ਪੱਤਰ ਪੇ੍ਰਰਕ, ਪਟਿਆਲਾ : ਸਾਂਝੇ ਅਧਿਆਪਕ ਮੋਰਚੇ ਨੇ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਦਿਆਂ ਸਿੱਖਿਆ ਦਾ ਲਗਾਤਾਰ ਉਜਾੜਾ ਕਰਨ, ਸਿੱਖਿਆ ਮੰਤਰੀ ਵੱਲੋਂ ਸਮਾਂ ਦੇ ਕੇ ਮੀਟਿੰਗ ਨਾ ਕਰਨ ਅਤੇ ਅਧਿਆਪਕ-ਮੁਲਾਜ਼ਮ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਹੋਣ ਦੇ ਰੋਸ ਵਜੋਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਖ਼ਿਲਾਫ਼ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ।

ਸਾਂਝਾ ਅਧਿਆਪਕ ਮੋਰਚਾ ਦੇ ਸੂਬਾ ਕਨਵੀਨਰਾਂ ਸੁਖਵਿੰਦਰ ਸਿੰਘ ਚਾਹਲ, ਵਿਕਰਮ ਦੇਵ ਸਿੰਘ, ਹਰਜੀਤ ਸਿੰਘ ਬਸੋਤਾ, ਬਲਕਾਰ ਸਿੰਘ ਵਲਟੋਹਾ, ਬਲਜੀਤ ਸਿੰਘ ਸਲਾਣਾ ਅਤੇ ਕੋ ਕਨਵੀਨਰਾਂ ਸੁਖਰਾਜ ਸਿੰਘ ਕਾਹਲੋਂ ਤੇ ਸੁਖਜਿੰਦਰ ਸਿੰਘ ਹਰੀਕਾ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਪ੍ਰਰਾਇਮਰੀ ਸਿੱਖਿਆ ਤੰਤਰ ਦੇ ਕੁੱਲ ਖਾਤਮੇ ਦੇ ਨਿਸ਼ਾਨੇ ਤਹਿਤ ਪ੍ਰਰੀ-ਪ੍ਰਰਾਇਮਰੀ ਅਤੇ ਪ੍ਰਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਦਾਖਲਾ ਸੀਨੀਅਰ ਸੈਕੰਡਰੀ ਸਕੂਲਾਂ 'ਚ ਕਰਨ ਦੇ ਜ਼ੁਬਾਨੀ ਹੁਕਮ ਦਿੱਤੇ ਜਾ ਰਹੇ ਹਨ। ਇਸ ਦੇ ਸਿੱਟੇ ਵਜੋਂ ਪ੍ਰਰਾਇਮਰੀ 'ਚ ਡਾਇਰੈਕਟੋਰੇਟ ਦੀ ਵੱਖਰੀ ਹੋਂਦ, ਤਰੱਕੀਆਂ ਅਤੇ ਨਵੀਂ ਭਰਤੀ 'ਤੇ ਵੱਡਾ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਇਸੇ ਤਰ੍ਹਾਂ ਮਿਡਲ ਸਕੂਲਾਂ 'ਚ ਮੌਜੂਦ ਛੇ ਅਸਾਮੀਆਂ 'ਚੋਂ ਪਹਿਲਾਂ ਆਰਟ ਐਂਡ ਕਰਾਫਟ ਅਤੇ ਪੀਟੀਆਈ ਦੀਆਂ ਅਸਾਮੀਆਂ ਖਤਮ ਕਰ ਦਿੱਤੀਆਂ ਗਈਆਂ, ਫਿਰ 228 ਪੀਟੀਆਈ ਨੂੰ ਜਬਰੀ ਬੀਪੀਓ ਦਫਤਰਾਂ ਵਿਚ ਸ਼ਿਫਟ ਕਰ ਦਿੱਤਾ ਗਿਆ ਅਤੇ ਹੁਣ ਮਿਡਲ ਸਕੂਲਾਂ ਦੀਆਂ ਪੋਸਟਾਂ ਸੀਨੀਅਰ ਸੈਕੰਡਰੀ ਵਿਚ ਸ਼ਿਫਟ ਕਰਕੇ ਮਿਡਲ ਸਕੂਲਾਂ ਦੀ ਸੁਤੰਤਰ ਹੋਂਦ ਖ਼ਤਮ ਕੀਤੀ ਜਾ ਰਹੀ ਹੈ।

ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਸ਼ਟਰੀ ਸਿੱਖਿਆ ਨੀਤੀ-2020 ਤਹਿਤ ਪ੍ਰਰਾਇਮਰੀ ਸਿੱਖਿਆ ਤੰਤਰ ਅਤੇ ਮਿਡਲ ਸਕੂਲਾਂ ਦੇ ਖਾਤਮੇ ਦੀ ਇਬਾਰਤ ਲਿਖੀ ਜਾ ਰਹੀ ਹੈ। ਆਗੂਆਂ ਨੇ ਸਮੂਹ ਅਧਿਆਪਕਾਂ ਨੂੰ ਸੰਘਰਸ਼ ਦੇ ਮੈਦਾਨ 'ਚ ਕੁੱਦਣ ਅਤੇ ਪ੍ਰਰਾਇਮਰੀ ਤੇ ਮਿਡਲ ਸਕੂਲਾਂ ਦੇ ਉਜਾੜੇ ਖਿਲਾਫ 17 ਮਈ ਨੂੰ ਬਲਾਕ/ਤਹਿਸੀਲ ਪੱਧਰੀ ਅਰਥੀ ਫੂਕ ਮੁਜ਼ਾਹਰਿਆਂ ਦਾ ਬੱਝਵਾਂ ਹਿੱਸਾ ਬਣਨ ਦਾ ਸੱਦਾ ਦਿੱਤਾ।

ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ 'ਤੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਵੱਲੋਂ ਸਾਲ 2011 'ਚ ਅਧਿਆਪਕਾਂ ਸਮੇਤ ਹੋਰਨਾਂ ਵਰਗਾਂ ਦੇ ਤਨਖਾਹ ਗਰੇਡਾਂ 'ਚ ਹੋਏ ਵਾਧੇ ਨੂੰ ਰੱਦ ਕਰਨ ਦੀ ਸਿਫਾਰਸ਼ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ, ਪੈਂਡਿੰਗ ਮਹਿੰਗਾਈ ਭੱਤੇ ਨਾ ਜਾਰੀ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕਰਨ, ਨਵੀਂ ਭਰਤੀ 'ਤੇ ਕੇਂਦਰੀ ਸਕੇਲ ਤੋਂ ਵੀ ਬਹੁਤ ਘੱਟ ਤਨਖ਼ਾਹ ਗਰੇਡ ਥੋਪਣ ਦੇ ਵਿਰੋਧ ਵਿਚ 20-21 ਮਈ ਨੂੰ ਅਧਿਆਪਕ ਵੀ ਆਪਣੇ ਆਪਣੇ ਸਕੂਲਾਂ ਅੱਗੇ ਰੋਸ ਪ੍ਰਦਰਸ਼ਨ ਕਰਨਗੇ। ਆਗੂਆਂ ਨੇ ਦੱਸਿਆ ਕਿ 14 ਮਈ ਨੂੰ ਕੈਬਨਿਟ ਮੰਤਰੀ ਓਪੀ ਸੋਨੀ ਨੂੰ ਅੰਮਿ੍ਤਸਰ, ਬ੍ਹਮ ਮਹਿੰਦਰਾ ਨੂੰ ਪਟਿਆਲਾ, ਸੁਖਜਿੰਦਰ ਰੰਧਾਵਾ ਨੂੰ ਬਟਾਲਾ ਅਤੇ ਮਨਪ੍ਰਰੀਤ ਬਾਦਲ ਨੂੰ ਬਠਿੰਡਾ ਵਿਖੇ ਰੋਸ ਪੱਤਰ ਸੌਂਪੇ ਜਾਣਗੇ। ਇਸ ਮੌਕੇ ਮੁਕੇਸ਼ ਕੁਮਾਰ, ਕੁਲਦੀਪ ਸਿੰਘ ਦੌੜਕਾ, ਸੁਰਿੰਦਰ ਕੁਮਾਰ ਪੁਆਰੀ, ਗੁਰਜੀਤ ਸਿੰਘ ਮੋਹਾਲੀ, ਹਰਬੰਸ ਸਿੰਘ ਹਰਜ਼ੀਆਂ, ਕਰਨੈਲ ਸਿੰਘ ਫਿਲੌਰ, ਮਲਕੀਤ ਸਿੰਘ ਕੱਦਗਿੱਲ, ਦਵਿੰਦਰ ਸਿੰਘ ਕਪੂਰਥਲਾ ਅਤੇ ਹਰਕਮਲ ਸਿੰਘ ਸੰਧੂ ਵੀ ਹਾਜ਼ਰ ਸਨ।