ਇੱਛਾ ਸ਼ਕਤੀ ਹੋਵੇ ਤਾਂ ਨਸ਼ਾ ਛੱਡਣਾ ਔਖਾ ਨਹੀਂ : ਸ਼ਾਲੀਨ ਮਿੱਤਰਾ
ਸਟੇਟ ਕਾਲਜ ' ਚ ਨਸ਼ਾ ਮੁਕਤੀ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
Publish Date: Mon, 17 Nov 2025 05:04 PM (IST)
Updated Date: Mon, 17 Nov 2025 05:07 PM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਦੇ ਸਟੇਟ ਕਾਲਜ ਆਫ ਐਜੂਕੇਸ਼ਨ ਵਿਚ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਮਸ਼ਹੂਰ ਹਸਤੀਆਂ ਨੇ ਵਿਦਿਆਰਥੀਆਂ ਨਾਲ ਰੂਬਰੂ ਹੁੰਦਿਆਂ ਉਨ੍ਹਾਂ ਨੂੰ ਨਸ਼ਿਆਂ ਦੇ ਖਤਰਨਾਕ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਮੋੜਨਾ ਸੀ। ਪ੍ਰੋਗਰਾਮ ਵਿਚ ਸਿਹਤ ਮੰਤਰੀ ਦੇ ਓਐਸਡੀ ਸ਼ਾਲੀਨ ਮਿਤਰਾ, ਡੀਐਸਪੀ ਮਨਦੀਪ ਕੌਰ, ਮਸ਼ਹੂਰ ਫਿੱਟਨੈੱਸ ਇੰਫਲੂਐਂਸਰ ਨਵਜੋਤ ਸਿੰਘ, ਐਂਬੈਸਡਰ ਆਫ ਰਿਕਵਰੀ ਮਨਪ੍ਰੀਤ ਸਿੰਘ ਅਤੇ ਐਸਿਸਟੈਂਟ ਪ੍ਰੋਫੈਸਰ ਡਾ. ਸ਼ਿਖਾ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਦੀਪਇੰਦਰ ਕੌਰ ਨੇ ਸਭ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦੇਣ ਲਈ ਮਹਿਮਾਨਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਦੌਰਾਨ ਸ਼ਾਲੀਨ ਮਿਤਰਾ ਨੇ ਨਸ਼ਿਆਂ ਦੇ ਸਮਾਜਿਕ ਅਤੇ ਮਾਨਸਿਕ ਪ੍ਰਭਾਵਾਂ ਬਾਰੇ ਗਹਿਰਾਈ ਨਾਲ ਚਰਚਾ ਕੀਤੀ ਅਤੇ ਨੌਜਵਾਨਾਂ ਨੂੰ ਸਾਵਧਾਨ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਨਸ਼ਾ-ਮੁਕਤੀ ਵੱਲ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਮੁਹਿੰਮਾਂ ਦੀ ਵੀ ਜਾਣਕਾਰੀ ਦਿੱਤੀ। ਡੀਐੱਸਪੀ ਮਨਦੀਪ ਕੌਰ ਨੇ ਆਪਣੇ ਸੰਬੋਧਨ ਵਿਚ ਨਸ਼ਿਆਂ ਨਾਲ ਜੁੜੇ ਕਾਨੂੰਨੀ ਪੱਖਾਂ ਬਾਰੇ ਜਾਣਕਾਰੀ ਦਿੱਤੀ। ਫਿੱਟਨੈੱਸ ਇੰਫਲੂਐਂਸਰ ਨਵਜੋਤ ਸਿੰਘ ਨੇ ਸਿਹਤਮੰਦ ਜੀਵਨਸ਼ੈਲੀ, ਕਸਰਤ ਅਤੇ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਰੋਸ਼ਨੀ ਪਾਈ। ਮਨਪ੍ਰੀਤ ਸਿੰਘ ਨੇ ਆਪਣੇ ਜੀਵਨ ਦੇ ਸੰਘਰਸ਼ਮਈ ਤਜਰਬੇ ਸਾਂਝੇ ਕਰਦੇ ਹੋਏ ਦੱਸਿਆ ਕਿ ਨਸ਼ਿਆਂ ਤੋਂ ਮੁਕਤੀ ਪਾਉਣਾ ਕਿੰਨਾ ਚੁਣੌਤੀਪੂਰਨ ਪਰ ਸੰਭਵ ਹੁੰਦਾ ਹੈ। ਡਾ. ਸ਼ਿਖਾ ਗੋਇਲ ਨੇ ਨਸ਼ਿਆਂ ਦੇ ਮਨੋਵਿਗਿਆਨਕ ਪ੍ਰਭਾਵਾਂ ਬਾਰੇ ਗੱਲ ਕਰਦੇ ਹੋਏ ਦੱਸਿਆ ਕਿ ਨਸ਼ਾ ਮਨੁੱਖ ਦੀ ਸੋਚਣ-ਸਮਝਣ ਦੀ ਸਮਰੱਥਾ ਨੂੰ ਪ੍ਰਭਾਵਿਤ ਕਰਦਾ ਹੈ। ਸਮਾਗਮ ਦੇ ਅੰਤ ਤੇ ਪ੍ਰਿੰਸੀਪਲ ਡਾ. ਦੀਪਇੰਦਰ ਕੌਰ ਨੇ ਸਭ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੇ ਨੋਡਲ ਅਫ਼ਸਰ ਡਾ ਮਨਪ੍ਰੀਤ ਕੌਰ ਤੋਂ ਇਲਾਵਾ ਕਾਲਜ ਦੇ ਪ੍ਰੋਫੈਸਰ ਅਤੇ ਵਿਦਿਆਰਥੀ ਹਾਜ਼ਰ ਸਨ।