ਨਸ਼ਾ ਇੱਕ ਗੰਭੀਰ ਸਮਾਜਿਕ ਬੁਰਾਈ : ਥਾਣਾ ਮੁਖੀ ਨਸ਼ਾ ਇੱਕ ਗੰਭੀਰ ਸਮਾਜਿਕ ਬੁਰਾਈ ਹੈ : ਥਾਣਾ ਮੁਖੀ
Publish Date: Wed, 14 Oct 2026 03:55 PM (IST)
Updated Date: Thu, 15 Oct 2026 04:00 AM (IST)
ਸਰਕਾਰੀ ਸਕੂਲ ਖੰਡੇਬਾਦ ਦੇ ਬੱਚਿਆਂ ਨੂੰ ਨਸ਼ਿਆਂ ਦੀਆਂ ਅਲਾਮਤਾਂ ਬਾਰੇ ਦੱਸਿਆ ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਸਰਕਾਰੀ ਹਾਈ ਸਕੂਲ ਖੰਡੇਬਾਦ ਵਿਖੇ ਨਸ਼ਿਆਂ ਵਿਰੁੱਧ ਬੱਚਿਆਂ ਨੂੰ ਜਾਗਰੂਕ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਮਾੜੀ ਅਲਾਮਤ ਤੋਂ ਬਚਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਥਾਣਾ ਲਹਿਰਾ ਦੇ ਮੁੱਖ ਅਫ਼ਸਰ ਜਸਕਰਨ ਸਿੰਘ ਅਤੇ ਹੌਲਦਾਰ ਜਗਜੀਤ ਸਿੰਘ ਨੇ ਸਕੂਲ ਦੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਸ਼ਾ ਇੱਕ ਗੰਭੀਰ ਸਮਾਜਿਕ ਬੁਰਾਈ ਹੈ, ਜੋ ਵਿਅਕਤੀ ਦੀ ਸਿਹਤ, ਪਰਿਵਾਰਕ ਜੀਵਨ ਅਤੇ ਸਮਾਜ ਦੇ ਭਵਿੱਖ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਇਸ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਦਾ ਅਹਿਦ ਲੈਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਪਿੰਡ ਪੱਧਰ ਤੇ ਨਸ਼ਿਆਂ ਵਿਰੁੱਧ ਸਾਂਝੇ ਯਤਨਾਂ ਦੀ ਮਹੱਤਤਾ ਤੇ ਜ਼ੋਰ ਦਿੰਦੇ ਹੋਏ ਪਿੰਡ ਦੀ ਪੰਚਾਇਤ ਅਤੇ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਪੁਲਿਸ ਨਾਲ ਤੁਰੰਤ ਸਾਂਝੀ ਕਰਨ। ਪਿੰਡ ਦੀ ਸਰਪੰਚ ਕਰਮਜੀਤ ਕੌਰ, ਅਵਤਾਰ ਸਿੰਘ ਕਾਲਾ, ਪੰਚ ਬਲਜਿੰਦਰ ਸਿੰਘ ਅਤੇ ਪਿੰਡ ਦੀ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਸਕੂਲ ਮੁਖੀ ਅਰੁਣ ਗਰਗ ਅਤੇ ਸਮੂਹ ਸਕੂਲ ਸਟਾਫ਼ ਵੱਲੋਂ ਥਾਣਾ ਲਹਿਰਾ ਦੇ ਮੁੱਖ ਅਫ਼ਸਰ ਜਸਕਰਨ ਸਿੰਘ ਦਾ ਧੰਨਵਾਦ ਕੀਤਾ।