- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੇਵਾ ਕੇਂਦਰ ਦੇ ਮੁਲਾਜ਼ਮਾਂ ਦੀ ਹੜਤਾਲ ਸ਼ੁਰੂ- ਲੋਕ ਹੋਏ ਖੱਜਲ ਖੁਆਰ

—4 ਦਸੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ
ਫੋਟੋ 27ਪੀਟੀਐੱਲ-31,33 ਤੇ 34
ਗੁਲਸ਼ਨ ਸ਼ਰਮਾ,•ਪੰਜਾਬੀ ਜਾਗਰਣ•, ਪਟਿਆਲਾ : ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਸੂਬੇ ਦੇ ਸੇਵਾ ਕੇਂਦਰਾਂ ’ਚ ਕੰਮ ਕਰਦੇ ਮੁਲਾਜ਼ਮਾਂ ਦੇ ਹੱਕ ’ਚ 27 ਨਵੰਬਰ (ਸ਼ੁੱਕਰਵਾਰ) ਤੋਂ ਸ਼ੁਰੂ ਕੀਤੇ ਰੋਸ ਪ੍ਰਦਰਸ਼ਨਾਂ ਦੀ ਲੜੀ ਤਹਿਤ ਪਟਿਆਲਾ ਦੇ ਮਿੰਨੀ ਸਕੱਤਰੇਤ ਵਿਖੇ ਸਥਿਤ ਸੇਵਾ ਕੇਂਦਰ ਦੇ ਸਮੂਹ ਮੁਲਾਜ਼ਮਾਂ ਨੇ ਸੇਵਾ ਕੇਂਦਰ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਐਲਾਨ ਕੀਤਾ ਕਿ ਰੋਸ ਧਰਨਾ ਲਗਾਤਾਰ ਜਾਰੀ ਰਹੇਗਾ ਤੇ 4 ਦਸੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਨੇ ਆਖਿਆ ਕਿ ਸੇਵਾ ਕੇਂਦਰ ਦੇ ਮੁਲਾਜ਼ਮ ਆਪਣੀਆਂ ਮੰਗਾਂ ਦੀ ਪੂਰਤੀ ਲਈ ਕਾਫੀ ਲੰਬੇ ਸਮੇਂ ਤੋਂ ਰੋਸ ਪ੍ਰਦਰਸ਼ਨਾਂ ਰਾਹੀਂ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਦੀ ਧੱਕੇਸ਼ਾਹੀ ਅਤੇ ਕੰਪਨੀ ਦੀ ਮਨਮਰਜ਼ੀ ਕਾਰਨ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿੰਨੀ ਸਕੱਤਰੇਤ ਵਿਖੇ ਸੇਵਾ ਕੇਂਦਰ ਅੱਗੇ ਪੰਜਾਬ ਸਰਕਾਰ/ਕੰਪਨੀ ਖ਼ਿਲਾਫ਼ ਦਿੱਤਾ ਜਾ ਰਿਹਾ ਇਹ ਰੋਸ ਧਰਨਾ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਆਖਿਆ ਕਿ 4 ਦਸੰਬਰ ਦੇ ਸੰਗਰੂਰ ਵਿਖੇ ਹੋਣ ਵਾਲੇ ਰੋਸ ਮੁਜ਼ਾਹਰੇ ਰਾਹੀਂ ਮੂੰਹ ਤੋੜ ਜਵਾਬ ਦੇ ਕੇ ਸੰਗਰੂਰ ਰੈਲੀ ਨੂੰ ਸਫਲ ਬਣਾਉਣ ਲਈ ਬਜਿੱਦ ਹਨ। ਰੋਸ ਧਰਨੇ ਦੌਰਾਨ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਕੰਪਨੀ ਖਿ਼ਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਧਰਨੇ ਕਾਰਨ ਸੇਵਾ ਕੇਂਦਰ ਵਿਖੇ ਆਪਣੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਖੱਜਲ—ਖੁਆਰੀ ਝੱਲਣੀ ਪਈ। ਇਸ ਮੌਕੇ ਪਿੰਡ ਰਿਵਾਸ ਬ੍ਰਾਹਮਣਾ ਦੀ ਵਸਨੀਕ ਸੁਮਨ ਰਾਣੀ ਨੇ ਦੱਸਿਆ ਕਿ ਉਹ ਆਪਣੇ ਲੜਕੇ ਦੇ ਨਾਮ ਬਿਜਲੀ ਕੁਨੈਕਸ਼ਨ ਲਗਾਉਣ ਸਬੰਧੀ ਨਾ ਇਤਰਾਜ ਹੋਣ (ਐਨਓਸੀ) ਬਾਰੇ ਹਲਫੀਆ ਬਿਆਨ ਤਿਆਰ ਕਰਵਾਉਣ ਉਪਰੰਤ ਜਦੋਂ ਸੇਵਾ ਕੇਂਦਰ ਵਿਖੇ ਤਸਦੀਕ ਕਰਵਾਉਣ ਲਈ ਗਈ, ਜਿੱਥੇ ਹੜਤਾਲ ਹੋਣ ਕਾਰਨ ਉਸ ਨੂੰ ਵਾਪਸ ਮੁੜਨਾ ਪਿਆ ਹੈ।