- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੀਆਂ ਮਾਵਾਂ ਦੇ ਪੁੱਤ ਨਸ਼ਿਆਂ ਕਾਰਨ ਮੌਤ ਦੇ ਮੂੰਹ ’ਚ ਜਾ ਰਹੇ : ਹਰਸਿਮਰਤ

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ ਨਾਭਾ : ਨਾਭਾ ਦੇ ਵਿਸ਼ਵਕਰਮਾ ਭਵਨ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ‘ਮਾਵਾਂ-ਧੀਆਂ ਨੂੰ ਇਨਸਾਫ਼ ਦਿਵਾਓ, ਪੰਜਾਬ ਬਚਾਓ’ ਰੈਲੀ ਕਰਵਾਈ ਗਈ। ਰੈਲੀ ਵਿਚ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੀਆਂ ਮਾਵਾਂ ਦੇ ਪੁੱਤ ਤੇ ਭੈਣਾਂ ਦੇ ਭਰਾ ਨਸ਼ਿਆਂ ਕਾਰਨ ਵੱਡੀ ਗਿਣਤੀ ਵਿਚ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਉਨ੍ਹਾਂ ਮਹਿਲਾਵਾਂ ਨੂੰ ਪੰਜਾਬ ਨੂੰ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਕੱਢਣ ਲਈ ਇਕਜੁੱਟ ਹੋ ਕੇ ਆਵਾਜ਼ ਉਠਾਉਣ ਦਾ ਸੱਦਾ ਦਿੱਤਾ। ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਾਇਆ ਕਿ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਹੋਈ ਹੈ। ਉਨ੍ਹਾਂ ਕਿਹਾ ਕਿ ‘ਮਾਵਾਂ-ਧੀਆਂ ਨੂੰ ਇਨਸਾਫ਼ ਦਿਵਾਓ’ ਮੁਹਿੰਮ ਰਾਹੀਂ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਆਵਾਜ਼ ਉਠਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅੱਗੇ ਆਉਣਾ ਪਵੇਗਾ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਨਸ਼ਿਆਂ ਤੋਂ ਪ੍ਰਭਾਵਿਤ ਕੁਝ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਇੱਕ ਚਾਰ ਸਾਲਾ ਬੱਚੀ ’ਤੇ ਕਥਿਤ ਤੌਰ ’ਤੇ ਨਸ਼ੇੜੀਆਂ ਵੱਲੋਂ ਹਮਲਾ ਕਰਨ ਅਤੇ ਇਕ ਹੋਰ ਪਰਿਵਾਰ ਵੱਲੋਂ ਨਸ਼ਿਆਂ ਕਾਰਨ ਆਪਣਾ ਪੁੱਤ ਗੁਆਉਣ ਦੇ ਮਾਮਲੇ ਉਨ੍ਹਾਂ ਦੇ ਸਾਹਮਣੇ ਆਏ ਹਨ। ਨਾਭਾ ਦੇ ਪਿੰਡ ਟੋਡਰਵਾਲ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ ਸਬੰਧੀ ਵਿਧਾਇਕ ਦੇਵ ਮਾਨ ਦੇ ਕਥਿਤ ਬਿਆਨ ’ਤੇ ਉਨ੍ਹਾਂ ਕਿਹਾ ਕਿ ਕਿਸੇ ਪਰਿਵਾਰ ਬਾਰੇ ਇਹ ਕਹਿਣਾ ਕਿ ਉਹ ਆਪਣੇ ਪੁੱਤ ਦੀ ਮੌਤ ਚਾਹੁੰਦਾ ਸੀ, ਬਹੁਤ ਮੰਦਭਾਗਾ ਹੈ। ਉਨ੍ਹਾਂ ਪੰਜਾਬ ਦੀਆਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨ। ਉਨ੍ਹਾਂ ਸਰਕਾਰ ’ਤੇ ਮਹਿਲਾਵਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਵੀ ਲਾਏ ਅਤੇ ਕਿਹਾ ਕਿ ਮਹਿਲਾਵਾਂ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀ ਹਜ਼ਾਰ ਰੁਪਏ ਦੀ ਰਾਸ਼ੀ ਦੇ ਆਧਾਰ ’ਤੇ ਪ੍ਰਭਾਵਿਤ ਨਹੀਂ ਕੀਤਾ ਜਾ ਸਕਦਾ। ਰੈਲੀ ਦੀ ਅਗਵਾਈ ਕਰ ਰਹੇ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਮਹਿਲਾਵਾਂ ਦੀ ਸ਼ਮੂਲੀਅਤ ਤੋਂ ਸਪਸ਼ਟ ਹੈ ਕਿ ਉਹ ਨਸ਼ਿਆਂ ਅਤੇ ਮਹਿਲਾਵਾਂ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰ ਰਹੀਆਂ ਹਨ। ਇਸ ਮੌਕੇ ਜਸਪਾਲ ਕੌਰ ਲਾਲਕਾ, ਸਿਮਰਨ ਕੌਰ ਲਾਲਕਾ, ਹਰਦੀਪ ਕੌਰ ਖੋਖ, ਬਲਤੇਜ ਸਿੰਘ ਖੋਖ, ਬੱਬਲੂ ਖੌਰਾ, ਜੱਸਾ ਖੋਖ, ਨਰੇਸ਼ ਗਰਗ, ਸੰਜੀਵ ਸ਼ਰਮਾ, ਵਰੁਣ ਜੈਨ, ਜੋਗੀ ਨਾਨੋਂਕੀ, ਰਵਿੰਦਰ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।