ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਸੈਮੀਨਾਰ
ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ
Publish Date: Fri, 20 Mar 2026 05:49 PM (IST)
Updated Date: Fri, 20 Mar 2026 05:52 PM (IST)

ਪੱਤਰ ਪ੍ਰੇਕਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਜੀਵ ਵਿਗਿਆਨ ਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਮੱਛੀ ਪਾਲਣ ਦੇ ਖੇਤਰ ਵਿਚ ਨਵੀਆਂ ਪਹਿਲਕਦਮੀਆਂ ਵਿਸ਼ੇ ਤੇ ਹੋਏ ਇਸ ਸੈਮੀਨਾਰ ਦੇ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ, ਪਰ ਹੁਣ ਸਾਨੂੰ ਰਵਾਇਤੀ ਫ਼ਸਲੀ ਚੱਕਰ ’ਚੋਂ ਨਿਕਲ ਕੇ ਖੇਤੀ ਵਿਭਿੰਨਤਾ ਵਾਲੇ ਖੇਤਰਾਂ ਅਪਣਾਉਣ ਦੀ ਲੋੜ ਹੈ। ਮੱਛੀ ਪਾਲਣ ਇਸ ਲਈ ਸਭ ਤੋਂ ਵਧੀਆ ਵਿਕਲਪ ਹੈ। ਸਮਾਪਤੀ ਸਮਾਰੋਹ ਵਿਚ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਤੇ ਪ੍ਰਸਿੱਧ ਖੇਤੀਬਾੜੀ ਅਰਥਸ਼ਾਸਤਰੀ ਡਾ. ਸੁਖਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨਵੀਂ ਖੇਤੀਬਾੜੀ ਨੀਤੀ ਵਿਚ ਮੱਛੀ ਪਾਲਣ ਨੂੰ ਵਿਸ਼ੇਸ਼ ਮਹੱਤਵ ਦਿੱਤਾ ਗਿਆ ਹੈ। ਉਨ੍ਹਾਂ ਮਾਲਵਾ ਖੇਤਰ ਦੇ ਸੇਮ ਪ੍ਰਭਾਵਿਤ ਇਲਾਕਿਆਂ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ। ਵਿਸ਼ੇਸ਼ ਮਹਿਮਾਨ ਸ਼੍ਰੀ ਕਰਮਜੀਤ ਸਿੰਘ (ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ, ਪੰਜਾਬ) ਨੇ ਦੱਸਿਆ ਕਿ ਵਿਭਾਗ ਦੇ ਯਤਨਾਂ ਸਦਕਾ ਪੰਜਾਬ ਵਿੱਚ 42,031 ਏਕੜ ਰਕਬਾ ਮੱਛੀ ਪਾਲਣ ਹੇਠ ਲਿਆਂਦਾ ਗਿਆ ਹੈ, ਜੋ ਕਿ ਇਕ ਵੱਡੀ ਪ੍ਰਾਪਤੀ ਹੈ। ਸੈਮੀਨਾਰ ਦੇ ਕਨਵੀਨਰ ਡਾ. ਉਂਕਾਰ ਸਿੰਘ ਬੜੈਚ ਨੇ ਵਿਸ਼ੇ ਦੀ ਜਾਣ-ਪਛਾਣ ਕਰਵਾਉਂਦਿਆਂ ਕਿਹਾ ਕਿ ਮੱਛੀ ਪਾਲਣ ਇੱਕ ਬਹੁਤ ਹੀ ਲਾਹੇਵੰਦ ਧੰਦਾ ਹੈ। ਵੱਖ-ਵੱਖ ਅਕਾਦਮਿਕ ਸੈਸ਼ਨਾਂ ਦੌਰਾਨ ਸ਼ਾਮਲ ਹੋਏ ਮਾਹਿਰਾਂ ਵਿਚ ਡਾ. ਸੂਰਿਆ ਨਰਾਇਣ ਦੱਤਾ ਨੇ ਮੱਛੀ ਪਾਲਣ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਡਾ. ਅਮਿਤ ਮੰਡਲ ਨੇ ਆਰਏਐੱਸ ਤੇ ਬਾਇਓਫਲੋਕ ਤਕਨੀਕਾਂ ਦੀਆਂ ਬਾਰੀਕੀਆਂ ਸਮਝਾਈਆਂ। ਡਾ. ਮੁਕੇਸ਼ ਕੁਮਾਰ ਬੈਰਵਾ ਨੇ ਸਜਾਵਟੀ ਮੱਛੀਆਂ ਦੇ ਪਾਲਣ ਬਾਰੇ ਦੱਸਿਆ। ਡਾ. ਬਿਸ਼ਵਜੀਤ ਕੁਮਾਰ ਦਾਸ਼ ਨੇ ਪੰਜਾਬ ਵਿਚ ਕੈਟ-ਫਿਸ਼ ਦੇ ਪਾਲਣ ਦੀਆਂ ਸੰਭਾਵਨਾਵਾਂ ਤੇ ਚਰਚਾ ਕੀਤੀ। ਇਸ ਮੌਕੇ ਪਹਿਲਾ ਪਾਣੀ ਜੀਉ ਹੈ ਨਾਮਕ ਪੁਸਤਕ ਵੀ ਲੋਕ ਅਰਪਣ ਕੀਤੀ ਗਈ। ਅੰਤ ਵਿਚ ਡਾ. ਮਧੂ ਬਾਲਾ ਨੇ ਸਭ ਦਾ ਧੰਨਵਾਦ ਕੀਤਾ। ਇਸ ਸੈਮੀਨਾਰ ਵਿੱਚ ਮੱਛੀ ਪਾਲਕਾਂ, ਅਧਿਆਪਕਾਂ, ਖੋਜਾਰਥੀਆਂ, ਸਰਕਾਰੀ ਅਧਿਕਾਰੀਆਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।