12 ਦਿਨਾਂ ਤੋਂ ਸਫਾਈ ਕਰਮਚਾਰੀਆਂ ਦੀ ਹੜਤਾਲ ਜਾਰੀ, ਖਨੌਰੀ 'ਚ ਥਾਂ-ਥਾਂ ਗੰਦਗੀ ਦੇ ਢੇਰ 12 ਦਿਨਾਂ ਤੋਂ ਸਫਾਈ ਕਰਮਚਾਰੀਆਂ ਦੀ ਹੜਤਾਲ ਜਾਰੀ, ਖਨੌਰੀ 'ਚ ਥਾਂ-ਥਾਂ ਗੰਦਗੀ ਦੇ ਢੇਰ
Publish Date: Sun, 19 Jul 2026 05:35 PM (IST)
Updated Date: Sun, 19 Jul 2026 05:37 PM (IST)
ਬਦਬੂ ਕਾਰਨ ਲੋਕ ਪ੍ਰੇਸ਼ਾਨ, ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹਰਜੀਤ ਸਿੰਘ ,ਪੰਜਾਬੀ ਜਾਗਰਣ, ਖਨੌਰੀ : ਪਿਛਲੇ 12 ਦਿਨਾਂ ਤੋਂ ਸਫਾਈ ਕਰਮਚਾਰੀਆਂ ਦੀ ਹੜਤਾਲ ਜਾਰੀ ਰਹਿਣ ਕਾਰਨ ਖਨੌਰੀ ਸ਼ਹਿਰ ਵਿੱਚ ਸਫਾਈ ਪ੍ਰਬੰਧ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਸ਼ਹਿਰ ਦੇ ਮੁੱਖ ਬਾਜ਼ਾਰਾਂ, ਗਲੀਆਂ, ਰਿਹਾਇਸ਼ੀ ਇਲਾਕਿਆਂ ਅਤੇ ਜਨਤਕ ਥਾਵਾਂ ’ਤੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ। ਸਮੇਂ ਸਿਰ ਕੂੜਾ ਨਾ ਚੁੱਕੇ ਜਾਣ ਕਾਰਨ ਹਰ ਪਾਸੇ ਗੰਦਗੀ ਫੈਲੀ ਹੋਈ ਹੈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਰੋਜ਼ਾਨਾ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਗਲੀਆਂ ਅਤੇ ਸੜਕਾਂ ’ਤੇ ਪਏ ਕੂੜੇ ਕਾਰਨ ਰਾਹਗੀਰਾਂ ਨੂੰ ਆਉਣ-ਜਾਣ ਵਿੱਚ ਦਿੱਕਤਾਂ ਆ ਰਹੀਆਂ ਹਨ। ਘਰਾਂ ਦੇ ਨੇੜੇ ਇਕੱਠਾ ਹੋਇਆ ਕੂੜਾ ਸੜਨ ਕਾਰਨ ਭਿਆਨਕ ਬਦਬੂ ਫੈਲ ਰਹੀ ਹੈ, ਜਿਸ ਨਾਲ ਲੋਕਾਂ ਦਾ ਘਰਾਂ ਵਿੱਚ ਰਹਿਣਾ ਵੀ ਔਖਾ ਹੋ ਗਿਆ ਹੈ। ਗੰਦਗੀ ਕਾਰਨ ਮੱਖੀਆਂ ਤੇ ਮੱਛਰਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ, ਜਿਸ ਨਾਲ ਡੇਂਗੂ, ਮਲੇਰੀਆ ਤੇ ਹੋਰ ਛੂਤ ਦੀਆਂ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਸ਼ਹਿਰ ਵਾਸੀਆਂ ਨੇ ਕਿਹਾ ਕਿ ਜੇਕਰ ਹਾਲਾਤ ਇਸੇ ਤਰ੍ਹਾਂ ਬਣੇ ਰਹੇ ਤਾਂ ਆਉਣ ਵਾਲੇ ਦਿਨਾਂ ’ਚ ਸਿਹਤ ਸੰਬੰਧੀ ਗੰਭੀਰ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਉਨ੍ਹਾਂ ਨੇ ਨਗਰ ਪੰਚਾਇਤ ਪ੍ਰਸ਼ਾਸਨ ਤੇ ਸੰਬੰਧਿਤ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਸਫਾਈ ਕਰਮਚਾਰੀਆਂ ਦੀ ਹੜਤਾਲ ਦਾ ਜਲਦੀ ਹੱਲ ਕੱਢਿਆ ਜਾਵੇ ਤੇ ਜੰਗੀ ਪੱਧਰ ’ਤੇ ਸਫਾਈ ਮੁਹਿੰਮ ਚਲਾ ਕੇ ਸ਼ਹਿਰ ਨੂੰ ਗੰਦਗੀ ਤੋਂ ਮੁਕਤ ਕਰਵਾਇਆ ਜਾਵੇ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ ਅਤੇ ਸੰਭਾਵਿਤ ਬਿਮਾਰੀਆਂ ਤੋਂ ਬਚਾਅ ਯਕੀਨੀ ਬਣਾਇਆ ਜਾ ਸਕੇ। ---------------- ਕੀ ਕਹਿੰਦੇ ਹਨ ਸਫਾਈ ਕਾਮੇ ਨਗਰ ਪੰਚਾਇਤ ਖਨੌਰੀ ਦੇ ਸਫਾਈ ਕਾਮਿਆਂ ਦੇ ਆਗੂ ਰੋਬਿਨ ਕੁਮਾਰ ਨੇ ਕਿਹਾ ਕਿ ਸਰਕਾਰ ਸਫਾਈ ਕਾਮਿਆਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਿਤਾਵਨੀ ਦਿੰਦੇ ਹਾਂ ਕਿ ਸਫਾਈ ਕਾਮਿਆਂ ਨੂੰ ਤੰਗ-ਪ੍ਰੇਸ਼ਾਨ ਕਰਨਾ ਤੁਰੰਤ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਹੀ ਮੰਨੀਆਂ ਗਈਆਂ ਜਾਇਜ਼ ਮੰਗਾਂ ਦਾ ਨੋਟੀਫਿਕੇਸ਼ਨ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ, ਜਿਸ ਕਾਰਨ ਕਰਮਚਾਰੀਆਂ ’ਚ ਭਾਰੀ ਰੋਸ ਹੈ। ਜੇਕਰ ਸਰਕਾਰ ਨੇ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਕੇ ਹੜਤਾਲ ਖ਼ਤਮ ਕਰਵਾਉਣ ਲਈ ਠੋਸ ਕਦਮ ਨਾ ਚੁੱਕੇ ਤਾਂ ਸਫਾਈ ਕਾਮੇ ਤੇ ਸੀਵਰ ਕਰਮਚਾਰੀ ਹੋਰ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ।