17 ਨੂੰ ਸਿੱਖਿਆ ਭਵਨ ਦੇ ਘਿਰਾਓ ਦੇ ਨਾਲ ਹੋਵੇਗਾ ਗੁਪਤ ਐਕਸ਼ਨ : ਪਿਸ਼ੌਰ
17 ਨੂੰ ਸਿੱਖਿਆ ਭਵਨ ਦੇ ਘਿਰਾਓ ਦੇ ਨਾਲ ਹੋਵੇਗਾ ਗੁਪਤ ਐਕਸ਼ਨ : ਪਿਸ਼ੌਰ
Publish Date: Fri, 13 Feb 2026 05:14 PM (IST)
Updated Date: Sat, 14 Feb 2026 04:06 AM (IST)

ਮਾਮਲਾ ਮੁਲਾਜ਼ਮਾਂ ਦੀਆ ਤਨਖਾਹਾਂ ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ਦੇ ਹੁਕਮਾਂ ਦਾ ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਿੱਖਿਆ ਸਕੱਤਰ ਐਨੇ ਪਾਵਰਫੁਲ ਹੋ ਗਏ ਹਨ, ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਤੇ ਸਿੱਖਿਆ ਮੰਤਰੀ ਹਰਜ਼ੋਤ ਬੈਂਸ ਵੱਲੋਂ ਦਿੱਤੇ ਆਦੇਸ਼ਾਂ ਨੂੰ ਦਰਕਿਨਾਰ ਕਰਕੇ 20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਆਪਣੀਆ ਸੇਵਾਵਾਂ ਦੇ ਰਹੇ ਦਫ਼ਤਰੀ ਕਰਮਚਾਰੀਆ ਦੀਆਂ ਤਨਖਾਹਾਂ ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ਤੇ ਬਜਿੱਦ ਹੋ ਗਏ ਹਨ ਅਤੇ ਸਕੱਤਰ ਸਕੂਲ ਸਿੱਖਿਆ ਵੱਲੋਂ ਇਹ ਹੁਕਮ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਚਾੜ੍ਹ ਦਿੱਤੇ ਹਨ। ਇਹ ਵਿਚਾਰ ਸਰਬ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਓਂਕਾਰ ਸਿੰਘ ਅਤੇ ਗੁਰਪ੍ਰੀਤ ਸਿੰਘ ਪਿਸ਼ੌਰ ਨੇ ਬਲਾਕ ਲਹਿਰਾ ਖੇਡ ਅਫਸਰ ਰਮਾਂ ਰਾਣੀ ਨੂੰ ਮੰਗ ਪੱਤਰ ਦੇਣ ਉਪਰੰਤ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਅਜਿਹਾ ਫੈਸਲਾ ਆਉਣ ਨਾਲ ਸਿੱਖਿਆ ਵਿਭਾਗ ਦੇ ਤਕਰੀਬਨ 1000 ਪਰਿਵਾਰਾਂ ਵਿਚ ਰੋਸ ਤੇ ਨਿਰਾਸ਼ਾ ਫੈਲ ਗਈ ਹੈ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ 8 ਸਤੰਬਰ 2025 ਦੀ ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਕਈ ਵਾਰ ਅਧਿਕਾਰੀਆ ਨੂੰ ਤਨਖਾਹਾਂ ਨਾਂ ਘਟਾਉਣ ਅਤੇ ਠੋਸ ਫੈਸਲਾ ਲੈਣ ਦੀ ਹਦਾਇਤ ਕੀਤੀ ਪ੍ਰੰਤੂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਅਣਗੌਲਿਆ ਕੀਤਾ ਗਿਆ। ਹੁਣ ਆਗੂਆਂ ਨੇ ਐਲਾਨ ਕੀਤਾ ਕਿ ਸਰਕਾਰ ਦੇ ਇਸ ਫੈਸਲੇ ਵਿਰੁੱਧ ਦਫਤਰੀ ਕਰਮਚਾਰੀ 17 ਫਰਵਰੀ ਨੂੰ ਸਮੂਹਿਕ ਛੁੱਟੀ ਲੈ ਕੇ ਸਿੱਖਿਆ ਭਵਨ ਦਾ ਘਿਰਾੳ ਕਰਨਗੇ ਅਤੇ ਨਾਲ ਹੀ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆ ਮੰਗਾਂ ਵੱਲ ਮੌਕੇ ਤੇ ਕੋਈ ਠੋਸ ਕਾਰਵਾਈ ਨਾਂ ਕੀਤੀ ਤਾਂ ਮੁਲਾਜ਼ਮ ਗੁਪਤ ਐਕਸ਼ਨ ਕਰਨ ਨੂੰ ਮਜ਼ਬੂਰ ਹੋਣਗੇ। ਜੇਕਰ ਫਿਰ ਵੀ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਕੱਟ ਲਾਉਣ ਦੇ ਹੁਕਮਾਂ ਨੂੰ ਨਾ ਰੋਕਿਆ ਤਾਂ ਮੰਤਰੀਆ ਦੇ ਘਰਾਂ ਦੇ ਬਾਹਰ ਵੀ ਗੁਪਤ ਐਕਸ਼ਨ ਕੀਤੇ ਜਾਣਗੇ।