ਸਰਕਾਰ ਏ ਖ਼ਾਲਸਾ: ਇੱਕ ਪੁਨਰ ਚਿੰਤਨ ਵਿਸ਼ੇ ’ਤੇ ਕਰਵਾਇਆ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ

ਹਰਜੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਬਹਾਦਰਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧ ਅਧੀਨ ਡਾਇਰੈਕਟਰੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੀ ਯੋਗ ਅਗਵਾਈ ’ਚ ਸਿੱਖਿਆ ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਹੇਠ ‘ਸਰਕਾਰ ਏਖ਼ਾਲਸਾ: ਇੱਕ ਪੁਨਰ ਚਿੰਤਨ’ ਵਿਸ਼ੇ ਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਵਿਖੇ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿਚ ਵੱਖ—ਵੱਖ ਯੂਨੀਵਰਸਿਟੀਆਂ ਤੋਂ ਵਿਦਵਾਨਾਂ, ਖੋਜ ਕਰਤਿਆਂ, ਪ੍ਰੋਫੈਸਰ ਸਾਹਿਬਾਨ ਅਤੇ ਵੱਖ—ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਡਾ. ਰਜਿੰਦਰ ਕੌਰ, ਪ੍ਰਿੰਸੀਪਲ, ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ, ਝਾੜ ਸਾਹਿਬ, ਲੁਧਿਆਣਾ ਨੇ ਸਵਾਗਤੀ ਭਾਸ਼ਣ ਦਿੱਤਾ ਅਤੇ ਮੰਚ ਸੰਚਾਲਨ ਵੀ ਕੀਤਾ। ਇਸ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿਸਟਰੀ ਵਿਭਾਗ ਦੇ ਰਿਟਾ. ਪ੍ਰੋ. ਸੁਲੱਖਣ ਸਿੰਘ ਨੇ ਆਪਣੇ ਕੁੰਜੀਵਤ ਭਾਸ਼ਣ ਵਿੱਚ ਕਿਹਾ ਕਿ ਇਸ ਸੈਮੀਨਾਰ ਦਾ ਵਿਸ਼ਾ ਸਿਰਫ ਇਤਿਹਾਸਕ ਅਧਿਐਨ ਤੱਕ ਸੀਮਿਤ ਨਹੀਂ, ਸਗੋਂ ਸਾਡੇ ਸਮਾਜਿਕ, ਰਾਜਨੀਤਿਕ ਅਤੇ ਨੈਤਿਕ ਮੁੱਲ੍ਹਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਸਮੁੱਚੀ ਸ਼ਖ਼ਸੀਅਤ ਨੂੰ ਸਮਝਣ ਲਈ ਪਾਠਕਾਂ, ਸਰੋਤਿਆਂ ਅਤੇ ਆਪ ਵਿਅਕਤੀ ਨੂੰ ਜਾਣਕਾਰੀ ਹੋਣੀ ਜ਼ਰੂਰੀ ਹੈ। ਉਦਘਾਟਨੀ ਸਮਾਰੋਹ ਦੀ ਸਮਾਪਤੀ ਮੌਕੇ ਸਿੱਖਿਆ ਸਕੱਤਰ ਸੁਖਮਿੰਦਰ ਸਿੰਘ ਵੱਲੋਂ ਪੁੱਜੀਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਡਾ. ਪਰਮਜੀਤ ਕੌਰ, ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਅਤੇ ਡਾ. ਦਵਿੰਦਰ ਸਿੰਘ, ਖਾਲਸਾ ਕਾਲਜ, ਪਟਿਆਲਾ ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ। ਸੈਮੀਨਾਰ ਦੇ ਵਿਸ਼ੇਸ਼ ਭਾਸ਼ਣ ਵਿੱਚ ਪ੍ਰੋ. ਮੁਹੰਮਦ ਇਦਰੀਸ, ਪ੍ਰੋ. ਹਿਸਟਰੀ ਵਿਭਾਗ ਅਤੇ ਇੰਚਾਰਜ, ਸ਼ਹੀਦ ਊਧਮ ਸਿੰਘ ਚੇਅਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਕਿਹਾ ਕਿ ਸਰਕਾਰ ਏ ਖ਼ਾਲਸਾ ਦੀ ਨੀਂਹ ਸਚਾਈ, ਨਿਆਂ, ਨਿਰਭਉਤਾ ਅਤੇ ਸੇਵਾ ਦੇ ਅਸੂਲਾਂ ’ਤੇ ਟਿੱਕੀ ਸੀ। ਇਸ ਮੌਕੇ ਚਾਰ ਟੈਕਨੀਕਲ ਸੈਸ਼ਨ ਕੀਤੇ ਗਏ, ਜਿਨ੍ਹਾਂ ਵਿਚ ਚੇਅਰਪਰਸਨ ਵੱਜੋਂ ਡਾ. ਜਸਬੀਰ ਸਿੰਘ, ਡਾ. ਸੰਦੀਪ ਕੌਰ, ਡਾ. ਜਗਜੀਵਨ ਸਿੰਘ ਨੇ ਸ਼ਮੂਲੀਅਤ ਕੀਤੀ। ਡਾ. ਬਲਜੀਤ ਸਿੰਘ ਵਿਰਕ, ਡਾ. ਪਰਨੀਤ ਕੌਰ ਢਿੱਲੋਂ ਅਤੇ ਡਾ. ਰਾਕੇਸ਼ ਬਾਵਾ ਨੇ ਵਿਸ਼ੇਸ਼ ਬੁਲਾਰਿਆਂ ਵੱਜੋਂ ਵਿਸ਼ੇਸ਼ ਭੂਮਿਕਾ ਨਿਭਾਈ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਗੁਰਮੀਤ ਸਿੰਘ ਬੂਹ, ਮੈਂਬਰ, ਇੰਚਾਰਜ ਵਿੱਦਿਆ (ਸਕੂਲ), ਰਘਬੀਰ ਸਿੰਘ ਸਹਾਰਨਮਾਜਰਾ, ਮੈਂਬਰ, ਜਥੇਦਾਰ ਜਸਮੇਰ ਸਿੰਘ ਲਾਛੜ ਆਦਿ ਵੀ ਮੌਜੂਦ ਸਨ।