ਕਈ ਪਰਿਵਾਰ ਅਕਾਲੀ ਦਲ ’ਚ ਹੋਏ ਸ਼ਾਮਲ
ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਅਕਾਲੀ ਦਲ ਵਿੱਚ ਹੋਏ ਸ਼ਾਮਿਲ
Publish Date: Sat, 31 Jan 2026 05:53 PM (IST)
Updated Date: Sat, 31 Jan 2026 05:55 PM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ
ਸ਼ੰਭੂ : ਹਲਕਾ ਘਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ 50 ਤੋਂ ਵੱਧ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਇਲਾਕੇ ਵਿੱਚ ਭਾਰੀ ਉਤਸ਼ਾਹ ਅਤੇ ਜੋਸ਼ ਦਾ ਮਾਹੌਲ ਵੇਖਣ ਨੂੰ ਮਿਲਿਆ। ਪਿੰਡ ਸਲੇਮਪੁਰ ਸੇਖਾਂ ਅਤੇ ਡਾਹਰੀਆ ਤੋਂ ਜੁਝਾਰੂ ਆਗੂ ਹੀਰਾ ਸਿੰਘ ਦੀ ਅਗਵਾਈ ਹੇਠ ਇਨ੍ਹਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ। ਇਸ ਮੌਕੇ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ “ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇਕੋ-ਇੱਕ ਅਜਿਹੀ ਪਾਰਟੀ ਹੈ, ਜੋ ਹਮੇਸ਼ਾ ਪੰਜਾਬ, ਪੰਥ ਅਤੇ ਪੰਜਾਬੀਆਂ ਦੇ ਹੱਕਾਂ ਲਈ ਡਟ ਕੇ ਖੜ੍ਹੀ ਰਹੀ ਹੈ।” ਉਨ੍ਹਾਂ ਕਿਹਾ ਕਿ ਲਗਾਤਾਰ ਲੋਕਾਂ ਦਾ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਪੰਜਾਬ ਦੀ ਜਨਤਾ ਮੁੜ ਅਕਾਲੀ ਦਲ ’ਤੇ ਭਰੋਸਾ ਜਤਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ, ਜਦਕਿ ਆਮ ਆਦਮੀ ਪਾਰਟੀ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਵਿਸ਼ਵਾਸਘਾਤ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਨਸ਼ਾ, ਅਪਰਾਧ ਤੇ ਮਾਫੀਆ ਰਾਜ ਮੁੜ ਸਿਰ ਚੁੱਕ ਰਿਹਾ ਹੈ। ਜਿਸ ਕਾਰਨ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਹੜ੍ਹਾਂ ਦੇ ਸਮੇਂ ਦਾ ਜ਼ਿਕਰ ਕਰਦਿਆਂ ਝਿੰਜਰ ਨੇ ਕਿਹਾ ਕਿ ਜਦੋਂ ਪੰਜਾਬ ਮੁਸੀਬਤ ਵਿੱਚ ਸੀ, ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਗੇ ਵਧ ਕੇ ਰਾਸ਼ਨ, ਨਕਦ ਰਕਮ ਅਤੇ ਡੀਜ਼ਲ ਦੇ ਰੂਪ ਵਿੱਚ ਲੋਕਾਂ ਦੀ ਮਦਦ ਕੀਤੀ, ਪਰ ਉਸ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ। ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਅਕਾਲੀ ਦਲ ਦੀ ਪੰਥਕ ਸੋਚ, ਪੰਜਾਬ ਦੇ ਹੱਕਾਂ ਲਈ ਲੜਾਈ ਅਤੇ ਲੋਕਹਿਤੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਇਸ ਸਮਾਗਮ ਦੌਰਾਨ ਬਲਵਿੰਦਰ ਸਿੰਘ, ਗੁਲਜ਼ਾਰ ਸਿੰਘ, ਜਗਤਾਰ ਸਿੰਘ ਜੱਗੀ ਅਤੇ ਬਲਾਕ ਸੰਮਤੀ ਉਮੀਦਵਾਰ ਬੀਬੀ ਸਿੰਦਰ ਕੌਰ ਸਮੇਤ ਹੋਰ ਆਗੂ ਆਦਿ ਹਾਜ਼ਰ ਸਨ।