- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
33 ਸਕੂਲਾਂ ਦੇ ਵਿਦਿਆਰਥੀਆਂ ਨੇ ਡਿਜੀਟਲ ਇਨੋਵੇਸ਼ਨ ਟੈਕ ਫੇਅਰ 'ਚ ਦਿਖਾਈ ਪ੍ਰਤਿਭਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਸਿੱਖਿਆ ਵਿਭਾਗ ਵੱਲੋਂ ਮਿਸ਼ਨ ਰਫ਼ਤਾਰ ਤਹਿਤ ਜ਼ਿਲ੍ਹੇ ’ਚ ਪਹਿਲੀ ਵਾਰ ਡਿਜੀਟਲ ਇਨੋਵੇਸ਼ਨ ਟੈਕ ਫੇਅਰ-2026 ਦਾ ਆਯੋਜਨ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ’ਚ ਕਰਵਾਇਆ। ਇਸ ਮੇਲੇ ’ਚ ਜ਼ਿਲ੍ਹੇ ਦੇ 33 ਸਕੂਲਾਂ ਦੇ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲੈ ਕੇ ਤਕਨੀਕੀ ਮਾਡਲਾਂ ਤੇ ਨਵੇਂ ਪ੍ਰਾਜੈਕਟਾਂ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਰੋਬੋਟਿਕਸ, ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ), ਕੰਪਿਊਟਰ ਪ੍ਰੋਗਰਾਮਿੰਗ, ਕਲਾਊਡ ਤਕਨੀਕ, ਆਈਓਟੀ ਤੇ ਵਾਤਾਵਰਨ ਪੱਖੀ ਤਕਨੀਕਾਂ ਨਾਲ ਸਬੰਧਤ ਮਾਡਲ ਪੇਸ਼ ਕੀਤੇ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮਮਤਾ ਖੁਰਾਨਾ ਸੇਠੀ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਮੁਕਾਬਲੇ ਵਿੱਚ ਪੀਐੱਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਨੌਰ (ਲੜਕੇ) ਨੇ ਪਹਿਲਾ, ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ (ਲੜਕੇ) ਨੇ ਦੂਜਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਕਾਲਾ ਨੇ ਤੀਜਾ ਸਥਾਨ ਹਾਸਲ ਕੀਤਾ। ਡੀਆਰਪੀ ਰਣਦੀਪ ਸਿੰਘ ਤੇ ਡੀਐੱਨਓ ਦਲਬੀਰ ਸਿੰਘ ਨੇ ਦੱਸਿਆ ਕਿ ਮਿਸ਼ਨ ਰਫ਼ਤਾਰ ਤਹਿਤ ਸਰਕਾਰੀ ਸਕੂਲਾਂ ’ਚ ਏਆਈ ਕੋਰਸ ਸ਼ੁਰੂ ਕੀਤੇ ਹਨ, ਤਾਂ ਜੋ ਵਿਦਿਆਰਥੀਆਂ ਨੂੰ ਭਵਿੱਖੀ ਤਕਨੀਕੀ ਲਈ ਤਿਆਰ ਕੀਤਾ ਜਾ ਸਕੇ। ਅਜਿਹੇ ਮੇਲੇ ਵਿਦਿਆਰਥੀਆਂ ’ਚ ਵਿਗਿਆਨਕ ਸੋਚ ਤੇ ਨਵੀਆਂ ਕਾਢਾਂ ਦੀ ਭਾਵਨਾ ਵਿਕਸਤ ਕਰਦੇ ਹਨ।