ਸੋਸ਼ਲ ਮੀਡੀਆ ਉੱਤੇ ਪਾਈ ਇਸ ਵੀਡੀਓ ਵਿਚ ਮ੍ਰਿਤਕ ਨੇ ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕ ਨਿਰਮਲ ਸਿੰਘ ਅਤੇ ਪੁਲਿਸ ਦੇ ਇੱਕ ਅਧਿਕਾਰੀ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਲਾਏ ਹਨ।

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ ,ਪਾਤੜਾਂ : ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਹਾਮਝੇੜੀ ਵਾਸੀ ਟੈਕਸੀ ਚਾਲਕ ਨਾਲ ਕੁਝ ਵਿਅਕਤੀਆਂ ਦੀ ਲੜਾਈ ਨੇ ਉਸ ਵੇਲੇ ਗੰਭੀਰ ਰੂਪ ਧਾਰਨ ਕਰ ਲਿਆ, ਜਦੋਂ ਟੈਕਸੀ ਚਾਲਕ ਨੇ ਵੀਡੀਓ ਬਣਾਉਣ ਤੋਂ ਬਾਅਦ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਸੋਸ਼ਲ ਮੀਡੀਆ ਉੱਤੇ ਪਾਈ ਇਸ ਵੀਡੀਓ ਵਿਚ ਮ੍ਰਿਤਕ ਨੇ ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕ ਨਿਰਮਲ ਸਿੰਘ ਅਤੇ ਪੁਲਿਸ ਦੇ ਇੱਕ ਅਧਿਕਾਰੀ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਲਾਏ ਹਨ। ਮਾਮਲੇ ਸਬੰਧੀ ਸ਼ਨੀਵਾਰ ਨੂੰ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਚਾਰ ਵਿਅਕਤੀਆਂ ਸਮੇਤ ਕੁਝ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ ਪਰ ਪਰਿਵਾਰ ਵੱਲੋਂ ਮ੍ਰਿਤਕ ਦਾ ਸਸਕਾਰ ਨਹੀਂ ਕੀਤਾ ਗਿਆ ਜਿਸ ਦੇ ਚਲਦਿਆਂ ਐਤਵਾਰ ਨੂੰ ਪੁਲਿਸ ਨੇ ਇੱਕ ਹੋਰ ਵਿਅਕਤੀ ਨੂੰ ਕੇਸ ਵਿੱਚ ਨਾਮਜ਼ਦ ਕਰਨ ਦੇ ਨਾਲ-ਨਾਲ ਕੇਸ ਵਿਚ ਐਸਸੀ ਐਕਟ ਦੀਆਂ ਧਾਰਾਵਾਂ ਤਹਿਤ ਵਾਧਾ ਕੀਤਾ ਹੈ।
ਥਾਣਾ ਮੁਖੀ ਪਾਤੜਾਂ ਹਰਪ੍ਰੀਤ ਸਿੰਘ ਨੇ ਮੌਕੇ ਉੱਤੇ ਪਹੁੰਚ ਕੇ ਪਰਿਵਾਰ ਨੂੰ ਸ਼ਾਂਤ ਕਰਦਿਆਂ ਮ੍ਰਿਤਕ ਦਾ ਅੰਤਿਮ ਸਸਕਾਰ ਕਰਨ ਦੀ ਅਪੀਲ ਕੀਤੀ ਪਰ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ਤੋਂ ਖਫਾ ਪਰਿਵਾਰਕ ਮੈਂਬਰ ਰਿਸ਼ਤੇਦਾਰ ਅਤੇ ਪਿੰਡ ਵਾਸੀ ਸਸਕਾਰ ਨਾ ਕਰਨ ਦੀ ਜਿੱਦ ਉਤੇ ਅੜੇ ਹੋਏ ਹਨ। ਇਸ ਦੌਰਾਨ ਹਲਕਾ ਸ਼ੁਤਰਾਣਾ ਦੇ ਲੋਕ ਆਗੂ ਜਤਿੰਦਰ ਸਿੰਘ ਮੱਟੂ ਨੇ ਪਿੰਡ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਕਥਿਤ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਹਾਮਝੇੜੀ ਵਾਸੀ ਮ੍ਰਿਤਕ ਬਲਜਿੰਦਰ ਸਿੰਘ ਦੇ ਪੁੱਤਰ ਕ੍ਰਿਸ਼ਨ ਸਿੰਘ, ਪਤਨੀ ਕੁਲਦੀਪ ਕੌਰ, ਨੌਜਵਾਨ ਆਗੂ ਜਰਨੈਲ ਸਿੰਘ ਜੈਲੀ, ਸੂਬਾ ਸਿੰਘ, ਖੁਸ਼ੀ ਨੰਬੜਦਾਰ, ਟੈਕਸੀ ਯੂਨੀਅਨ ਦੇ ਪ੍ਰਧਾਨ ਸਰਬਜੀਤ ਸਿੰਘ ਨੇ ਨੀਟਾ ਪਾਤੜਾਂ ਕਿਹਾ ਕਿ ਜਦੋਂ ਤੱਕ ਪੁਲਿਸ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਲੈਂਦੀ ਉਦੋਂ ਤੱਕ ਮਿ੍ਰਤਕ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।
ਥਾਣਾ ਮੁਖੀ ਪਾਤੜਾਂ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਕ੍ਰਿਸ਼ਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮੇਜਰ ਸਿੰਘ, ਕਰਮਜੀਤ ਸਿੰਘ ਉਰਫ਼ ਪੀਚਾ, ਬੰਟੀ ਵਾਸੀ ਪਾਤੜਾਂ, ਦੀਪਕ ਵਾਸੀ ਸਮਾਣਾ ਅਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ । ਇਸ ਮਾਮਲੇ ਵਿੱਚ ਇੱਕ ਹੋਰ ਕਥਿਤ ਦੋਸ਼ੀ ਹਰਦੇਵ ਸਿੰਘ ਬਿੱਲਾ ਨੂੰ ਨਾਮਜ਼ਦ ਕਰਨ ਦੇ ਨਾਲ-ਨਾਲ ਕੇਸ ’ਚ ਐਸਸੀ ਐਕਟ ਦੀਆਂ ਧਰਾਵਾਂ ਤਹਿਤ ਵਾਧਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪੁਲਿਸ ਵੱਖ-ਵੱਖ ਟੀਮਾਂ ਦਾ ਗਠਨ ਕਰ ਕੇ ਕਥਿਤ ਦੋਸ਼ੀਆਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਅਤੇ ਜਲਦੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
---
ਸਾਬਕਾ ਵਿਧਾਇਕ ਨੇ ਦੋਸ਼ਾਂ ਦਾ ਕੀਤਾ ਖੰਡਨ
ਮਾਮਲੇ ਸਬੰਧੀ ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕ ਨਿਰਮਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਉਹ ਕਾਫ਼ੀ ਸਮੇਂ ਤੋਂ ਰਾਜਨੀਤੀ ਤੋਂ ਬਾਹਰ ਹਨ। ਉਹ ਨਾ ਤਾਂ ਮ੍ਰਿਤਕ ਵਿਅਕਤੀ ਨੂੰ ਜਾਣਦੇ ਹਨ ਅਤੇ ਨਾ ਹੀ ਉਨ੍ਹਾਂ ਕਿਸੇ ਨੂੰ ਕੋਈ ਫ਼ੋਨ ਕੀਤਾ ਹੈ। ਉਨ੍ਹਾਂ ਨੂੰ ਕਿਸੇ ਸਾਜ਼ਿਸ਼ ਤਹਿਤ ਮਾਮਲੇ ਨਾਲ ਜੋੜਿਆ ਜਾ ਰਿਹਾ ਹੈ।