- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟੈਗੋਰ ਇੰਟਰਨੈਸ਼ਨਲ ਸਕੂਲ ਨੈਸ਼ਨਲ ਐਵਾਰਡ ਨਾਲ ਸਨਮਾਨਿਤ

ਜੀਐਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ : ਟੈਗੋਰ ਇੰਟਰਨੈਸ਼ਨਲ ਸਕੂਲ, ਅਕਬਰਪੁਰ ਅਫ਼ਗਾਨਾ ਨੇ ਸਿੱਖਿਆ ਦੇ ਖੇਤਰ ’ਚ ਇਕ ਹੋਰ ਸ਼ਾਨਦਾਰ ਮੀਲ ਪੱਥਰ ਸਥਾਪਿਤ ਕਰਦਿਆਂ ਰਾਸ਼ਟਰੀ ਪੱਧਰ ’ਤੇ ਆਪਣੀ ਵਿਲੱਖਣ ਪਛਾਣ ਬਣਾਉਂਦਿਆਂ ਸਕੂਲ ਨੂੰ ਫੈਪ (ਐਫਏਪੀ) ਨੈਸ਼ਨਲ ਐਵਾਰਡ 2026 ਬੈਸਟ ਸਕੂਲ (ਅਕਾਦਮਿਕ ਅਚੀਵਮੈਂਟ) ਨਾਲ ਸਨਮਾਨਿਤ ਕੀਤਾ ਗਿਆ ਹੈ। ਬਾਰ੍ਹਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਸਭ ਤੋਂ ਵੱਧ ਟਾਪਰ ਦੇਣ ਵਾਲੇ ਸਕੂਲਾਂ ਵਿੱਚ ਸ਼ਾਮਲ ਹੋਣ ਸਦਕਾ ਸਕੂਲ ਨੇ ਦੇਸ਼ ਦੇ ਟਾਪ-50 ਸਕੂਲਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਤੋਂ ਇਲਾਵਾ ਸਕੂਲ ਦੀਆਂ ਤਿੰਨ ਹੋਣਹਾਰ ਵਿਦਿਆਰਥਣਾਂ ਡਿੰਪਲ, ਗੁਰਲੀਨ ਅਤੇ ਇਸ਼ਿਕਾ ਨੂੰ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 97 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਲਈ ਵੱਕਾਰੀ ‘ਪ੍ਰਾਈਡ ਆਫ ਇੰਡੀਆ ਅਕਾਦਮਿਕ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਸ ਮਾਣਮੱਤੀ ਸਫਲਤਾ ’ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸਲੋਨੀ ਗੁਲਾਟੀ, ਮੈਨੇਜਰ ਸੁਸ਼ੀਲ ਮਿਸ਼ਰਾ ਅਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਸਮਰਪਿਤ ਭਾਵਨਾ ਅਤੇ ਸਕੂਲ ਪ੍ਰਬੰਧਨ ਦੀ ਦੂਰਦਰਸ਼ੀ ਸੋਚ ਦਾ ਨਤੀਜਾ ਹੈ। ਉਨ੍ਹਾਂ ਨੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸ ਸਫਲਤਾ ਲਈ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਸਿੱਖਿਆ ਹੀ ਨਹੀਂ, ਸਗੋਂ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਕੇ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨਾ ਹੈ।