- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟੈਗੋਰ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਜਿੱਤੇ 6 ਸੋਨ ਦੇ ਤਗਮੇ

ਜੀਐਸ. ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਪੋਲੋ ਗਰਾਊਂਡ ਵਿਖੇ 27 ਸਤੰਬਰ ਤੋਂ 1 ਅਕਤੂਬਰ ਤੱਕ ਕਰਵਾਏ ਗਏ ਹੈਂਡਬਾਲ ਮੁਕਾਬਲਿਆਂ ਵਿਚ ਟੈਗੋਰ ਇੰਟਰਨੈਸ਼ਨਲ ਸਕੂਲ, ਅਕਬਰਪੁਰ ਅਫ਼ਗਾਨਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਉਮਰ ਵਰਗਾਂ ਵਿਚ 6 ਸੋਨ ਤਗਮੇ ਤੇ 2 ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀ ਅੰਡਰ-14 ਲਡ਼ਕਿਆਂ ਦੀ ਟੀਮ ਨੇ ਸੋਨ ਤਗਮਾ ਤੇ ਲਡ਼ਕੀਆਂ ਦੀ ਟੀਮ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਵਰਗ ਵਿੱਚ ਲਡ਼ਕਿਆਂ ਅਤੇ ਲਡ਼ਕੀਆਂ ਦੋਵਾਂ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਗਮੇ ਜਿੱਤੇ। ਅੰਡਰ-21 ਵਰਗ ਵਿੱਚ ਵੀ ਲਡ਼ਕਿਆਂ ਅਤੇ ਲਡ਼ਕੀਆਂ ਦੋਵਾਂ ਦੀਆਂ ਟੀਮਾਂ ਨੇ ਸੋਨ ਤਗਮੇ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਸਕੂਲ ਦੇ ਖਿਡਾਰੀਆਂ ਨੇ ਸਾਰੇ ਉਮਰ ਵਰਗਾਂ ਵਿੱਚ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ। ਉਨ੍ਹਾਂ ਦੀ ਇਸ ਸਫ਼ਲਤਾ ਪਿੱਛੇ ਖਿਡਾਰੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਕੋਚ ਲਤੀਫ਼ ਮੁਹੰਮਦ ਦੀ ਯੋਗ ਅਗਵਾਈ ਦਾ ਅਹਿਮ ਯੋਗਦਾਨ ਰਿਹਾ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸਲੋਨੀ ਗੁਲਾਟੀ, ਮੈਨੇਜਰ ਡਾ. ਸੁਸ਼ੀਲ ਮਿਸ਼ਰਾ ਅਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਖਿਡਾਰੀਆਂ, ਕੋਚ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਪਡ਼੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਉਤਸ਼ਾਹਿਤ ਕਰਦਾ ਹੈ ਅਤੇ ਭਵਿੱਖ ਵਿੱਚ ਵੀ ਖਿਡਾਰੀਆਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।