ਰਾਜਪਾਲ ਤੇ ਵਿੱਤ ਮੰਤਰੀ ਨਾਲ ਮਿਲੇ ਵੀਸੀ ਡਾ. ਗਿੱਲ
ਵੀਸੀ ਡਾ. ਗਿੱਲ ਮਿਲੇ ਰਾਜਪਾਲ ਅਤੇ ਵਿੱਤ ਮੰਤਰੀ ਨਾਲ
Publish Date: Sat, 14 Feb 2026 06:12 PM (IST)
Updated Date: Sat, 14 Feb 2026 06:15 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਜੋ ਯੂਨੀਵਰਸਿਟੀ ਦੇ ਚਾਂਸਲਰ ਵਜੋਂ ਵੀ ਸੇਵਾ ਨਿਭਾ ਰਹੇ ਹਨ, ਨਾਲ ਮੁਲਾਕਾਤ ਕੀਤੀ। ਅਹੁਦਾ ਸੰਭਾਲਣ ਉਪਰੰਤ ਆਪਣੀ ਪਲੇਠੀ ਮੁਲਾਕਾਤ ਦੌਰਾਨ, ਡਾ. ਗਿੱਲ ਨੇ ਰਾਜਪਾਲ ਨੂੰ ਯੂਨੀਵਰਸਿਟੀ ਦੀਆਂ ਚੱਲ ਰਹੀਆਂ ਸਰਗਰਮੀਆਂ ਤੋਂ ਜਾਣੂ ਕਰਵਾਇਆ ਅਤੇ ਯੂਨੀਵਰਸਿਟੀ ਦੇ ਅਕਾਦਮਿਕ ਢਾਂਚੇ, ਬੁਨਿਆਦੀ ਢਾਂਚੇ ਅਤੇ ਸੰਸਥਾਗਤ ਵਿਕਾਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਕਾਸ ਵਿੱਚ ਤੇਜ਼ੀ ਲਿਆਉਣ ਅਤੇ ਸੂਬੇ ਦੀ ਪ੍ਰਮੁੱਖ ਖੇਡ ਯੂਨੀਵਰਸਿਟੀ ਨੂੰ ਨਵੀਆਂ ਬੁਲੰਦੀਆਂ ’ਤੇ ਲੈਜਾਣ ਦੇ ਉਦੇਸ਼ ਨਾਲ ਤਿੰਨ ਸਾਲਾਂ ਦਾ ਇੱਕ ਵਿਸਤ੍ਰਿਤ ਰੋਡਮੈਪ ਵੀ ਪੇਸ਼ ਕੀਤਾ। ਰਾਜਪਾਲ ਨੇ ਯੂਨੀਵਰਸਿਟੀ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਖੇਡ ਸਿੱਖਿਆ, ਖੋਜ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ, ਡਾ. ਗਿੱਲ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵੀ ਮੁਲਾਕਾਤ ਕੀਤੀ ਅਤੇ ਸੂਬੇ ਨੂੰ ਖੇਡ ਸਿੱਖਿਆ, ਖੋਜ ਅਤੇ ਬਿਹਤਰ ਕਾਰਗੁਜ਼ਾਰੀ ਲਈ ਸਿਖਲਾਈ ਦੇ ਮੋਹਰੀ ਕੇਂਦਰ ਵਿੱਚ ਬਦਲਣ ਸਬੰਧੀ ਯੂਨੀਵਰਸਿਟੀ ਦੇ ਦ੍ਰਿਸ਼ਟੀਕੋਣ ਬਾਰੇ ਵਿਸਥਾਰ ਨਾਲ ਦੱਸਿਆ। ਵਿੱਤ ਮੰਤਰੀ ਨੇ ਵਾਈਸ ਚਾਂਸਲਰ ਨੂੰ ਇਨ੍ਹਾਂ ਉਦੇਸ਼ਾਂ ਨੂੰ ਪੂਰਾ ਕਰਨ ਵਿੱਚ ਸੂਬਾ ਸਰਕਾਰ ਦੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਦੁਹਰਾਇਆ ਕਿ ਨੌਜਵਾਨਾਂ ਨੂੰ ਰਚਨਾਤਮਕ ਅਤੇ ਉਤਪਾਦਕ ਸਰਗਰਮੀਆਂ ਵਿੱਚ ਸ਼ਾਮਲ ਕਰਨਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ। ਡਾ. ਗਿੱਲ ਨੇ ਦੋਵਾਂ ਪਤਵੰਤਿਆਂ ਨੂੰ ਭਰੋਸਾ ਦਿਵਾਇਆ ਕਿ ਯੂਨੀਵਰਸਿਟੀ ਪ੍ਰਸਤਾਵਿਤ ਰੋਡਮੈਪ ਨੂੰ ਪੜਾਅਵਾਰ ਅਤੇ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਸੂਬਾ ਸਰਕਾਰ ਦੇ ਤਾਲਮੇਲ ਨਾਲ ਕੰਮ ਕਰੇਗੀ।