ਇਲੈਕਟੋਰਲ ਰੋਲ ਆਬਜ਼ਰਵਰ ਗੁਰਜਰ ਨੇ ਪਟਿਆਲਾ ’ਚ ਐੱਸਆਈਆਰ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਇਲੈਕਟੋਰਲ ਰੋਲ ਆਬਜ਼ਰਵਰ ਸੁਮੇਰ ਸਿੰਘ ਗੁਰਜਰ ਵੱਲੋਂ ਪਟਿਆਲਾ ‘ਚ ਐਸ.ਆਈ.ਆਰ. ਦੀ ਪ੍ਰਗਤੀ ਦਾ ਜਾਇਜ਼ਾ
Publish Date: Thu, 08 Oct 2026 05:28 PM (IST)
Updated Date: Thu, 08 Oct 2026 05:29 PM (IST)
12 ਅਕਤੂਬਰ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਸੀਨੀਅਰ ਰਿਪੋਰਟਰ, •ਪੰਜਾਬੀ ਜਾਗਰਣ, •ਪਟਿਆਲਾ : ਭਾਰਤੀ ਚੋਣ ਕਮਿਸ਼ਨ ਵੱਲੋਂ ਡਵੀਜ਼ਨਲ ਕਮਿਸ਼ਨਰ ਪਟਿਆਲਾ ਵਿਨੈ ਬੁਬਲਾਨੀ ਦੀ ਛੁੱਟੀ ਦੌਰਾਨ ਪਟਿਆਲਾ ਜ਼ਿਲ੍ਹੇ ਲਈ ਇਲੈਕਟੋਰਲ ਰੋਲ ਆਬਜ਼ਰਵਰ ਨਿਯੁਕਤ ਕੀਤੇ ਗਏ ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਅਤੇ ਜ਼ਿਲ੍ਹੇ ਦੇ ਸਾਰੇ ਅੱਠ ਵਿਧਾਨ ਸਭਾ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼) ਨਾਲ ਬੈਠਕ ਕਰਕੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸਆਈਆਰ) ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਵੀ ਮੌਜੂਦ ਸਨ। ਬੈਠਕ ਦੌਰਾਨ ਗੁਰਜਰ ਨੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਪਟਿਆਲਾ ਜ਼ਿਲ੍ਹੇ ਦੀਆਂ ਅੰਤਿਮ ਵੋਟਰ ਸੂਚੀਆਂ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਸੁਮੇਰ ਸਿੰਘ ਗੁਰਜਰ ਨੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਲਈ ਨਿਰਧਾਰਤ ਸਮਾਂ-ਸਾਰਣੀ ਦੀ ਪਾਲਣਾ ਯਕੀਨੀ ਬਣਾਉਣ ਅਤੇ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਕੋਈ ਵੀ ਯੋਗ ਵੋਟਰ ਅਤੇ ਖਾਸ ਕਰਕੇ ਨੌਜਵਾਨ ਵੋਟਰ, ਵੋਟ ਬਣਨ ਦੇ ਅਧਿਕਾਰ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਅਤੇ ਨਾ ਹੀ ਕਿਸੇ ਅਣਅਧਿਕਾਰਤ ਵਿਅਕਤੀ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ। ਇਸ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਮੇਰ ਗੁਰਜਰ ਨੂੰ ਦੱਸਿਆ ਗਿਆ ਕਿ ਸਾਰੇ ਅੱਠ ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਦੀਆਂ ਪੀ.ਡੀ.ਐੱਫ਼. ਫਾਈਲਾਂ ਡਾਊਨਲੋਡ ਕਰਨ ਅਤੇ ਛਪਾਈ ਲਈ ਭੇਜਣ ਦੀ ਪ੍ਰਕਿਰਿਆ ਜਾਰੀ ਹੈ। ਅੰਤਿਮ ਪ੍ਰਕਾਸ਼ਨਾ ਉਪਰੰਤ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫੋਟੋ ਸਮੇਤ ਵੋਟਰ ਸੂਚੀਆਂ ਦੇ ਪੂਰੇ ਸੈੱਟ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਪੋਲਿੰਗ ਸਟੇਸ਼ਨਾਂ, ਈ.ਆਰ.ਓ. ਦਫ਼ਤਰਾਂ, ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਅਤੇ ਮੁੱਖ ਚੋਣ ਅਫ਼ਸਰ ਦੀ ਵੈੱਬਸਾਈਟ ’ਤੇ ਵੋਟਰ ਸੂਚੀਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਵੀ ਪ੍ਰਬੰਧ ਕੀਤੇ ਗਏ ਹਨ। ਬੈਠਕ ਵਿੱਚ ਵੋਟਰ ਸੂਚੀਆਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ, ਅੰਕੜਿਆਂ ਦੇ ਵਿਸ਼ਲੇਸ਼ਣ ਅਤੇ ਨਵੇਂ ਦਰਜ ਹੋਏ ਵੋਟਰਾਂ ਦੇ ਐਪਿਕ ਕਾਰਡਾਂ ਦੀ ਛਪਾਈ ਤੇ ਵੰਡ ਸਬੰਧੀ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਾਪਤ ਸ਼ਿਕਾਇਤਾਂ ਦੀ ਜਾਂਚ ਕਰਕੇ ਲੋੜੀਂਦੀ ਕਾਰਵਾਈ ਕੀਤੀ ਗਈ ਹੈ ਅਤੇ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਯਕੀਨੀ ਬਣਾਈ ਜਾਵੇਗੀ।