ਸਫਾਈ ਸੇਵਕਾਂ ਨੇ ਸੀਐੱਮ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ ਸਫਾਈ ਸੇਵਕਾਂ ਨੇ ਸੀਐੱਮ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
Publish Date: Fri, 17 Jul 2026 05:56 PM (IST)
Updated Date: Sat, 18 Jul 2026 04:04 AM (IST)
ਦਸਵੇਂ ਦਿਨ ਵੀ ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਸ਼ੁੱਕਰਵਾਰ ਨੂੰ ਸਮੂਹ ਸਫਾਈ ਸੇਵਕਾਂ ਨੇ ਜ਼ਿਲ੍ਹਾ ਪ੍ਰਧਾਨ ਭਾਰਤ ਬੇਦੀ, ਚੇਅਰਮੈਨ ਉਮਾ ਦੇਵੀ, ਸੀਨੀਅਰ ਆਗੂ ਬਾਲ ਕ੍ਰਿਸ਼ਨ ਚੌਹਾਨ ਅਤੇ ਉਪ ਪ੍ਰਧਾਨ ਨਾਥਾ ਰਾਮ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਸਫ਼ਾਈ ਸੇਵਕਾਂ ਨੇ ਨਗਰ ਕੌਂਸਲ ਦਫ਼ਤਰ ਤੋਂ ਸ਼ਹੀਦ ਭਗਤ ਸਿੰਘ ਚੌਕ ਤੱਕ ਹੱਥਾਂ ਵਿੱਚ ਝਾੜੂ ਅਤੇ ਮੋਢਿਆਂ ਤੇ ਮੁੱਖ ਮੰਤਰੀ ਦਾ ਪੁਤਲਾ ਚੁੱਕ ਕੇ ਰੋਸ ਮਾਰਚ ਕੱਢਿਆ। ਸ਼ਹੀਦ ਭਗਤ ਸਿੰਘ ਚੌਕ ਵਿੱਚ ਪੁਤਲਾ ਸੜਕ ਤੇ ਰੱਖ ਕੇ ਇੱਕ ਪਾਸੇ ਦੀ ਆਵਾਜਾਈ ਕੁਝ ਸਮੇਂ ਲਈ ਠੱਪ ਕਰ ਦਿੱਤੀ ਗਈ। ਇਸ ਤੋਂ ਬਾਅਦ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਸਫਾਈ ਸੇਵਕ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਾਰੇ ਆਊਟਸੋਰਸ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ, ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਠੇਕੇਦਾਰੀ ਪ੍ਰਣਾਲੀ ਖ਼ਤਮ ਕੀਤੀ ਜਾਵੇ ਅਤੇ 10 ਸਾਲਾ ਨੀਤੀ ਨੂੰ ਰੱਦ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਹੜਤਾਲ ਨੂੰ ਦਸ ਦਿਨ ਹੋ ਚੁੱਕੇ ਹਨ, ਪਰ ਸਰਕਾਰ ਅਤੇ ਪ੍ਰਸ਼ਾਸਨ ਮੰਗਾਂ ਦਾ ਹੱਲ ਕਰਨ ਦੀ ਬਜਾਏ ਜ਼ਬਰਦਸਤੀ ਕੂੜਾ ਚੁਕਵਾ ਕੇ ਉਨ੍ਹਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਅਤੇ ਹੜਤਾਲ ਖ਼ਤਮ ਕਰਵਾਉਣ ਦਾ ਦਬਾਅ ਬਣਾ ਰਹੇ ਹਨ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਪ੍ਰਸ਼ਾਸਨ ਨੇ ਸ਼ਹਿਰ ਵਿੱਚੋਂ ਕੂੜਾ ਚੁਕਵਾ ਦਿੱਤਾ ਹੈ, ਪਰ ਜਦੋਂ ਤੱਕ ਸਫਾਈ ਸੇਵਕਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਹੜਤਾਲ ਅਤੇ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਦੂਜੇ ਪਾਸੇ, ਨਗਰ ਕੌਂਸਲ ਵੱਲੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲੱਗੇ ਕੂੜੇ ਦੇ ਢੇਰਾਂ ਨੂੰ ਚੁੱਕਣ ਦਾ ਕੰਮ ਜਾਰੀ ਹੈ ਅਤੇ ਕੁਝ ਹੱਦ ਤੱਕ ਸ਼ਹਿਰ ਵਾਸੀਆਂ ਨੂੰ ਕੂੜੇ ਦੀ ਸਮੱਸਿਆ ਤੋ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਇਸਦੇ ਨਾਲ ਹੀ ਨਗਰ ਕੌਂਸਲ ਵੱਲੋ ਸ਼ਹਿਰ ਵਿੱਚ ਮੁਨਾਦੀ ਕਰਵਾਕੇ ਸ਼ਹਿਰ ਵਾਸੀਆਂ ਨੂੰ ਸੜਕਾਂ ਤੇ ਕੂੜਾ ਨਾ ਸੁੱਟਣ ਦੀ ਅਪੀਲ ਕੀਤੀ ਜਾ ਰਹੀ ਹੈ, ਤਾਂ ਜੋ ਹਾਲਾਤ ਪਹਿਲਾਂ ਜਿਹੇ ਨਾ ਬਣਨ।