ਬੇਰੁਜ਼ਗਾਰ ਲਾਈਨਮੈਨਾਂ ’ਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ
ਬੇਰੁਜ਼ਗਾਰ ਲਾਈਨਮੈਨਾਂ ‘ਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ
Publish Date: Sat, 06 Jun 2026 03:52 PM (IST)
Updated Date: Sun, 07 Jun 2026 04:02 AM (IST)

ਭਾਕਿਯੂ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਬੇਰੁਜ਼ਗਾਰ ਲਾਈਨਮੈਨਾਂ ’ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ’ਚ ਸ਼ੁੱਕਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਵੱਲੋਂ ਪਿੰਡ ਘਰਾਚੋਂ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਬੇਰੁਜ਼ਗਾਰ ਨੌਜਵਾਨਾਂ ‘ਤੇ ਕੀਤੇ ਗਏ ਪੁਲਿਸ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸਰਕਾਰ ਤੋਂ ਤੁਰੰਤ ਮਸਲੇ ਦਾ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਰੋਸ ਪ੍ਰਦਰਸ਼ਨ ਦੌਰਾਨ ਜਥੇਬੰਦੀ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਖਜਾਨਚੀ ਬਲਵਿੰਦਰ ਸਿੰਘ ਘਨੌੜ, ਬਲਾਕ ਪ੍ਰੈਸ ਸਕੱਤਰ ਹਰਜਿੰਦਰ ਸਿੰਘ ਘਰਾਚੋਂ ਅਤੇ ਬਲਾਕ ਜਨਰਲ ਸਕੱਤਰ ਜਸਬੀਰ ਸਿੰਘ ਗੱਗੜਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸ਼ਹਿ ‘ਤੇ ਪੁਲਿਸ ਪ੍ਰਸ਼ਾਸਨ ਵੱਲੋਂ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਲਾਈਨਮੈਨਾਂ ‘ਤੇ ਕੀਤਾ ਗਿਆ ਅੰਨ੍ਹਾ ਤਸ਼ੱਦਦ ਬਹੁਤ ਹੀ ਮੰਦਭਾਗਾ ਅਤੇ ਲੋਕਤੰਤਰ ਵਿਰੋਧੀ ਕਦਮ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਲਾਠੀਚਾਰਜ ਕਰਨਾ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਪਹਿਲਾਂ ਹੀ ਬੇਰੁਜ਼ਗਾਰੀ ਦੀ ਮਾਰ ਹੇਠ ਹਨ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਜਬਰ ਅਤੇ ਧੱਕੇਸ਼ਾਹੀ ਦਾ ਰਾਹ ਅਪਣਾਇਆ ਜਾ ਰਿਹਾ ਹੈ, ਜੋ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸੰਘਰਸ਼ ਨੂੰ ਕੁਚਲਣ ਦੀ ਨੀਤੀ ਛੱਡ ਕੇ ਬੇਰੁਜ਼ਗਾਰ ਲਾਈਨਮੈਨਾਂ ਨੂੰ ਪੱਕਾ ਰੁਜ਼ਗਾਰ ਦੇਣ ਲਈ ਤੁਰੰਤ ਯੋਗ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਅਤੇ ਜਾਇਜ਼ ਮੰਗਾਂ ਨੂੰ ਮੰਨ ਕੇ ਮਸਲਿਆਂ ਦਾ ਹੱਲ ਕਰਨਾ ਚਾਹੀਦਾ ਹੈ। ਜੇਕਰ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਦੀਆਂ ਮੰਗਾਂ ਨੂੰ ਅਣਡਿੱਠਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਬਲਾਕ ਆਗੂ ਗੁਰਚੇਤ ਸਿੰਘ ਭੱਟੀਵਾਲ, ਰਘਵੀਰ ਸਿੰਘ ਘਰਾਚੋਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਜਥੇਬੰਦੀ ਨਾਲ ਜੁੜੇ ਵਰਕਰਾਂ ਨੇ ਸ਼ਮੂਲੀਅਤ ਕਰਕੇ ਬੇਰੁਜ਼ਗਾਰ ਲਾਈਨਮੈਨਾਂ ਦੇ ਸੰਘਰਸ਼ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ।