ਸੂਬਾ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਨਾਕਾਮ: ਖੰਗੂੜਾ ਸੂਬਾ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਨਾਕਾਮ: ਖੰਗੂੜਾ
Publish Date: Fri, 07 Aug 2026 05:28 PM (IST)
Updated Date: Sat, 08 Aug 2026 04:02 AM (IST)
ਜਸਵੀਰ ਸਿੰਘ ਫਰਵਾਲੀ, ਪੰਜਾਬੀ ਜਾਗਰਣ, ਅਹਿਮਦਗੜ੍ਹ : ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਮਹਿਲਾ ਕਾਂਗਰਸੀ ਆਗੂ ਅਮਨਦੀਪ ਕੌਰ ਖੰਗੂੜਾ ਨੇ ਪੰਜਾਬ ਸਰਕਾਰ ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਹਰ ਮੋਰਚੇ ਤੇ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਬਦਲਾਅ ਦੇ ਨਾਂ ਤੇ ਸੱਤਾ ਵਿੱਚ ਆਈ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਨਿਰਾਸ਼ਾ ਤੋਂ ਇਲਾਵਾ ਕੁਝ ਨਹੀਂ ਦਿੱਤਾ ਅਤੇ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਸਿਰਫ਼ ਇਸ਼ਤਿਹਾਰਾਂ ਤੱਕ ਹੀ ਸੀਮਤ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ। ਦਿਨ-ਦਿਹਾੜੇ ਲੁੱਟ-ਖੋਹ, ਫਿਰੌਤੀਆਂ, ਗੈਂਗਸਟਰਵਾਦ ਅਤੇ ਨਸ਼ਿਆਂ ਦੀਆਂ ਘਟਨਾਵਾਂ ਕਾਰਨ ਆਮ ਲੋਕ ਅਤੇ ਵਪਾਰੀ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕੀਤੇ ਗਏ ਵਾਅਦੇ ਵੀ ਪੂਰੇ ਨਹੀਂ ਹੋਏ। ਖ਼ਰਾਬ ਹੋਈਆਂ ਫ਼ਸਲਾਂ ਦਾ ਪੂਰਾ ਮੁਆਵਜ਼ਾ ਨਹੀਂ ਦਿੱਤਾ ਗਿਆ ਅਤੇ ਕਿਸਾਨ ਅੱਜ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਉਹਨਾਂ ਅੱਗੇ ਕਿਹਾ ਕਿ ਸੂਬੇ ਦਾ ਕਰਜ਼ਾ ਲਗਾਤਾਰ ਵੱਧ ਰਿਹਾ ਹੈ, ਜਦਕਿ ਵਿਕਾਸ ਕਾਰਜ ਠੱਪ ਪਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਡੇ ਉਦਯੋਗ ਅਤੇ ਨਵੇਂ ਪ੍ਰੋਜੈਕਟ ਲਿਆਉਣ ਵਿੱਚ ਨਾਕਾਮ ਰਹੀ ਹੈ, ਜਿਸ ਕਾਰਨ ਪੰਜਾਬ ਦੀ ਆਰਥਿਕਤਾ ਪ੍ਰਭਾਵਿਤ ਹੋ ਰਹੀ ਹੈ। ਬੇਰੋਜ਼ਗਾਰੀ ਲਗਾਤਾਰ ਵਧ ਰਹੀ ਹੈ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਠੇਕਾ ਮੁਲਾਜ਼ਮ, ਕੱਚੇ ਅਧਿਆਪਕ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਆਪਣੀਆਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ। ਉਨ੍ਹਾਂ ਸਰਕਾਰ ਤੇ ਫੋਕੀ ਇਸ਼ਤਿਹਾਰਬਾਜ਼ੀ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਰੋੜਾਂ ਰੁਪਏ ਇਸ਼ਤਿਹਾਰਾਂ ਤੇ ਖਰਚ ਕੀਤੇ ਜਾ ਰਹੇ ਹਨ, ਜਦਕਿ ਸੂਬੇ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਡਟ ਕੇ ਖੜ੍ਹੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਦੇ ਦਰਬਾਰ ਤੱਕ ਪਹੁੰਚਾ ਕੇ ਜਵਾਬਦੇਹੀ ਤੈਅ ਕਰਵਾਉਣ ਲਈ ਸੰਘਰਸ਼ ਜਾਰੀ ਰੱਖੇਗੀ।