ਪੇਪਰ ਘੁਟਾਲਿਆਂ ਤੇ ਵਿੱਤੀ ਸੰਕਟ ਖ਼ਿਲਾਫ਼ SOI ਦਾ ਐਲਾਨ: ਸਰਕਾਰ ਵਿਰੁੱਧ ਵਜਾਇਆ ਸੰਘਰਸ਼ ਦਾ ਬਿਗੁਲ
ਮੀਟਿੰਗ ਦੌਰਾਨ ਕਥਿਤ ਪੇਪਰ ਘੁਟਾਲਿਆਂ ਅਤੇ ਪੇਪਰ ਲੀਕ ਦੇ ਮਾਮਲਿਆਂ, ਨੌਜਵਾਨਾਂ ਦੇ ਭਵਿੱਖ ਨਾਲ ਹੋ ਰਹੇ ਖਿਲਵਾੜ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿੱਤੀ ਸੰਕਟ ਅਤੇ ਪੰਜਾਬ ’ਚ ਸਿੱਖਿਆ ਦੇ ਡਿੱਗ ਰਹੇ ਮਿਆਰ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
Publish Date: Mon, 03 Aug 2026 12:56 PM (IST)
Updated Date: Mon, 03 Aug 2026 01:12 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ ਇੰਡੀਆ (ਐੱਸਓਆਈ) ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਐੱਸਓਆਈ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਐੱਸਓਆਈ ਦੇ ਕੌਮੀ ਪ੍ਰਧਾਨ ਰਣਬੀਰ ਸਿੰਘ ਢਿੱਲੋਂ, ਸਕੱਤਰ ਜਨਰਲ ਪੰਜਾਬ ਮਨਵਿੰਦਰ ਸਿੰਘ ਵੜੈਚ, ਸੋਈ ਮਾਲਵਾ ਜ਼ੋਨ ਤਿੰਨ ਦੇ ਪ੍ਰਧਾਨ ਕੁਲਦੀਪ ਸਿੰਘ ਝਿੰਜਰ ਸਮੇਤ ਐੱਸਓਆਈ ਦੇ ਵੱਖ-ਵੱਖ ਆਗੂ ਅਤੇ ਵਰਕਰ ਹਾਜ਼ਰ ਰਹੇ।
ਮੀਟਿੰਗ ਦੌਰਾਨ ਕਥਿਤ ਪੇਪਰ ਘੁਟਾਲਿਆਂ ਅਤੇ ਪੇਪਰ ਲੀਕ ਦੇ ਮਾਮਲਿਆਂ, ਨੌਜਵਾਨਾਂ ਦੇ ਭਵਿੱਖ ਨਾਲ ਹੋ ਰਹੇ ਖਿਲਵਾੜ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿੱਤੀ ਸੰਕਟ ਅਤੇ ਪੰਜਾਬ ’ਚ ਸਿੱਖਿਆ ਦੇ ਡਿੱਗ ਰਹੇ ਮਿਆਰ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਐੱਸਓਆਈ ਆਗੂਆਂ ਨੇ ਕਿਹਾ ਕਿ ਪੇਪਰ ਲੀਕ ਸਿਰਫ਼ ਇੱਕ ਪ੍ਰੀਖਿਆ ਨਾਲ ਜੁੜਿਆ ਮਾਮਲਾ ਨਹੀਂ, ਸਗੋਂ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਅਤੇ ਉਨ੍ਹਾਂ ਦੀ ਮਿਹਨਤ ਨਾਲ ਜੁੜਿਆ ਗੰਭੀਰ ਮੁੱਦਾ ਹੈ। ਇਸ ਲਈ ਪੇਪਰ ਲੀਕ ਮਾਮਲਿਆਂ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਉਣ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਭਵਿੱਖ ’ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪਾਰਦਰਸ਼ੀ ਅਤੇ ਮਜ਼ਬੂਤ ਪ੍ਰੀਖਿਆ ਪ੍ਰਣਾਲੀ ਬਣਾਉਣ ਦੀ ਲੋੜ ਹੈ।
ਮੀਟਿੰਗ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿੱਤੀ ਸੰਕਟ ਨੂੰ ਲੈ ਕੇ ਵੀ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸਿਰਫ਼ ਇੱਕ ਸਿੱਖਿਆ ਸੰਸਥਾ ਨਹੀਂ, ਸਗੋਂ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਖੋਜ ਦਾ ਇੱਕ ਮਹੱਤਵਪੂਰਨ ਕੇਂਦਰ ਹੈ। ਯੂਨੀਵਰਸਿਟੀ ਦੀ ਵਿੱਤੀ ਸਥਿਤੀ ਨੂੰ ਮਜ਼ਬੂਤ ਕਰਨਾ ਅਤੇ ਇਸ ਨੂੰ ਲੋੜੀਂਦੇ ਸਰੋਤ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਵਿੱਤੀ ਘਾਟ ਕਾਰਨ ਜੇਕਰ ਯੂਨੀਵਰਸਿਟੀ ਦੇ ਅਕਾਦਮਿਕ ਅਤੇ ਪ੍ਰਸ਼ਾਸਕੀ ਕੰਮ ਪ੍ਰਭਾਵਿਤ ਹੁੰਦੇ ਹਨ ਤਾਂ ਇਸ ਦਾ ਸਿੱਧਾ ਅਸਰ ਵਿਦਿਆਰਥੀਆਂ, ਖੋਜਾਰਥੀਆਂ, ਅਧਿਆਪਕਾਂ ਤੇ ਸਮੁੱਚੇ ਸਿੱਖਿਆ ਪ੍ਰਬੰਧ ’ਤੇ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਿੱਖਿਆ ਦੇ ਬਿਹਤਰ ਮੌਕੇ ਦੇਣ ਦੀ ਬਜਾਏ ਜੇਕਰ ਸਿੱਖਿਆ ਪ੍ਰਣਾਲੀ ਹੀ ਸਮੱਸਿਆਵਾਂ ਦਾ ਸ਼ਿਕਾਰ ਹੋਵੇਗੀ ਤਾਂ ਇਸ ਨਾਲ ਪੰਜਾਬ ਦੇ ਭਵਿੱਖ ’ਤੇ ਗੰਭੀਰ ਪ੍ਰਭਾਵ ਪਵੇਗਾ।
ਐੱਸਓਆਈ ਆਗੂਆਂ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 6 ਅਗਸਤ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ’ਤੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ’ਚ ਪੇਪਰ ਘੁਟਾਲਿਆਂ ਅਤੇ ਪੇਪਰ ਲੀਕ ਦੇ ਮਾਮਲੇ, ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਦੀ ਸੁਰੱਖਿਆ, ਪੰਜਾਬੀ ਯੂਨੀਵਰਸਿਟੀ ਦਾ ਵਿੱਤੀ ਸੰਕਟ ਅਤੇ ਸਿੱਖਿਆ ਦੇ ਡਿੱਗ ਰਹੇ ਮਿਆਰ ਵਰਗੇ ਮੁੱਦੇ ਪ੍ਰਮੁੱਖ ਤੌਰ ’ਤੇ ਉਠਾਏ ਜਾਣਗੇ।
ਆਗੂਆਂ ਨੇ ਕਿਹਾ ਕਿ ਇਹ ਧਰਨਾ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਸਰਕਾਰ ਤੱਕ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਦੇ ਵਿਦਿਆਰਥੀਆਂ, ਨੌਜਵਾਨਾਂ ਅਤੇ ਸਿੱਖਿਆ ਨਾਲ ਜੁੜੇ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਭਵਿੱਖ ਨਾਲ ਜੁੜੇ ਇਨ੍ਹਾਂ ਮੁੱਦਿਆਂ ਲਈ 6 ਅਗਸਤ ਦੇ ਧਰਨੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ।
ਇਸ ਮੌਕੇ ਪੰਜਾਬੀ ਯੂਨੀਵਰਸਿਟੀ ਸੋਈ ਪ੍ਰਧਾਨ ਹੁਸਨਦੀਪ ਸਿੰਘ ਚਹਿਲ, ਸੋਈ ਜ਼ਿਲ੍ਹਾ ਪ੍ਰਧਾਨ ਪਟਿਆਲਾ ਦਿਹਾਤੀ ਵਰਿੰਦਰ ਸਿੰਘ ਨਾਭਾ, ਜ਼ਿਲ੍ਹਾ ਪ੍ਰਧਾਨ ਪਟਿਆਲਾ ਸ਼ਹਿਰੀ ਸਹਿਜਪ੍ਰੀਤ ਸਿੰਘ ਸਾਹਨੀ, ਜ਼ਿਲ੍ਹਾ ਪ੍ਰਧਾਨ ਫ਼ਤਿਹਗੜ੍ਹ ਸਾਹਿਬ ਸਹਿਜਪ੍ਰੀਤ ਸਿੰਘ ਧਾਲੀਵਾਲ ਅਤੇ ਹੋਰ ਆਗੂ ਮੌਜੂਦ ਰਹੇ।