ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਗਰਜੇ ਬੈਂਕ ਮੁਲਾਜ਼ਮ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਗਰਜੇ ਬੈਂਕ ਮੁਲਾਜ਼ਮ
Publish Date: Wed, 21 Oct 2026 04:00 PM (IST)
Updated Date: Thu, 22 Oct 2026 04:00 AM (IST)
ਕਿਹਾ, ਸਰਕਾਰ ਲੰਬਿਤ ਮੰਗਾਂ ਦਾ ਜਲਦੀ ਕਰੇ ਨਿਪਟਾਰਾ, ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰੇ ਸਰਕਾਰ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ, ਬੈਂਕਾਂ ਵਿੱਚ ਕਰਜ਼ਾ ਨੀਤੀ ਚਾਲੂ ਕਰਨ ਅਤੇ ਕਿਸਾਨਾਂ ਦੇ ਧਰਨਿਆਂ ਕਾਰਨ ਬੰਦ ਪਈਆਂ ਬੈਂਕ ਦੀਆਂ ਸ਼ਾਖਾਵਾਂ ਖੋਲ੍ਹਣ ਦੀ ਮੰਗ ਨੂੰ ਲੈਕੇ ਬੁੱਧਵਾਰ ਨੂੰ ਸੁਨਾਮ ਲੈਂਡ ਮਾਰਗੇਜ਼ ਬੈਂਕਸ ਇੰਪਲਾਈਜ ਯੂਨੀਅਨ ਨੇ ਜਥੇਬੰਦੀ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਰੋਹ ਭਰਪੂਰ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਥੇਬੰਦੀ ਦੇ ਆਗੂਆਂ ਜਸਬੀਰ ਸਿੰਘ ਗਿੱਲ, ਵਿਸ਼ਵਦੀਪ ਸਿੰਘ ਬਰਾੜ, ਗਗਨਦੀਪ ਸਿੰਘ ਢਿੱਲੋਂ, ਮੁਨੀਸ਼ ਅਗਰਵਾਲ, ਪੁਸ਼ਪਿੰਦਰ ਸਿੰਘ ਸਮਰਾਓ, ਸੱਤਪਾਲ ਨਕਟੇ ਅਤੇ ਰਾਜੂ ਖੁਰਾਣਾ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਨੂੰ ਯਕੀਨੀ ਬਣਾਵੇ। ਬੈਂਕਾਂ ਵਿੱਚ ਕਰਜ਼ਾ ਨੀਤੀ ਚਾਲੂ ਕੀਤੀ ਜਾਵੇ ਅਤੇ ਕਿਸਾਨਾਂ ਦੇ ਧਰਨਿਆਂ ਕਾਰਨ ਬੰਦ ਪਈਆਂ ਬੈਂਕ ਦੀਆਂ ਸ਼ਾਖਾਵਾਂ ਖੋਲ੍ਹਣ ਲਈ ਢੁਕਵੇਂ ਕਦਮ ਚੁੱਕੇ ਜਾਣ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਕਰਮਚਾਰੀਆਂ ਲਈ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਵਾਉਣ ਸਬੰਧੀ ਪਿਛਲੇ ਲਗਭਗ 5 ਸਾਲਾਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸਬੰਧੀ ਯੂਨੀਅਨ ਵੱਲੋਂ ਸਮੇਂ-ਸਮੇਂ ਤੇ ਪੰਜਾਬ ਸਰਕਾਰ ਅਤੇ ਬੈਂਕ ਮੈਨੇਜਮੈਂਟ ਦੇ ਧਿਆਨ ਵਿੱਚ ਆਪਣੀ ਮੰਗ ਲਿਆਂਦੀ ਜਾਂਦੀ ਰਹੀ ਹੈ। ਲੇਕਿਨ ਬੈਂਕ ਮੁਲਾਜ਼ਮਾਂ ਦੀਆਂ ਮੰਗਾਂ ਜਿਉਂ ਦੀ ਤਿਉਂ ਬਰਕਰਾਰ ਹਨ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਨਾਲ ਇਸ ਦਾ ਵਿੱਤੀ ਬੋਝ ਪੰਜਾਬ ਸਰਕਾਰ ਦੇ ਸਰਕਾਰੀ ਖਜ਼ਾਨੇ ਤੇ ਨਹੀਂ ਪਵੇਗਾ। ਬੈਂਕ ਵੱਲੋਂ ਆਪਣੇ ਖੁਦ ਦੇ ਫੰਡਾਂ ਅਤੇ ਉਪਲਬਧ ਵਿੱਤੀ ਸਰੋਤਾਂ ਵਿੱਚੋਂ ਹੀ ਤਨਖਾਹ ਕਮਿਸ਼ਨ ਦੇ ਲਾਭ ਅਤੇ ਬਣਦੇ ਏਰੀਅਰ ਦੀ ਅਦਾਇਗੀ ਕੀਤੀ ਜਾਵੇਗੀ।