
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

‘ਮਿਸ਼ਨ ਕਲੀਨ ਪੰਜਾਬ’ ਤਹਿਤ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਵਿਸ਼ੇਸ਼ ਸਫ਼ਾਈ ਮੁਹਿੰਮ

ਰਵਿੰਦਰ ਸਿੰਘ ਪੰਜੇਟਾ, ਪੰਜਾਬੀ ਜਾਗਰਣ, ਸਨੌਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਨਗਰ ਕੌਂਸਲ ਦੇ ਅਧਿਕਾਰੀਆਂ, ਸਫ਼ਾਈ ਕਰਮਚਾਰੀਆਂ ਤੇ ਵਲੰਟੀਅਰਾਂ ਨਾਲ ਮਿਲ ਕੇ ਸ਼ਹਿਰ ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਖੁਦ ਸਫ਼ਾਈ ਮੁਹਿੰਮ ਵਿਚ ਹਿੱਸਾ ਲੈਂਦਿਆਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਲਖਵੀਰ ਸਿੰਘ ਕਾਰਜ ਸਾਧਕ ਅਫ਼ਸਰ, ਯੁਵਰਾਜ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਜੀਤ ਸਿੰਘ ਕੌਂਸਲਰ, ਵਿਕਾਸ ਅਟਵਾਲ ਕੌਂਸਲਰ, ਮਨਮੀਤ ਸਿੰਘ ਮੁੰਨਾ ‘ਆਪ’ ਆਗੂ, ਬੱਬੂ ‘ਆਪ’ ਆਗੂ, ਨੰਦ ਲਾਲ ਪ੍ਰਧਾਨ ਸਫ਼ਾਈ ਸੇਵਕ ਯੂਨੀਅਨ ਤੋਂ ਇਲਾਵਾ ਹੋਰ ਸੀਨੀਅਰ ‘ਆਪ’ ਆਗੂ, ਸਫ਼ਾਈ ਸੇਵਕ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ। ਇਸ ਮੌਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਚਲਾਇਆ ਜਾ ਰਿਹਾ ‘ਮਿਸ਼ਨ ਕਲੀਨ ਪੰਜਾਬ’ ਇਕ ਨਰੋਏ, ਤੰਦਰੁਸਤ ਅਤੇ ਪ੍ਰਦੂਸ਼ਣ-ਮੁਕਤ ਪੰਜਾਬ ਦੀ ਸਿਰਜਣਾ ਵੱਲ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਤੇ ਪਿੰਡਾਂ ਨੂੰ ਸਾਫ਼-ਸੁਥਰਾ ਬਣਾਉਣਾ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਹ ਹਰ ਨਾਗਰਿਕ ਦਾ ਨੈਤਿਕ ਫ਼ਰਜ਼ ਅਤੇ ਸਾਂਝੀ ਜ਼ਿੰਮੇਵਾਰੀ ਹੈ। ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਇਸ 10 ਰੋਜ਼ਾ ਵਿਸ਼ੇਸ਼ ਅਭਿਆਨ ਦੌਰਾਨ ਸ਼ਹਿਰ ਦੇ ਮੁੱਖ ਰਸਤਿਆਂ, ਵਾਰਡਾਂ, ਕੂੜਾ ਇਕੱਠਾ ਕਰਨ ਵਾਲੀਆਂ ਥਾਵਾਂ ਅਤੇ ਜਨਤਕ ਸਥਾਨਾਂ ਦੀ ਵਿਸ਼ੇਸ਼ ਤੌਰ ’ਤੇ ਸਫ਼ਾਈ ਕੀਤੀ ਜਾ ਰਹੀ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਦੁਕਾਨਾਂ ਦਾ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਹੀ ਸਫ਼ਾਈ ਸੇਵਕਾਂ ਨੂੰ ਦੇਣ ਅਤੇ ਖੁੱਲ੍ਹੇ ਵਿਚ ਕੂੜਾ ਸੁੱਟਣ ਤੋਂ ਗੁਰੇਜ਼ ਕਰਨ।