ਮਾਨਸਿਕ ਸਿਹਤ ਬਾਰੇ ਖੁੱਲ੍ਹ ਕੇ ਗੱਲ ਕਰਨਾ ਸਮੇਂ ਦੀ ਮੁੱਖ ਲੋੜ : ਗਿੱਲ ਮਾਨਸਿਕ ਸਿਹਤ ਬਾਰੇ ਖੁੱਲ੍ਹ ਕੇ ਗੱਲ ਕਰਨਾ ਸਮੇਂ ਦੀ ਮੁੱਖ ਲੋੜ : ਅਮਨਦੀਪ ਗਿੱਲ
Publish Date: Tue, 13 Oct 2026 04:41 PM (IST)
Updated Date: Tue, 13 Oct 2026 04:42 PM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਯੂਨੀਵਰਸਿਟੀ ਕਾਲਜ ਘਨੌਰ ਦੇ ਮਨੋਵਿਗਿਆਨ ਵਿਭਾਗ ਵੱਲੋਂ ਸਹਾਇਕ ਪ੍ਰੋਫੈਸਰ ਅਮਨਦੀਪ ਗਿੱਲ ਦੀ ਅਗਵਾਈ ਹੇਠ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਪੋਸਟਰ ਮੁਕਾਬਲਾ, ਤਣਾਅ ਘਟਾਉਣ ਸਬੰਧੀ ਗਤੀਵਿਧੀਆਂ ਤੇ ਨਾਟਕ ਸਮੇਤ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਸਹਾਇਕ ਪ੍ਰੋਫੈਸਰ ਅਮਨਦੀਪ ਗਿੱਲ ਨੇ ਵਿਦਿਆਰਥੀਆਂ ਨੂੰ ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਸਾਲ 2026 ਦੇ ਵਿਸ਼ੇ ਅਸਲ ਤਜ਼ਰਬਿਆਂ ਨੂੰ ਸੁਣਨਾ: ਅਸਲ ਆਵਾਜ਼ਾਂ, ਅਸਲ ਬਦਲਾਅ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਮਾਨਸਿਕ ਸਿਹਤ ਸਰੀਰਕ ਸਿਹਤ ਜਿੰਨੀ ਹੀ ਮਹੱਤਵਪੂਰਨ ਹੈ। ਤਣਾਅ, ਚਿੰਤਾ ਤੇ ਹੋਰ ਮਾਨਸਿਕ ਸਮੱਸਿਆਵਾਂ ਬਾਰੇ ਖੁੱਲ੍ਹ ਕੇ ਗੱਲ ਕਰਨਾ, ਦੂਜਿਆਂ ਦੀਆਂ ਭਾਵਨਾਵਾਂ ਨੂੰ ਸਮਝਣਾ ਅਤੇ ਲੋੜ ਪੈਣ ’ਤੇ ਸਹਾਇਤਾ ਲੈਣਾ ਬਹੁਤ ਜ਼ਰੂਰੀ ਹੈ। ਸਮਾਗਮ ’ਚ ਬੀ.ਏ. ਦੇ ਤਿੰਨਾਂ ਸਾਲਾਂ ਦੇ ਕੁੱਲ 32 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ ਤੇ ਵਿਦਿਆਰਥੀਆਂ ਨੂੰ ਤਣਾਅ ਘਟਾਉਣ ਤੇ ਮਾਨਸਿਕ ਸਕੂਨ ਪ੍ਰਾਪਤ ਕਰਨ ਨਾਲ ਸਬੰਧਤ ਇੰਟਰਐਕਟਿਵ ਗਤੀਵਿਧੀਆਂ ਵਿੱਚ ਸ਼ਾਮਲ ਕੀਤਾ ਗਿਆ। ਇਸ ਤੋਂ ਇਲਾਵਾ, ਬੀ.ਏ. ਭਾਗ ਤੀਜਾ ਦੇ ਮਨੋਵਿਗਿਆਨ ਵਿਸ਼ੇ ਦੇ ਵਿਦਿਆਰਥੀਆਂ ਵੱਲੋਂ ਇੱਕ ਨਾਟਕ ਪੇਸ਼ ਕੀਤਾ ਗਿਆ, ਜਿਸ ਰਾਹੀਂ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ ਅਤੇ ਇਸ ਨਾਲ ਜੁੜੇ ਮੁੱਦਿਆਂ ਨੂੰ ਸਮਝਣ ਦਾ ਸੁਨੇਹਾ ਦਿੱਤਾ ਗਿਆ। ਪੋਸਟਰ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।