- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਸ਼ਨ ਕਲੀਨ ਪੰਜਾਬ' ਤਹਿਤ ਚੱਲੀ ਵਿਸ਼ੇਸ਼ ਸਫ਼ਾਈ ਮੁਹਿੰਮ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਨੂੰ ਕੂੜਾ-ਮੁਕਤ ਤੇ ਖ਼ੂਬਸੂਰਤ ਬਣਾਉਣ ਲਈ ਸਫ਼ਾਈ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਲੀਲਾ ਭਵਨ ਚੌਕ ਤੋਂ 20 ਨੰਬਰ ਫਾਟਕ ਤੱਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੀ ਅਗਵਾਈ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਕੀਤੀ। ਸਫ਼ਾਈ ਮੁਹਿੰਮ ਵਿਚ ਸਮਾਜ ਸੇਵੀ ਸੰਸਥਾ ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੇ ਆਗੂਆਂ ਤੇ ਮੈਂਬਰਾਂ ਤੋਂ ਇਲਾਵਾ ਨਗਰ ਨਿਗਮ ਦੀ ਸੈਨੀਟੇਸ਼ਨ ਟੀਮ, ਇਲਾਕਾ ਵਾਸੀਆਂ ਤੇ ਦੁਕਾਨਦਾਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸਫ਼ਾਈ ਟੀਮਾਂ ਵੱਲੋਂ ਮੁੱਖ ਮਾਰਗ ਦੇ ਦੋਵੇਂ ਪਾਸਿਆਂ, ਡਿਵਾਈਡਰਾਂ ਤੇ ਖਾਲੀ ਥਾਵਾਂ ਤੋਂ ਕੂੜਾ-ਕਰਕਟ ਤੇ ਮਲਬਾ ਚੁੱਕ ਕੇ ਪੂਰੇ ਰੂਟ ਦੀ ਸਫ਼ਾਈ ਕੀਤੀ ਗਈ। ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪਟਿਆਲਾ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣਾ ਸਿਰਫ਼ ਨਗਰ ਨਿਗਮ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦਾ ਸਾਂਝਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਲੀਲਾ ਭਵਨ ਅਤੇ 20 ਨੰਬਰ ਫਾਟਕ ਵਰਗੇ ਵਿਅਸਤ ਖੇਤਰਾਂ ਵਿਚ ਸਫ਼ਾਈ ਵਿਵਸਥਾ ਬਣਾਈ ਰੱਖਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਮੇਅਰ ਨੇ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ, ਫੁੱਟਪਾਥਾਂ ਜਾਂ ਖੁੱਲ੍ਹੀਆਂ ਥਾਵਾਂ ’ਤੇ ਕੂੜਾ ਨਾ ਸੁੱਟਣ ਅਤੇ ਨਗਰ ਨਿਗਮ ਦੀਆਂ ਡੋਰ-ਟੂ-ਡੋਰ ਕੂੜਾ ਇਕੱਠਾ ਕਰਨ ਵਾਲੀਆਂ ਗੱਡੀਆਂ ਵਿੱਚ ਹੀ ਕੂੜਾ ਪਾਉਣ। ਉਨ੍ਹਾਂ ਸਫ਼ਾਈ ਮੁਹਿੰਮ ਵਿਚ ਸਹਿਯੋਗ ਦੇਣ ਵਾਲੀ ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਟੀਮ ਅਤੇ ਇਲਾਕਾ ਵਾਸੀਆਂ ਦਾ ਧੰਨਵਾਦ ਕੀਤਾ।