ਮਾਹਿਰਾਂ ਦਾ ਕਹਿਣਾ ਹੈ ਕਿ ਨਾੜ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ ਅਤੇ ਵਾਤਾਵਰਣ ਨੂੰ ਵੀ ਭਾਰੀ ਨੁਕਸਾਨ ਪਹੁੰਚਦਾ ਹੈ। ਇਸ ਨਾਲ ਹਵਾ ਪ੍ਰਦੂਸ਼ਣ ਵਧਣ ਦੇ ਨਾਲ-ਨਾਲ ਲੋਕਾਂ ਦੀ ਸਿਹਤ 'ਤੇ ਵੀ ਗੰਭੀਰ ਅਸਰ ਪੈਂਦਾ ਹੈ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ। ਪੰਜਾਬ ਵਿੱਚ ਕਣਕ ਦੀ ਵਾਢੀ ਖ਼ਤਮ ਹੁੰਦਿਆਂ ਹੀ ਨਾੜ ਸਾੜਨ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਅਤੇ ਪ੍ਰਸ਼ਾਸਨ ਦੀ ਸਖ਼ਤੀ ਦੇ ਬਾਵਜੂਦ ਕਿਸਾਨ ਵੱਡੀ ਗਿਣਤੀ ਵਿੱਚ ਖੇਤਾਂ ਵਿੱਚ ਨਾੜ ਨੂੰ ਅੱਗ ਲਗਾਈ ਜਾ ਰਹੀ ਹੈ। ਹਾਲਾਤ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਪਿਛਲੇ ਪੰਜ ਦਿਨਾਂ ਵਿੱਚ ਹੀ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਗਿਣਤੀ ਦੁੱਗਣੀ ਤੋਂ ਵੱਧ ਹੋ ਗਈ ਹੈ। ਅੰਕੜਿਆਂ ਅਨੁਸਾਰ 1 ਮਈ ਤੱਕ ਪੰਜਾਬ ਵਿੱਚ ਨਾੜ ਸਾੜਨ ਦੇ ਕੁੱਲ 1759 ਮਾਮਲੇ ਦਰਜ ਕੀਤੇ ਗਏ ਸਨ, ਜਦੋਂ ਕਿ 5 ਮਈ ਤੱਕ ਇਹ ਅੰਕੜਾ ਵਧ ਕੇ 3690 ਤੱਕ ਪਹੁੰਚ ਗਿਆ ਹੈ। ਭਾਵ ਪੰਜ ਦਿਨਾਂ ਦੇ ਅੰਦਰ ਕਰੀਬ 1931 ਨਵੇਂ ਮਾਮਲੇ ਸਾਹਮਣੇ ਆਏ ਹਨ।
ਪ੍ਰਸ਼ਾਸਨ ਦੀ ਸਖ਼ਤੀ ਜਾਰੀ, ਲੱਖਾਂ ਦਾ ਜੁਰਮਾਨਾ
ਨਾੜ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਲਗਾਤਾਰ ਕਾਰਵਾਈ ਕਰ ਰਿਹਾ ਹੈ। ਸੂਬੇ ਭਰ ਵਿੱਚ ਹੁਣ ਤੱਕ 511 ਮਾਮਲਿਆਂ ਵਿੱਚ ਕਿਸਾਨਾਂ ਉੱਤੇ ਕੁੱਲ 25 ਲੱਖ 40 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਜਾ ਚੁੱਕਾ ਹੈ। ਇਨ੍ਹਾਂ ਵਿੱਚੋਂ ਲਗਭਗ 1 ਲੱਖ 55 ਹਜ਼ਾਰ ਰੁਪਏ ਦੀ ਵਸੂਲੀ ਵੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਪੁਲਿਸ ਅਤੇ ਪ੍ਰਸ਼ਾਸਨ ਨੇ 191 ਐਫ.ਆਈ.ਆਰ. ਦਰਜ ਕੀਤੀਆਂ ਹਨ, ਜਦੋਂ ਕਿ 305 ਰੈੱਡ ਐਂਟਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਉਣ ਵਾਲੇ ਸਮੇਂ ਵਿੱਚ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ।
ਜ਼ਿਲ੍ਹੇਵਾਰ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਸੰਗਰੂਰ ਜਿਲ੍ਹੇ ਵਿੱਚ ਸਭ ਤੋਂ ਵੱਧ 432 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਫਿਰੋਜ਼ਪੁਰ ਵਿੱਚ 408 ਅਤੇ ਬਠਿੰਡਾ ਵਿੱਚ 317 ਮਾਮਲੇ ਸਾਹਮਣੇ ਆਏ ਹਨ। ਇਸਤੋਂ ਇਲਾਵਾ ਅੰਮ੍ਰਿਤਸਰ 165, ਬਰਨਾਲਾ 175, ਫ਼ਤਹਿਗੜ੍ਹ ਸਾਹਿਬ 7, ਫ਼ਰੀਦਕੋਟ 130, ਫ਼ਾਜ਼ਿਲਕਾ 242, ਗੁਰਦਾਸਪੁਰ 182, ਹੁਸ਼ਿਆਰਪੁਰ 142, ਜਲੰਧਰ 84, ਕਪੂਰਥਲਾ 98, ਲੁਧਿਆਣਾ 132, ਮਾਨਸਾ 223, ਮੋਗਾ 139, ਮੁਕਤਸਰ 231, ਨਵਾਂਸ਼ਹਿਰ 17, ਪਠਾਨਕੋਟ 16, ਪਟਿਆਲਾ 151, ਰੋਪੜ 3, ਮੋਹਾਲੀ 16, ਤਰਨਤਾਰਨ 312, ਮਲੇਰਕੋਟਲਾ 68 ਮਾਮਲੇ ਰਿਪੋਰਟ ਹੋਏ ਹਨ।
ਕਿਸਾਨ ਘੱਟ ਲਾਗਤ ਅਤੇ ਸਮਾਂ ਬਚਾਉਣ ਲਈ ਸਾੜ ਰਹੇ ਹਨ ਨਾੜ
ਮਾਹਿਰਾਂ ਅਨੁਸਾਰ ਸੂਬੇ ਵਿੱਚ ਕਣਕ ਦੀ ਫ਼ਸਲ ਦੀ ਕਟਾਈ ਲਗਭਗ ਪੂਰੀ ਹੋ ਚੁੱਕੀ ਹੈ ਅਤੇ ਕਿਸਾਨ ਹੁਣ ਝੋਨੇ ਦੀ ਅਗਲੀ ਫ਼ਸਲ ਲਈ ਖੇਤ ਤਿਆਰ ਕਰਨ ਵਿੱਚ ਜੁੱਟ ਗਏ ਹਨ। ਖੇਤਾਂ ਦੀ ਛੇਤੀ ਸਫ਼ਾਈ ਅਤੇ ਘੱਟ ਲਾਗਤ ਕਾਰਨ ਕਈ ਕਿਸਾਨ ਨਾੜ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਦੀ ਬਜਾਏ ਉਸ ਨੂੰ ਅੱਗ ਲਗਾ ਰਹੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਨਾੜ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ ਅਤੇ ਵਾਤਾਵਰਣ ਨੂੰ ਵੀ ਭਾਰੀ ਨੁਕਸਾਨ ਪਹੁੰਚਦਾ ਹੈ। ਇਸ ਨਾਲ ਹਵਾ ਪ੍ਰਦੂਸ਼ਣ ਵਧਣ ਦੇ ਨਾਲ-ਨਾਲ ਲੋਕਾਂ ਦੀ ਸਿਹਤ 'ਤੇ ਵੀ ਗੰਭੀਰ ਅਸਰ ਪੈਂਦਾ ਹੈ।