- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਬਰੀ ਸਕੂਲ ਵਿਖੇ ਇਲੈਕਟੋਰਲ ਲਿਟਰੇਸੀ ਕਲੱਬ ਵੱਲੋਂ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਬਰੀ ਵਿਖੇ ਇਲੈਕਟੋਰਲ ਲਿਟਰੇਸੀ ਕਲੱਬ ਵੱਲੋਂ ਵਿਦਿਆਰਥੀਆਂ ਨੂੰ ਭਾਰਤੀ ਲੋਕਤੰਤਰ, ਸੰਵਿਧਾਨਕ ਅਧਿਕਾਰਾਂ ਅਤੇ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਣਾਲੀ ਵਿੱਚ ਆਪਣੀ ਭੂਮਿਕਾ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਮਨਦੀਪ ਸਿੰਘ ਚੀਮਾ ਨੇ ਕਿਹਾ ਕਿ ਲੋਕਤੰਤਰ ਦੀ ਅਸਲ ਤਾਕਤ ਜਾਗਰੂਕ ਅਤੇ ਜ਼ਿੰਮੇਵਾਰ ਨਾਗਰਿਕਾਂ ਵਿੱਚ ਹੁੰਦੀ ਹੈ। ਵੋਟ ਸਿਰਫ਼ ਇੱਕ ਅਧਿਕਾਰ ਨਹੀਂ, ਸਗੋਂ ਦੇਸ਼ ਦੇ ਭਵਿੱਖ ਦੀ ਦਿਸ਼ਾ ਤੈਅ ਕਰਨ ਵਾਲੀ ਅਹਿਮ ਸ਼ਕਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਦੀ ਸਮਝ ਦੇਣਾ ਸਮੇਂ ਦੀ ਵੱਡੀ ਲੋੜ ਹੈ ਤਾਂ ਜੋ ਉਹ ਭਵਿੱਖ ਵਿੱਚ ਸੁਚੇਤ ਅਤੇ ਜ਼ਿੰਮੇਵਾਰ ਵੋਟਰ ਬਣ ਸਕਣ। ਮਾਸਟਰ ਅਕਸ਼ੈ ਕੁਮਾਰ ਖਨੌਰੀ ਨੇ ਭਾਰਤੀ ਸੰਵਿਧਾਨ ਦੇ ਇਤਿਹਾਸ, ਨਿਰਮਾਣ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਲੋਕਤੰਤਰ ਦੀ ਆਤਮਾ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦਾ ਮਜ਼ਬੂਤ ਆਧਾਰ ਹੈ। ਉਨ੍ਹਾਂ ਸੰਵਿਧਾਨ ਵਿੱਚ ਦਰਜ ਮੌਲਿਕ ਅਧਿਕਾਰਾਂ, ਸਮਾਨਤਾ, ਆਜ਼ਾਦੀ ਅਤੇ ਨਿਆਂ ਦੇ ਸਿਧਾਂਤਾਂ ਬਾਰੇ ਚਾਨਣਾ ਪਾਇਆ।
ਇਸ ਮੌਕੇ ਲੈਕਚਰਾਰ ਨਰਿੰਦਰਪਾਲ ਸਿੰਘ ਨੇ ਇਲੈਕਟੋਰਲ ਲਿਟਰੇਸੀ ਕਲੱਬ ਦੀ ਸਥਾਪਨਾ, ਉਦੇਸ਼ਾਂ ਅਤੇ ਸਰਗਰਮੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅਜਿਹੇ ਕਲੱਬਾਂ ਦਾ ਮੁੱਖ ਮਕਸਦ ਵਿਦਿਆਰਥੀਆਂ ਵਿੱਚ ਚੋਣ ਪ੍ਰਕਿਰਿਆ, ਵੋਟਰ ਰਜਿਸਟ੍ਰੇਸ਼ਨ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਸੁਨੀਤਾ ਰਾਣੀ ਨੇ ਸੈਮੀਨਾਰ ਵਿੱਚ ਸ਼ਾਮਲ ਬੁਲਾਰਿਆਂ ਅਤੇ ਸਮੂਹ ਸਟਾਫ਼ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਸਮਾਜਿਕ ਅਤੇ ਨਾਗਰਿਕ ਜ਼ਿੰਮੇਵਾਰੀਆਂ ਦੀ ਸਮਝ ਵੀ ਪ੍ਰਦਾਨ ਕਰਦੇ ਹਨ।