ਐਸਯੂਐਸ ਕਾਲਜ ਦੇ ਵਿਦਿਆਰਥੀਆਂ ਨੇ ਪਿੰਗਲਵਾੜੇ ਦਾ ਕੀਤਾ ਦੌਰਾ ਐਸਯੂਐਸ ਕਾਲਜ ਦੇ ਵਿਦਿਆਰਥੀਆਂ ਨੇ ਪਿੰਗਲਵਾੜੇ ਦਾ ਕੀਤਾ ਦੌਰਾ
Publish Date: Sun, 27 Sep 2026 05:03 PM (IST)
Updated Date: Mon, 28 Sep 2026 04:01 AM (IST)
ਪੌਦੇ ਲਾ ਕੇ ਵਾਤਾਵਰਨ ਸੰਭਾਲ ਦਾ ਦਿੱਤਾ ਸੰਦੇਸ਼ ਜਸਵੀਰ ਸਿੰਘ, ਪੰਜਾਬੀ ਜਾਗਰਣ ਸੰਗਰਰੂ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਕੌਰ ਸਿੰਘ ਡੁੱਲਟ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਐਸਯੂਐਸ ਗਰੁੱਪ ਆਫ ਇੰਸਟੀਚਿਊਸ਼ਨਜ਼ ਵੱਲੋਂ 24 ਸਤੰਬਰ ਨੂੰ ਐਨਐਸਐਸ ਦਿਵਸ ਮੌਕੇ ਵਿਦਿਆਰਥੀਆਂ ਨੂੰ ਭਗਤ ਪੂਰਨ ਸਿੰਘ ਪਿੰਗਲਵਾੜਾ, ਸੰਗਰੂਰ ਵਿਖੇ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਦਿਵਿਆਂਗ ਵਿਅਕਤੀਆਂ ਅਤੇ ਬਜ਼ੁਰਗਾਂ ਪ੍ਰਤੀ ਸੰਵੇਦਨਸ਼ੀਲਤਾ, ਸੇਵਾ-ਭਾਵਨਾ, ਸਤਿਕਾਰ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਨੇ ਪਿੰਗਲਵਾੜਾ ਵਿਖੇ ਰਹਿ ਰਹੇ ਦਿਵਿਆਂਗ ਵਿਅਕਤੀਆਂ ਅਤੇ ਬਜ਼ੁਰਗਾਂ ਨਾਲ ਸਮਾਂ ਬਿਤਾਇਆ ਤੇ ਉਨ੍ਹਾਂ ਦੀਆਂ ਜ਼ਰੂਰਤਾਂ, ਜੀਵਨ-ਸਥਿਤੀਆਂ ਅਤੇ ਦੇਖਭਾਲ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਵਿਦਿਆਰਥੀਆਂ ਨੇ ਮਹਿਸੂਸ ਕੀਤਾ ਕਿ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਦੀ ਸਹਾਇਤਾ ਕਰਨਾ ਕੇਵਲ ਸਮਾਜਿਕ ਜ਼ਿੰਮੇਵਾਰੀ ਹੀ ਨਹੀਂ, ਸਗੋਂ ਇੱਕ ਮਹੱਤਵਪੂਰਨ ਮਨੁੱਖੀ ਫਰਜ਼ ਵੀ ਹੈ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਵਿੱਚ ਐੱਨਐੱਸਐੱਸ ਦੀ ਭਾਵਨਾ ‘ਮੈਂ ਨਹੀਂ, ਤੁਸੀਂ’ ਨੂੰ ਹੋਰ ਮਜ਼ਬੂਤ ਕੀਤਾ ਗਿਆ। ਵਿਦਿਆਰਥੀਆਂ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ, ਲੋੜਵੰਦਾਂ ਦੀ ਸਹਾਇਤਾ ਕਰਨ ਅਤੇ ਹਰ ਵਿਅਕਤੀ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ ਗਿਆ। ਦੌਰੇ ਤੋਂ ਬਾਅਦ ਕਾਲਜ ਦੇ ਐੱਨਐੱਸਐੱਸ ਵਿਭਾਗ ਅਤੇ ਵਲੰਟੀਅਰਾਜ਼ ਵੱਲੋਂ ਸੰਸਥਾ ਦੇ ਕੈਂਪਸ ’ਚ ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਲਈ ਪੌਦੇ ਲਾਏ ਗਏ ਤੇ ਸਫਾਈ ਅਭਿਆਨ ਚਲਾਇਆ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਐਨਐਸਐਸ ਸਬੰਧੀ ਲੇਖ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵੰਤ ਕੌਰ ਨੇ ਕਿਹਾ ਕਿ ਐਨਐਸਐਸ ਵਿਦਿਆਰਥੀਆਂ ਨੂੰ ਸਿਰਫ਼ ਸਿੱਖਿਆ ਹੀ ਨਹੀਂ ਦਿੰਦਾ, ਸਗੋਂ ਉਨ੍ਹਾਂ ਵਿੱਚ ਸੇਵਾ, ਸਹਿਯੋਗ, ਸੰਵੇਦਨਸ਼ੀਲਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਸੇਵਾ ਕਰਨਾ ਅਤੇ ਵਾਤਾਵਰਨ ਦੀ ਸੰਭਾਲ ਕਰਨਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ। ਸਮੁੱਚੇ ਸਮਾਗਮ ਦੀ ਵਾਗਡੋਰ ਐਨਐਸਐਸ ਦੇ ਪ੍ਰੋਗਰਾਮ ਅਫ਼ਸਰਾਂ ਪ੍ਰੋ. ਰਮਨਦੀਪ ਸਿੰਘ, ਪ੍ਰੋ. ਲਵਪ੍ਰੀਤ ਸਿੰਘ ਅਤੇ ਪ੍ਰੋ. ਜੋਤੀ ਵੱਲੋਂ ਸੰਭਾਲੀ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਰਾਜਵਿੰਦਰ ਸਿੰਘ (ਈਟੀਟੀ) ਹਾਜ਼ਰ ਸਨ।