
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਗੁਰਦੁਆਰਾ ਕਰਹਾਲੀ ਸਾਹਿਬ, ਗੁਰਦੁਆਰਾ ਬਹਾਦਰਗੜ੍ਹ ਸਾਹਿਬ ਤੇ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਨਾਭਾ ਵਿਖੇ ਅਰਦਾਸ ਸਮਾਗਮ ਕਰਵਾਏ ਗਏ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ। ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਮੂਲੀਅਤ ਕੀਤੀ। ਜਥੇਦਾਰ ਗੜ੍ਹਗੱਜ ਨੇ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨੂੰ ਰਿਹਾਅ ਨਾ ਕਰਨਾ ਬੇਇਨਸਾਫੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਗਲਤ ਨਜ਼ਰੀਏ ਕਾਰਨ ਬੰਦੀ ਸਿੰਘਾਂ ਨੂੰ ਨਾ ਪੈਰੋਲ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਰਿਹਾਅ ਕੀਤਾ ਜਾ ਰਿਹਾ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਉਰਾ, ਭਾਈ ਜਗਤਾਰ ਤਾਰਾ ਅਤੇ ਭਾਈ ਗੁਰਦੀਪ ਸਿੰਘ ਖਹਿਰਾ ਸਮੇਤ ਹੋਰ ਬੰਦੀ ਸਿੰਘਾਂ ਦੀ ਰਿਹਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬੰਦੀ ਸਿੰਘਾਂ ਪ੍ਰਤੀ ਬੇਇਨਸਾਫੀ ਜਾਰੀ ਰਹੀ ਤਾਂ ਇਸ ਦੇ ਨਤੀਜੇ ਸਰਕਾਰਾਂ ਨੂੰ ਭੁਗਤਣੇ ਪੈਣਗੇ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਸ਼੍ਰੋਮਣੀ ਕਮੇਟੀ ਦੇ ਮੈਂਬਰ, ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।