ਬੇਅਦਬੀ ਵਰਗੇ ਮਸਲੇ ਦਾ ਕੀਤਾ ਸਿਆਸੀਕਰਨ : ਝਿੰਜਰ
ਬੇਅਦਬੀ ਦੇ ਮਸਲੇ ’ਤੇ ਆਮ ਆਦਮੀ ਪਾਰਟੀ ਤੇ ਕਾਂਗਰਸ ’ਤੇ ਦੋਸ਼: ਝਿੰਜਰ
Publish Date: Sat, 04 Apr 2026 06:25 PM (IST)
Updated Date: Sat, 04 Apr 2026 06:28 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਯੂਥ ਅਕਾਲੀ ਦਲ ਦੇ ਪ੍ਰਧਾਨ ਅਕਾਲੀ ਆਗੂ ਸਰਬਜੀਤ ਸਿੰਘ ਝਿੰਜਰ ਨੇ 13 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਵੱਲੋਂ ਪ੍ਰਸਤਾਵਿਤ ਇਜਲਾਸ ’ਤੇ ਕੜੀ ਪ੍ਰਤੀਕਿਰਿਆ ਦਿੰਦਿਆਂ ਦੋਸ਼ ਲਗਾਇਆ ਕਿ ਬੇਅਦਬੀ ਵਰਗੇ ਸੰਵੇਦਨਸ਼ੀਲ ਮਸਲੇ ਦਾ ਰਾਜਨੀਤੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ 2008 ਵਿਚ ਹੀ ਇਸ ਮਸਲੇ ’ਤੇ ਗੰਭੀਰ ਕਦਮ ਚੁੱਕਦੇ ਹੋਏ ਕਾਨੂੰਨੀ ਢਾਂਚਾ ਤਿਆਰ ਕੀਤਾ ਸੀ, ਜਿਸ ਵਿਚ ਆਈਪੀਸੀ 295ਏਏ ਨੂੰ ਸ਼ਾਮਲ ਕਰਨ ਤੇ ਸੀਆਰਪੀਸੀ ਵਿਚ ਸੋਧ ਕਰਨ ਦੀ ਗੱਲ ਕੀਤੀ ਗਈ ਸੀ। ਇਸ ਪ੍ਰਸਤਾਵ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿਚ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਾਵਧਾਨ ਰੱਖਿਆ ਗਿਆ ਸੀ, ਪਰ ਕੇਂਦਰ ਸਰਕਾਰ ਦੀ ਮਨਜ਼ੂਰੀ ਨਾ ਮਿਲਣ ਕਰਕੇ ਇਹ ਲਾਗੂ ਨਹੀਂ ਹੋ ਸਕਿਆ। ਸਰਬਜੀਤ ਸਿੰਘ ਝਿੰਜਰ ਨੇ ਦੱਸਿਆ ਕਿ 2015 ਵਿਚ ਪੰਜਾਬ ਵਿਧਾਨ ਸਭਾ ਨੇ ਇਸ ਕਾਨੂੰਨ ਵਿੱਚ ਸੋਧ ਕਰਦਿਆਂ ਸਜ਼ਾ ਨੂੰ 10 ਸਾਲ ਤੋਂ ਵਧਾ ਕੇ ਉਮਰ ਕੈਦ ਤੱਕ ਕਰਨ ਵਾਲਾ ਬਿੱਲ ਦੁਬਾਰਾ ਪਾਸ ਕੀਤਾ ਸੀ, ਜਿਸ ਵਿਚ ਪ੍ਰਸਤਾਵਿਤ ਆਈਪੀਸੀ 295ਏਏ ਅਤੇ ਪ੍ਰਕਿਰਿਆ ਨਾਲ ਸਬੰਧਤ ਤਬਦੀਲੀਆਂ ਸ਼ਾਮਲ ਸਨ। ਹਾਲਾਂਕਿ, ਇਹ ਬਿੱਲ ਵੀ ਕੇਂਦਰ ਦੀ ਮਨਜ਼ੂਰੀ ਨਾ ਮਿਲਣ ਕਰਕੇ ਲੰਬਿਤ ਰਹਿ ਗਿਆ। ਆਮ ਆਦਮੀ ਪਾਰਟੀ ਅਤੇ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਸਰਬਜੀਤ ਸਿੰਘ ਝਿੰਜਰ ਨੇ ਦੋਸ਼ ਲਗਾਇਆ ਕਿ ਦੋਹਾਂ ਪਾਰਟੀਆਂ ਨੇ ਇਸ ਮਸਲੇ ਨੂੰ ਰਾਜਨੀਤਿਕ ਲਾਭ ਲਈ ਵਰਤਿਆ ਅਤੇ ਅਕਾਲੀ ਦਲ ਵੱਲੋਂ ਕੀਤੇ ਗਏ ਵਿਕਾਸ ਕੰਮਾਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੌਰਾਨ 597 ਬੇਅਦਬੀ ਦੇ ਮਾਮਲੇ ਸਾਹਮਣੇ ਆਏ ਅਤੇ ਕਈ ਕੇਸਾਂ ਵਿੱਚ ਦੋਸ਼ੀਆਂ ਨੂੰ ਮਾਨਸਿਕ ਤੌਰ ’ਤੇ ਅਸਥਿਰ ਦੱਸ ਕੇ ਛੱਡ ਦਿੱਤਾ ਗਿਆ। ਇਸ ਤੋਂ ਇਲਾਵਾ, ਉਨ੍ਹਾਂ ਆਮ ਆਦਮੀ ਪਾਰਟੀ ’ਤੇ ਬੇਅਦਬੀ ਮਾਮਲਿਆਂ ਵਿਚ ਦੋਸ਼ੀ ਠਹਿਰਾਏ ਗਏ। ਵਿਅਕਤੀਆਂ ਨੂੰ ਰਾਜਨੀਤਿਕ ਸੁਰੱਖਿਆ ਦੇਣ ਦੇ ਦੋਸ਼ ਲਗਾਏ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀਆਂ ਧਾਰਮਿਕ ਸੰਸਥਾਵਾਂ ਵਿੱਚ ਦਖਲਅੰਦਾਜ਼ੀ ਕਰਨ ਦੀ ਗੱਲ ਵੀ ਕਹੀ।