ਕਿਹਾ, ਬਜਟ 'ਚ ਕਿਸਾਨ ਮਜ਼ਦੂਰਾਂ ਨੂੰ ਕੋਈ ਰਾਹਤ ਨਹੀਂ, ਭਗਵੰਤ ਮਾਨ ਸਰਕਾਰ ਵਾਅਦੇ ਪੂਰੇ ਕਰੇ

ਦਰਸ਼ਨ ਸਿੰਘ ਚੌਹਾਨ, ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਬਜਟ ਵਿਚ ਕਿਸਾਨਾਂ-ਮਜ਼ਦੂਰਾਂ ਦਾ ਕੋਈ ਧਿਆਨ ਨਹੀਂ ਰੱਖਿਆ। ਬਜਟ ਨੇ ਕਿਸਾਨਾਂ ਨੂੰ ਨਿਰਾਸ਼ ਕੀਤਾ ਹੈ। ਮੰਗਲਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ-ਮਜ਼ਦੂਰਾਂ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਬਜਟ 'ਚ ਕੋਈ ਵਿਵਸਥਾ ਨਹੀਂ ਰੱਖੀ ਗਈ। ਕੁਦਰਤੀ ਆਫ਼ਤ ਦੀ ਸਥਿਤੀ ਵਿੱਚ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦੇਣ, ਕਿਸਾਨ ਮਜ਼ਦੂਰ ਨੂੰ ਪੈਨਸ਼ਨ ਦੇਣ ਦਾ ਫੈਸਲਾ ਨਹੀਂ ਕੀਤਾ। ਅਜਿਹਾ ਵਰਤਾਰਾ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਧੋਖਾ ਹੈ।

ਉਗਰਾਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਅਤੇ ਮਜ਼ਦੂਰ ਵਰਗ ਦੀਆਂ ਛੋਟੀਆਂ-ਛੋਟੀਆਂ ਸਮੱਸਿਆਵਾਂ ਤੋਂ ਵੀ ਜਾਣੂੰ ਹੋਣ ਦਾ ਦਾਅਵਾ ਕਰਦੇ ਹਨ ਪਰ ਭਗਵੰਤ ਮਾਨ ਸਰਕਾਰ ਇਨਾਂ੍ਹ ਸਮੱਸਿਆਵਾਂ ਨੂੰ ਬਜਟ ਵਿਚ ਦੂਰ ਕਰਨ ਤੋਂ ਭੱਜਦੀ ਨਜ਼ਰ ਆ ਰਹੀ ਹੈ। ਉਨਾਂ੍ਹ ਕਿਹਾ ਕਿ ਪੰਜਾਬ ਦਾ ਕਿਸਾਨ ਨਾਜ਼ੁਕ ਦੌਰ ਵਿੱਚੋਂ ਲੰਘ ਰਿਹਾ ਹੈ। ਕਣਕ ਦੀ ਘੱਟ ਪੈਦਾਵਾਰ ਨੇ ਕਿਸਾਨਾਂ ਦੀ ਆਰਥਿਕਤਾ ਨੂੰ ਬਹੁਤ ਕਮਜ਼ੋਰ ਕਰ ਦਿੱਤਾ ਹੈ ਪਰ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿਚ ਸਹਿਯੋਗ ਨਹੀਂ ਦਿੱਤਾ। ਉਨਾਂ੍ਹ ਕਿਹਾ ਕਿ ਸਰਕਾਰ ਨੇ ਵੀ ਕਿਸਾਨ ਦੇ ਸਿਰ 'ਤੇ ਚੜ੍ਹੇ ਕਰਜ਼ੇ ਦੇ ਬੋਝ ਨੂੰ ਘਟਾਉਣ ਲਈ ਕੋਈ ਕਦਮ ਨਹੀਂ ਚੁੱਕੇ ਹਨ।

ਮੁੱਖ ਮੰਤਰੀ ਖੇਤੀ ਲਾਗਤਾਂ ਘਟਾਉਣ ਲਈ ਕੋਈ ਫੈਸਲਾ ਨਹੀਂ ਲੈ ਰਹੇ ਹਨ। ਅਜਿਹੇ ਵਿੱਚ ਹੁਣ ਤੱਕ ਕਿਸਾਨਾਂ ਅਤੇ ਮਜ਼ਦੂਰਾਂ 'ਚ ਇਸ ਸਰਕਾਰ ਤੋਂ ਨਿਰਾਸ਼ਾ ਹੀ ਹੱਥ ਲੱਗੀ ਹੈ। ਉਗਰਾਹਾਂ ਨੇ ਚਿਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਵੱਲ ਧਿਆਨ ਨਾ ਦਿੱਤਾ ਤਾਂ ਉਨਾਂ੍ਹ ਦੀ ਜਥੇਬੰਦੀ ਸਰਕਾਰ ਵਿਰੁੱਧ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।