ਵਿਧਾਨ ਸਭਾ ਦਾ ਘਿਰਾਓ ਕਰਨ ਸਮੇਂ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਸਣੇ ਕਈ ਆਗੂ ਗ੍ਰਿਫ਼ਤਾਰ
ਕਾਂਗਰਸੀ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਜਦੋਂ ਪੰਜਾਬ ਵਿਧਾਨ ਸਭਾ ਵੱਲ ਵਧਣ ਦੀ ਕੋਸ਼ਿਸ਼ ਕੀਤੀ, ਤਾਂ ਪੁਲਿਸ ਨੇ ਭਾਰੀ ਬੈਰੀਕੇਡਿੰਗ ਕਰਕੇ ਉਨ੍ਹਾਂ ਨੂੰ ਰੋਕ ਲਿਆ। ਇਸ ਮੌਕੇ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਿੱਖੀ ਨੋਕ-ਝੋਕ ਵੀ ਹੋਈ। ਮਾਹੌਲ ਤਣਾਅਪੂਰਨ ਹੁੰਦਾ ਦੇਖ ਪੁਲਿਸ ਨੇ ਹਰਦਿਆਲ ਸਿੰਘ ਕੰਬੋਜ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਸਥਾਨਕ ਥਾਣੇ ਲਿਜਾਇਆ ਗਿਆ।
Publish Date: Sat, 07 Mar 2026 09:34 AM (IST)
Updated Date: Sat, 07 Mar 2026 09:36 AM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ ਰਾਜਪੁਰਾ: ਪੰਜਾਬ ਕਾਂਗਰਸ ਦੇ ਸੈਂਕੜੇ ਵਰਕਰਾਂ ਨੇ ਸੂਬਾ ਸਰਕਾਰ ਦੀਆਂ ‘ਲੋਕ ਵਿਰੋਧੀ’ ਨੀਤੀਆਂ ਵਿਰੁੱਧ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੌਰਾਨ ਰਾਜਪੁਰਾ ਤੋਂ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਹਰਦਿਆਲ ਸਿੰਘ ਕੰਬੋਜ ਵਿਸ਼ੇਸ਼ ਤੌਰ 'ਤੇ ਪਹੁੰਚੇ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਵੱਲੋਂ ਕੀਤੀ ਸਖ਼ਤੀ ਦੇ ਚਲਦਿਆਂ ਹਰਦਿਆਲ ਸਿੰਘ ਕੰਬੋਜ ਅਤੇ ਉਨ੍ਹਾਂ ਦੇ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਕਾਂਗਰਸੀ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਜਦੋਂ ਪੰਜਾਬ ਵਿਧਾਨ ਸਭਾ ਵੱਲ ਵਧਣ ਦੀ ਕੋਸ਼ਿਸ਼ ਕੀਤੀ, ਤਾਂ ਪੁਲਿਸ ਨੇ ਭਾਰੀ ਬੈਰੀਕੇਡਿੰਗ ਕਰਕੇ ਉਨ੍ਹਾਂ ਨੂੰ ਰੋਕ ਲਿਆ। ਇਸ ਮੌਕੇ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਿੱਖੀ ਨੋਕ-ਝੋਕ ਵੀ ਹੋਈ। ਮਾਹੌਲ ਤਣਾਅਪੂਰਨ ਹੁੰਦਾ ਦੇਖ ਪੁਲਿਸ ਨੇ ਹਰਦਿਆਲ ਸਿੰਘ ਕੰਬੋਜ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਸਥਾਨਕ ਥਾਣੇ ਲਿਜਾਇਆ ਗਿਆ।
ਸਰਕਾਰ ਹਰ ਫਰੰਟ 'ਤੇ ਫੇਲ੍ਹ : ਹਰਦਿਆਲ ਕੰਬੋਜ
ਗ੍ਰਿਫ਼ਤਾਰੀ ਦੇਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਸਿਰਫ਼ ਇਸ਼ਤਿਹਾਰਾਂ ਤੱਕ ਸੀਮਤ ਰਹਿ ਗਈ ਹੈ। ਉਨ੍ਹਾਂ ਕਿਹਾ: "ਅੱਜ ਪੰਜਾਬ ਵਿਚ ਅਮਨ-ਕਾਨੂੰਨ ਦਾ ਜਨਾਜ਼ਾ ਨਿਕਲ ਚੁੱਕਾ ਹੈ, ਨਸ਼ਾ ਘਰ-ਘਰ ਪਹੁੰਚ ਰਿਹਾ ਹੈ ਅਤੇ ਸਰਕਾਰ ਵਿਰੋਧੀ ਆਵਾਜ਼ ਨੂੰ ਦਬਾਉਣ ਲਈ ਪੁਲਿਸ ਦਾ ਸਹਾਰਾ ਲੈ ਰਹੀ ਹੈ। ਸਾਡੀ ਗ੍ਰਿਫ਼ਤਾਰੀ ਸਾਨੂੰ ਜਨਤਾ ਦੀ ਲੜਾਈ ਲੜਨ ਤੋਂ ਨਹੀਂ ਰੋਕ ਸਕਦੀ।" ਉਨ੍ਹਾਂ ਨੇ ਸੂਬੇ ਵਿਚ ਵਧ ਰਹੀਆਂ ਅਪਰਾਧਿਕ ਵਾਰਦਾਤਾਂ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦਿਆਂ ਦੀ ਅਸਫਲਤਾ ਅਤੇ ਸਰਹੱਦੀ ਇਲਾਕਿਆਂ ਵਿਚ ਨਸ਼ੇ ਦੇ ਵਧ ਰਹੇ ਪ੍ਰਕੋਪ ਵਿਰੁੱਧ ਰੋਸ ਪ੍ਰਗਟਾਇਆ। ਕਾਂਗਰਸ ਪਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਸਰਕਾਰ ਨੇ ਆਪਣਾ ਅੜੀਅਲ ਰਵੱਈਆ ਨਾ ਤਿਆਗਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।