ਦਲਜੀਤ ਸਿੰਘ ਦੀ ਲਾਸ਼ ਪਰਿਵਾਰ ਨੂੰ ਸੌਂਪਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਥਾਣੇ ਦਾ ਘਿਰਾਓ ਦਲਜੀਤ ਸਿੰਘ ਦੀ ਲਾਸ਼ ਪਰਿਵਾਰ ਨੂੰ ਸੌਂਪਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਥਾਣੇ ਦਾ ਘਿਰਾਓ
Publish Date: Wed, 28 Oct 2026 04:37 PM (IST)
Updated Date: Wed, 28 Oct 2026 04:40 PM (IST)
ਸੱਤਪਾਲ ਸਿੰਘ ਕਾਲਾਬੂਲਾ/ ਰਹਿਮਾਨ, ਪੰਜਾਬੀ ਜਾਗਰਣ, ਮਾਲੇਰਕੋਟਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਦਲਜੀਤ ਸਿੰਘ ਦੀ ਲਾਸ਼ ਪਰਿਵਾਰ ਨੂੰ ਸੌਂਪਣ ਦੀ ਮੰਗ ਨੂੰ ਲੈ ਕੇ ਮਾਲੇਰਕੋਟਲਾ ਥਾਣੇ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਰੋਸ ਜ਼ਾਹਰ ਕਰਦਿਆਂ ਦਲਜੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਵਸਨੀਕ ਦਲਜੀਤ ਸਿੰਘ ਦੀ ਨਸ਼ੇ ਦੀ ਲਤ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਮਾਨਸਾ ਨਸ਼ਾ ਵਿਰੋਧੀ ਕਮੇਟੀ ਵੱਲੋਂ ਦਲਜੀਤ ਸਿੰਘ ਦੀ ਲਾਸ਼ ਪਰਵਿੰਦਰ ਸਿੰਘ ਝੋਟੇ ਦੇ ਹੱਕ ਵਿੱਚ ਚੱਲ ਰਹੇ ਇਨਸਾਫ਼ ਧਰਨੇ ਵਿੱਚ ਲਿਜਾਈ ਜਾ ਰਹੀ ਸੀ। ਕਿਸਾਨ ਆਗੂਆਂ ਨੇ ਦੇ ਦੋਸ਼ ਲਾਇਆ ਕਿ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਦੇ ਹੁਕਮਾਂ ’ਤੇ ਐੱਸਐੱਸਪੀ ਮਾਨਸਾ ਵੈਭਵ ਚੌਧਰੀ ਦੀ ਅਗਵਾਈ ਹੇਠ ਕਾਰਵਾਈ ਕਰਦਿਆਂ ਪਰਿਵਾਰ ਤੋਂ ਲਾਸ਼ ਲੈ ਲਈ ਅਤੇ ਉਸ ਨੂੰ ਮਾਨਸਾ ਜ਼ਿਲ੍ਹੇ ਤੋਂ ਬਾਹਰ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਦਲਜੀਤ ਸਿੰਘ ਦੀ ਲਾਸ਼ ਪਰਿਵਾਰ ਨੂੰ ਵਾਪਸ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਥਾਣਿਆਂ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਇੱਕ ਪਾਸੇ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਢਣ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦੀ ਕਾਰਵਾਈ ਤੋਂ ਜਾਪਦਾ ਹੈ ਕਿ ਨਸ਼ਿਆਂ ਵਿਰੁੱਧ ਜੰਗ ਦੀ ਬਜਾਏ ਲੋਕਾਂ ਵਿਰੁੱਧ ਹੀ ਜੰਗ ਵਿੱਢੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੋਕਾਂ ਦੀ ਆਵਾਜ਼ ਦਬਾਉਣ ਦੇ ਰਾਹ ਪੈ ਗਈ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਹੱਕ ਵਿੱਚ ਚੱਲ ਰਹੇ ਧਰਨੇ ਵਿੱਚ ਦਖ਼ਲਅੰਦਾਜ਼ੀ ਕਰਨ ਜਾਂ ਇਸ ਨੂੰ ਜਬਰੀ ਚੁਕਵਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਅਜਿਹੀ ਕਿਸੇ ਵੀ ਕਾਰਵਾਈ ਨਾਲ ਪੈਦਾ ਹੋਣ ਵਾਲੇ ਹਾਲਾਤ ਲਈ ਸਰਕਾਰ ਖ਼ੁਦ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਨਸਾਫ਼ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ ਧਰਨਾ ਕਮੇਟੀ ਦੇ ਨਾਲ ਡਟ ਕੇ ਖੜ੍ਹੀ ਹੈ। ਜੇਕਰ ਦਲਜੀਤ ਸਿੰਘ ਦੀ ਲਾਸ਼ ਪਰਿਵਾਰ ਨੂੰ ਨਾ ਸੌਂਪੀ ਗਈ ਤਾਂ ਜਥੇਬੰਦੀ ਵੱਲੋਂ ਸੰਘਰਸ਼ ਹੋਰ ਤੇਜ਼ ਅਤੇ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ, ਸਰਬਜੀਤ ਸਿੰਘ ਭੁਰਥਲਾ, ਰਜਿੰਦਰ ਸਿੰਘ ਭੋਗੀਵਾਲ, ਚਰਨਜੀਤ ਸਿੰਘ ਹਥਨ, ਮਹਿੰਦਰ ਸਿੰਘ ਭੁਰਥਲਾ, ਜਗਰੂਪ ਸਿੰਘ ਖੁਰਦ, ਰਛਪਾਲ ਸਿੰਘ ਰੜ, ਨਛੱਤਰ ਸਿੰਘ ਝੁਨੇਰ ਅਤੇ ਗੁਰਮੀਤ ਕੌਰ ਕੁਠਾਲਾ ਹਾਜ਼ਰ ਸਨ।