- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਨੌਰਥ ਜ਼ੋਨ ਅੰਤਰ-ਯੂਨੀਵਰਸਿਟੀ ਬਾਸਕਟਬਾਲ ਚੈਂਪੀਅਨਸ਼ਿਪ ਸੁਰੂ

ਸਟਾਫ ਰਿਪੋਰਟਰ•, ਪੰਜਾਬੀ ਜਾਗਰਣ, •ਪਟਿਆਲਾ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਸਹਿਯੋਗ, ਸਿਹਤਮੰਦ ਮੁਕਾਬਲੇ ਦੀ ਭਾਵਨਾ ਅਤੇ ਟੀਮ ਵਰਕ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਦੀਆਂ ਹਨ। ਡਾ. ਬਲਬੀਰ ਸਿੰਘ ਅੱਜ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਵੱਲੋਂ ਕਰਵਾਏ ਗਏ ਨੌਰਥ ਜ਼ੋਨ ਅੰਤਰ-ਯੂਨੀਵਰਸਿਟੀ ਬਾਸਕਟਬਾਲ (ਪੁਰਸ਼) ਚੈਂਪੀਅਨਸ਼ਿਪ ਦੇ ਉਦਘਾਟਨੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਅਤੇ ਖੇਡ-ਕਲਾ ਦਾ ਪ੍ਰਦਰਸ਼ਨ ਕਰਨ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਅਤੇ ਯੂਨੀਵਰਸਿਟੀ ਦੀ ਸਮੁੱਚੀ ਟੀਮ ਨੂੰ ਇਸ ਵੱਡੇ ਖੇਡ ਸਮਾਗਮ ਦੇ ਆਯੋਜਨ ਲਈ ਵਧਾਈ ਦਿੱਤੀ। ਜਾਣਕਾਰੀ ਦਿੰਦਿਆਂ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ ਦੇ ਨਿਯਮਾਂ ਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਈ ਜਾ ਰਹੀ ਇਸ ਚੈਂਪੀਅਨਸ਼ਿਪ ਵਿਚ ਵੱਖ-ਵੱਖ ਸੂਬਿਆਂ ਦੀਆਂ 83 ਟੀਮਾਂ ਨੇ ਭਾਗ ਲੈਣ ਲਈ ਰਿਪੋਰਟ ਕੀਤਾ ਹੈ। ਮੁਕਾਬਲਿਆਂ ਦੇ ਸ਼ੁਰੂਆਤੀ ਦੌਰ ਨਾਕਆਊਟ ਪ੍ਰਣਾਲੀ ਅਧੀਨ ਕਰਵਾਏ ਜਾਣਗੇ, ਜਦਕਿ ਆਖ਼ਰੀ ਚਾਰ ਟੀਮਾਂ ਲੀਗ ਮੈਚਾਂ ਰਾਹੀਂ ਆਪਣੀ ਅੰਤਿਮ ਸਥਿਤੀ ਨਿਰਧਾਰਤ ਕਰਨਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਵਾਲੀਆਂ ਟੀਮਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।