਰ ਹੋ ਕੇ ਫਰਾਰ ਹੋ ਗਏ। ਪੀੜਤ ਕਿਸਾਨ ਵੱਲੋਂ 112 ਨੰਬਰ ਤੇ ਦਿੱਤੀ ਸੂਚਨਾ ਤੋਂ ਬਾਅਦ ਡੀਐੱਸਪੀ (ਆਰ) ਦਲਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਮੌਕੇ ਤੇ ਪੁੱਜੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਨੇ ਕਿਸਾਨ ਦੇ ਬਿਆਨ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੀੜਤ ਕਿਸਾਨ ਜਗਜੀਤ ਸਿੰਘ ਵਾਸੀ ਹਰੇੜੀ ਨੇ ਦੱਸਿਆ ਕਿ ਉਹ ਆਪਣੇ ਖੇਤਾਂ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਨੂੰ ਦਿਹਾੜੀ ਦੇਣ ਲਈ ਘਰੋਂ ਕਰੀਬ 60-62 ਹਜ਼ਾਰ ਰੁਪਏ ਲੈ ਕੇ ਨਿਕਲਿਆ ਸੀ। ਜਿਵੇਂ ਹੀ ਉਹ ਆਪਣੇ ਖੇਤ ਤੋਂ ਕੁਝ ਦੂਰੀ ਤੇ ਗੁਰਦਾਸਪੁਰਾ ਰਜਬਾਹੇ ਕੋਲ ਪਹੁੰਚਿਆ ਤਾਂ ਪਹਿਲਾਂ ਤੋਂ ਖੜ੍ਹੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ। ਇੱਕ ਨੌਜਵਾਨ ਨੇ ਉਸ ਦੇ ਗਲੇ ਤੇ ਤੇਜ਼ਧਾਰ ਹਥਿਆਰ (ਦਾਤਰ) ਰੱਖ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ ਉਸ ਦੇ ਕੁੜਤੇ ਦੀ ਜੇਬ ਵਿੱਚੋਂ ਨਕਦੀ ਕੱਢ ਲਈ। ਇਸ ਦੌਰਾਨ ਉਸ ਦਾ ਮੋਬਾਈਲ ਫੋਨ ਵੀ ਖੋਹ ਲਿਆ ਗਿਆ। ਨੇੜਲੇ ਖੇਤ ਵਿੱਚ ਕੰਮ ਕਰ ਰਹੇ ਹੈਪੀ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਉਸ ਨੇ ਜਗਜੀਤ ਸਿੰਘ ਦੀਆਂ ਚੀਕਾਂ ਸੁਣੀਆਂ ਤਾਂ ਉਹ ਤੁਰੰਤ ਮੌਕੇ ਵੱਲ ਦੌੜਿਆ, ਪਰ ਉਸ ਨੂੰ ਆਉਂਦਾ ਦੇਖ ਕੇ ਲੁਟੇਰੇ ਮੋਟਰਸਾਈਕਲ ਤੇ ਸਵਾਰ ਹੋ ਕੇ ਸ਼ਹਿਰ ਵੱਲ ਫਰਾਰ ਹੋ ਗਏ। ਉਸ ਨੇ ਕਿਹਾ ਕਿ ਲੁਟੇਰਿਆਂ ਨੇ ਦਿਨ-ਦਿਹਾੜੇ ਬੇਖੌਫ ਹੋ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਉਸ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਖੇਤਾਂ ਵੱਲ ਜਾਣ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਅਕਸਰ ਲੁਟੇਰੇ ਨਿਸ਼ਾਨਾ ਬਣਾਉਂਦੇ ਹਨ। ਕੁਝ ਦਿਨ ਪਹਿਲਾਂ ਵੀ ਇੱਕ ਮਜ਼ਦੂਰ ਦਾ ਸਾਈਕਲ ਖੋਹ ਕੇ ਰਜਬਾਹੇ ਵਿੱਚ ਸੁੱਟ ਦਿੱਤਾ ਗਿਆ ਸੀ ਅਤੇ ਉਸ ਦਾ ਮੋਬਾਈਲ ਫੋਨ ਵੀ ਖੋਹ ਲਿਆ ਗਿਆ ਸੀ। ਅੱਜ ਦੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਘਟਨਾ ਦੀ ਸੂਚਨਾ ਮਿਲਣ ਤੇ ਥਾਣਾ ਸਿਟੀ ਸੰਗਰੂਰ, ਥਾਣਾ ਸਿਟੀ-1 ਅਤੇ ਥਾਣਾ ਸਦਰ ਸੰਗਰੂਰ ਦੀ ਪੁਲਿਸ ਮੌਕੇ ਤੇ ਪੁੱਜੀ। ਡੀਐੱਸਪੀ (ਆਰ) ਦਲਬੀਰ ਸਿੰਘ ਨੇ ਦੱਸਿਆ ਕਿ ਪੀੜਤ ਕਿਸਾਨ ਦੇ ਬਿਆਨ ਦਰਜ ਕਰ ਲਏ ਗਏ ਹਨ। ਪੁਲਿਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਲੁਟੇਰਿਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।