- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੋੜਾਂ ਗੇਟ ਦੇ ਦੁਕਾਨਦਾਰਾਂ ਨੇ ਵਿਧਾਇਕ ਨੂੰ ਸੁਣਾਏ ਦੁਖੜੇ

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਨਾਭਾ ਦੇ ਬੋੜਾਂ ਗੇਟ ਵਿਖੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਨਗਰ ਕੌਂਸਲ ਵੱਲੋਂ ਲਗਾਏ ਜਾ ਰਹੇ ਡਿਵਾਈਡਰਾਂ ਦਾ ਜਾਇਜ਼ਾ ਲੈਣ ਪਹੁੰਚੇ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਦੁਕਾਨਦਾਰਾਂ ਨੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਦੁਕਾਨਦਾਰਾਂ ਨੇ ਇਲਾਕੇ ਵਿਚ ਕਥਿਤ ਤੌਰ ’ਤੇ ਵਾਰ-ਵਾਰ ਹੋ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ, ਸਫ਼ਾਈ ਅਤੇ ਬੰਦ ਪਈਆਂ ਸਟਰੀਟ ਲਾਈਟਾਂ ਦੀ ਸਮੱਸਿਆ ਦਾ ਮੁੱਦਾ ਉਠਾਇਆ। ਦੁਕਾਨਦਾਰਾਂ ਨੇ ਦੱਸਿਆ ਕਿ ਇਲਾਕੇ ਵਿੱਚ ਸਫ਼ਾਈ ਸੇਵਕ ਦੀ ਨਿਯਮਤ ਤਾਇਨਾਤੀ ਨਾ ਹੋਣ ਕਾਰਨ ਸਫ਼ਾਈ ਦੀ ਸਮੱਸਿਆ ਬਣੀ ਰਹਿੰਦੀ ਹੈ, ਜਦਕਿ ਕਈ ਸਟਰੀਟ ਲਾਈਟਾਂ ਚਾਲੂ ਨਾ ਹੋਣ ਕਾਰਨ ਰਾਤ ਸਮੇਂ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਥਿਤ ਤੌਰ ’ਤੇ ਦੱਸਿਆ ਕਿ ਲੁੱਟ-ਖੋਹ ਦੀਆਂ ਘਟਨਾਵਾਂ ਦੇ ਡਰ ਕਾਰਨ ਗਾਹਕ ਵੀ ਇਲਾਕੇ ਵਿੱਚ ਆਉਣ ਤੋਂ ਕਤਰਾਉਂਦੇ ਹਨ। ਦੁਕਾਨਦਾਰਾਂ ਨੇ ਪ੍ਰਵਾਸੀ ਮਜ਼ਦੂਰਾਂ ਨਾਲ ਕਥਿਤ ਕੁੱਟਮਾਰ ਅਤੇ ਹਥਿਆਰ ਦਿਖਾ ਕੇ ਨਕਦੀ ਤੇ ਮੋਬਾਈਲ ਖੋਹਣ ਦੀਆਂ ਘਟਨਾਵਾਂ ਦਾ ਵੀ ਜ਼ਿਕਰ ਕੀਤਾ। ਵਿਧਾਇਕ ਦੇਵ ਮਾਨ ਨੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣਦਿਆਂ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਨਾਲ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਅਮਰਦੀਪ ਸਿੰਘ ਖੰਨਾ, ਕਸ਼ਮੀਰ ਸਿੰਘ ਲਾਲਕਾ, ਭੁਪੇਸ਼ ਬਾਂਸਲ, ਦੀਪਕ ਇੰਦੋਰਾ, ਸੁਖਦੀਪ ਸਿੰਘ ਖਹਿਰਾ, ਜਸਵੀਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਦੁਕਾਨਦਾਰ ਤੇ ਸ਼ਹਿਰ ਵਾਸੀ ਹਾਜ਼ਰ ਸਨ।