- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਰਪ ਕੈਮੀਕਲਜ਼ ਫੈਕਟਰੀ ਦੀ ਜਾਂਚ ਅਤੇ ਸੈਂਪਲਿੰਗ ਲਈ ਵਿਸ਼ੇਸ਼ ਮਾਹਿਰ ਟੀਮਾਂ ਪਹੁੰਚੀਆਂ

ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਸ਼ੇਰਪੁਰ : ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਾਂਝੇ ਤੌਰ ’ਤੇ ਪਿੰਡ ਜਹਾਂਗੀਰ ਸਥਿਤ ਹਾਰਪ ਕੈਮੀਕਲਜ਼ ਫੈਕਟਰੀ ਵਿਆਪਕ ਜਾਂਚ ਅਤੇ ਸੈਂਪਲਿੰਗ ਮੁਹਿੰਮ ਚਲਾਈ ਗਈ। ਇਸ ਤਹਿਤ ਕੌਮੀ ਪੱਧਰ ਦੀਆਂ ਮਾਹਿਰ ਸੰਸਥਾਵਾਂ ਨੈਸ਼ਨਲ ਇੰਸਟੀਚਿਊਟ ਆਫ਼ ਹਾਈਡ੍ਰੋਲੋਜੀ (ਐੱਨਆਈਐੱਚ), ਰੁੜਕੀ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਟੀਮਾਂ ਵੱਲੋਂ ਪਾਣੀ, ਮਿੱਟੀ ਅਤੇ ਸੁਆਹ ਦੇ ਨਮੂਨੇ ਇਕੱਤਰ ਕੀਤੇ ਗਏ।
ਐੱਸਡੀਐੱਮ ਧੂਰੀ ਜਸਲੀਨ ਕੌਰ ਭੁੱਲਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੀ ਜਾਂਚ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹੀ ਜਾ ਰਹੀ ਹੈ। ਇਸ ਦਾ ਮੁੱਖ ਉਦੇਸ਼ ਵਿਗਿਆਨਕ ਜਾਂਚ ਅਤੇ ਤੱਥਾਂ ਦੇ ਆਧਾਰ ’ਤੇ ਸਥਿਤੀ ਸਪੱਸ਼ਟ ਕਰਨਾ ਅਤੇ ਇਲਾਕਾ ਨਿਵਾਸੀਆਂ ਦੀ ਸਿਹਤ ਤੇ ਵਾਤਾਵਰਣ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਜਾਂਚ ਦੌਰਾਨ ਕਿਸੇ ਵੀ ਪੱਧਰ ’ਤੇ ਵਾਤਾਵਰਣ ਸਬੰਧੀ ਨਿਰਧਾਰਤ ਮਾਪਦੰਡਾਂ ਜਾਂ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਕੰਪਨੀ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸੇ ਸਾਲ 4 ਜੂਨ ਨੂੰ ਪਿੰਡ ਕਾਲਾਬੂਲਾ ਦੇ ਇੱਕ ਬੋਰਵੈੱਲ ਵਿੱਚੋਂ ਕੁਝ ਸਮੇਂ ਲਈ ਕਾਲੇ ਪਾਣੀ ਦੇ ਨਿਕਾਸ ਸਬੰਧੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਸੰਗਰੂਰ ਅਤੇ ਪਟਿਆਲਾ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਸੀ। ਇਸ ਦੌਰਾਨ ਫੈਕਟਰੀ ਦੇ ਅੰਦਰਲੇ ਦੋ ਬੋਰਵੈੱਲਾਂ ਸਮੇਤ ਪਿੰਡ ਜਹਾਂਗੀਰ, ਘਨੌਰੀ ਕਲਾਂ ਅਤੇ ਕਾਲਾਬੂਲਾ ਦੇ ਬੋਰਵੈੱਲਾਂ ਵਿੱਚੋਂ ਪਾਣੀ ਦੇ ਨਮੂਨੇ ਲਏ ਗਏ ਸਨ। ਇਸ ਤੋਂ ਇਲਾਵਾ 8 ਜੂਨ ਨੂੰ ਪਿੰਡ ਕਾਲਾਬੂਲਾ ਦੇ 500 ਤੋਂ 700 ਮੀਟਰ ਦੇ ਘੇਰੇ ਅੰਦਰਲੇ ਬੋਰਵੈੱਲਾਂ ਦੇ ਪਾਣੀ ਦੀ 30 ਵੱਖ-ਵੱਖ ਮਾਪਦੰਡਾਂ 'ਤੇ ਜਾਂਚ ਕੀਤੀ ਗਈ ਸੀ।
ਉਨ੍ਹਾਂ ਦੱਸਿਆ ਕਿ ਅਗਸਤ ਅਤੇ ਸਤੰਬਰ ਮਹੀਨੇ ਦੌਰਾਨ ਪਿੰਡ ਵਾਸੀਆਂ ਅਤੇ ਸਰਪੰਚਾਂ ਵੱਲੋਂ ਮੁੜ ਸ਼ਿਕਾਇਤਾਂ ਪ੍ਰਾਪਤ ਹੋਣ 'ਤੇ 18 ਅਗਸਤ ਅਤੇ 18 ਸਤੰਬਰ ਨੂੰ ਦੁਬਾਰਾ ਜਾਂਚ ਕੀਤੀ ਗਈ ਸੀ। 18 ਸਤੰਬਰ ਦੀ ਜਾਂਚ ਦੌਰਾਨ ਫੈਕਟਰੀ ਵਿੱਚੋਂ ਨਿਕਲਣ ਵਾਲੀ ਸੁਆਹ ਦੀ ਢੋਆ-ਢੁਆਈ ਸਮੇਂ ਪਾਣੀ ਦੀ ਲੀਕੇਜ ਦਾ ਮਾਮਲਾ ਸਾਹਮਣੇ ਆਇਆ ਸੀ। ਫੈਕਟਰੀ ਦੇ ਜ਼ੀਰੋ ਲਿਕਵਿਡ ਡਿਸਚਾਰਜ (ਜ਼ੈੱਡਐੱਲਡੀ) ਪ੍ਰਬੰਧਾਂ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੰਪਨੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ।
ਮੌਜੂਦਾ ਜਾਂਚ ਮੁਹਿੰਮ ਤਹਿਤ ਨੈਸ਼ਨਲ ਇੰਸਟੀਚਿਊਟ ਆਫ਼ ਹਾਈਡ੍ਰੋਲੋਜੀ, ਰੁੜਕੀ ਦੇ ਮਾਹਿਰਾਂ ਵੱਲੋਂ ਫੈਕਟਰੀ ਦੇ ਅੰਦਰਲੇ ਦੋ ਬੋਰਵੈੱਲਾਂ ਤੋਂ ਇਲਾਵਾ ਅਪਸਟ੍ਰੀਮ ਖੇਤਰ ਵਿੱਚ ਪੈਂਦੇ ਪਿੰਡ ਜਹਾਂਗੀਰ ਅਤੇ ਡਾਊਨਸਟ੍ਰੀਮ ਖੇਤਰਾਂ ਵਿੱਚ ਪੈਂਦੇ ਪਿੰਡ ਘਨੌਰੀ ਕਲਾਂ, ਕਾਲਾਬੂਲਾ ਅਤੇ ਬਮਾਲ ਦੇ ਬੋਰਵੈੱਲਾਂ ਵਿੱਚੋਂ ਪਾਣੀ ਦੇ ਨਮੂਨੇ ਇਕੱਤਰ ਕੀਤੇ ਜਾ ਰਹੇ ਹਨ। ਮਾਹਿਰ ਟੀਮਾਂ ਵੱਲੋਂ ਫੈਕਟਰੀ ਦੇ ਅੰਦਰ ਅਤੇ ਬਾਹਰ ਉਨ੍ਹਾਂ ਸਥਾਨਾਂ ਤੋਂ ਮਿੱਟੀ ਅਤੇ ਸੁਆਹ ਦੇ ਨਮੂਨੇ ਲਏ ਜਾ ਰਹੇ ਹਨ, ਜਿੱਥੇ ਸੁਆਹ ਪਾਈ ਗਈ ਹੈ, ਤਾਂ ਜੋ ਮਿੱਟੀ ਦੀ ਗੁਣਵੱਤਾ ਅਤੇ ਇਸ 'ਤੇ ਪੈਣ ਵਾਲੇ ਸੰਭਾਵੀ ਪ੍ਰਭਾਵਾਂ ਦਾ ਵਿਗਿਆਨਕ ਵਿਸ਼ਲੇਸ਼ਣ ਕੀਤਾ ਜਾ ਸਕੇ। ਇਹ ਨਮੂਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੂੰ ਭੇਜੇ ਜਾਣਗੇ। ਇਸੇ ਤਰ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਵਿਸ਼ੇਸ਼ ਟੀਮ ਵੱਲੋਂ ਫੈਕਟਰੀ ਦੀ ਚਿਮਨੀ ਅਤੇ ਆਲੇ-ਦੁਆਲੇ ਦੇ ਖੇਤਰ ਦੀ ਹਵਾ ਦੀ ਗੁਣਵੱਤਾ ਦੇ ਨਮੂਨੇ ਲਏ ਜਾ ਰਹੇ ਹਨ। ਇਸ ਤੋਂ ਇਲਾਵਾ ਖੇਤੀਬਾੜੀ ਅਤੇ ਭੂਮੀ ਰੱਖਿਆ ਵਿਭਾਗ ਨੂੰ ਆਸ-ਪਾਸ ਦੇ ਖੇਤਾਂ ਵਿੱਚ ਫਸਲਾਂ ਦੇ ਝਾੜ ਅਤੇ ਮਿੱਟੀ ਦੀ ਸਿਹਤ ਸਬੰਧੀ ਵਿਸਤ੍ਰਿਤ ਸਰਵੇਖਣ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ, ਤਾਂ ਜੋ ਫੈਕਟਰੀ ਦੇ ਆਲੇ-ਦੁਆਲੇ ਦੇ ਖੇਤੀਬਾੜੀ ਖੇਤਰਾਂ ਦੀ ਸਥਿਤੀ ਦਾ ਮੁਲਾਂਕਣ ਕੀਤਾ ਜਾ ਸਕੇ।