ਪਾਵਰਕਾਮ ਸਾਬਕਾ CMD ਤੇ ਇੰਜੀਨੀਅਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਭੜਕੇ ਟੈਕਨੋਕ੍ਰੇਟਸ; CM Mann ਨੂੰ ਪੱਤਰ ਲਿਖ ਕੇ ਨਿਰਪੱਖ ਨਿਆਂਇਕ ਜਾਂਚ ਦੀ ਕੀਤੀ ਮੰਗ
ਐਸੋਸੀਏਸ਼ਨ ਨੇ ਇਸ ਕਾਰਵਾਈ ਨੂੰ ਪੱਖਪਾਤੀ ਅਤੇ ਨਿਸ਼ਾਨਾ ਬਣਾ ਕੇ ਕੀਤੀ ਗਈ ਕਾਰਵਾਈ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਰਸਮੀ ਪੱਤਰ ਲਿਖ ਕੇ ਦਖ਼ਲ ਦੇਣ ਦੀ ਮੰਗ ਕੀਤੀ ਹੈ।ਐਸੋਸੀਏਸ਼ਨ ਦਾ ਕਹਿਣਾ ਹੈ ਕਿ ਇਹ ਮਾਮਲਾ ਕਰੀਬ 15 ਸਾਲ ਪੁਰਾਣਾ ਹੈ। ਜਿਹੜੇ ਅਧਿਕਾਰੀ 9 ਸਾਲ ਪਹਿਲਾਂ ਸੇਵਾਮੁਕਤ ਹੋ ਚੁੱਕੇ ਹਨ, ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨ ਦਾ ਕੋਈ ਤਰਕ ਨਹੀਂ ਬਣਦਾ।
Publish Date: Thu, 21 May 2026 10:27 AM (IST)
Updated Date: Thu, 21 May 2026 10:33 AM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ: ਪੰਜਾਬ ਸਟੇਟ ਇਲੈਕਟ੍ਰੀਸਿਟੀ ਬੋਰਡ ਇੰਜੀਨੀਅਰਜ਼ ਐਸੋਸੀਏਸ਼ਨ ਨੇ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. ਇੰਜੀਨੀਅਰ ਕੇ.ਡੀ. ਚੌਧਰੀ ਅਤੇ ਸੇਵਾਮੁਕਤ ਚੀਫ਼ ਇੰਜੀਨੀਅਰ ਇੰਜੀਨੀਅਰ ਸੰਜੀਵ ਪ੍ਰਭਾਕਰ ਦੀ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਐਸੋਸੀਏਸ਼ਨ ਨੇ ਇਸ ਕਾਰਵਾਈ ਨੂੰ ਪੱਖਪਾਤੀ ਅਤੇ ਨਿਸ਼ਾਨਾ ਬਣਾ ਕੇ ਕੀਤੀ ਗਈ ਕਾਰਵਾਈ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਰਸਮੀ ਪੱਤਰ ਲਿਖ ਕੇ ਦਖ਼ਲ ਦੇਣ ਦੀ ਮੰਗ ਕੀਤੀ ਹੈ।ਐਸੋਸੀਏਸ਼ਨ ਦਾ ਕਹਿਣਾ ਹੈ ਕਿ ਇਹ ਮਾਮਲਾ ਕਰੀਬ 15 ਸਾਲ ਪੁਰਾਣਾ ਹੈ। ਜਿਹੜੇ ਅਧਿਕਾਰੀ 9 ਸਾਲ ਪਹਿਲਾਂ ਸੇਵਾਮੁਕਤ ਹੋ ਚੁੱਕੇ ਹਨ, ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨ ਦਾ ਕੋਈ ਤਰਕ ਨਹੀਂ ਬਣਦਾ।
ਪੱਤਰ ਵਿੱਚ ਲਿਖਿਆ ਗਿਆ ਹੈ ਕਿ ਵਿਜੀਲੈਂਸ ਕੋਲ ਪਿਛਲੇ 5 ਸਾਲਾਂ ਤੋਂ ਸ਼ਿਕਾਇਤ ਅਤੇ ਸਾਰੇ ਰਿਕਾਰਡ ਮੌਜੂਦ ਸਨ, ਪਰ ਸਮੇਂ ਸਿਰ ਚਾਰਜਸ਼ੀਟ ਦਾਖਲ ਨਹੀਂ ਕੀਤੀ ਗਈ। ਐਸੋਸੀਏਸ਼ਨ ਨੇ ਦੋਸ਼ ਲਾਇਆ ਕਿ ਵਿਜੀਲੈਂਸ ਵਿਭਾਗ ਆਪਣਾ ਅਕਸ ਬਚਾਉਣ ਲਈ ਝੂਠਾ ਬਿਰਤਾਂਤ ਸਿਰਜ ਰਿਹਾ ਹੈ। ਇਸ ਅਚਨਚੇਤ ਅਤੇ ਮਨਮਾਨੀ ਕਾਰਵਾਈ ਕਾਰਨ ਪਾਵਰ ਸੈਕਟਰ ਦੇ ਮੌਜੂਦਾ ਅਧਿਕਾਰੀਆਂ ਵਿੱਚ ਡਰ ਅਤੇ ਨਿਰਾਸ਼ਾ ਦਾ ਮਾਹੌਲ ਹੈ, ਜਿਸ ਨਾਲ ਸੁਤੰਤਰ ਫੈਸਲੇ ਲੈਣ ਦੀ ਸਮਰੱਥਾ ਪ੍ਰਭਾਵਿਤ ਹੋਵੇਗੀ।
ਐਸੋਸੀਏਸ਼ਨ ਨੇ ਮੰਗ ਕੀਤੀ ਕਿ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਇਸ ਕੇਸ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜਾਂ ਸੇਵਾਮੁਕਤ ਸੀਨੀਅਰ ਜੱਜ ਹਵਾਲੇ ਕੀਤੀ ਜਾਵੇ। ਐਸੋਸੀਏਸ਼ਨ ਨੇ ਮੁੱਖ ਮੰਤਰੀ ਤੋਂ ਤੁਰੰਤ ਮੀਟਿੰਗ ਦਾ ਸਮਾਂ ਮੰਗਿਆ ਹੈ ਤਾਂ ਜੋ ਕੇਸ ਦੇ ਤੱਥਾਂ ਅਤੇ ਪਾਵਰ ਸੈਕਟਰ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਸਕੇ।
ਇਸ ਪੱਤਰ ਦੀਆਂ ਕਾਪੀਆਂ ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ, ਮੁੱਖ ਸਕੱਤਰ (ਪੰਜਾਬ) ਅਤੇ ਸਕੱਤਰ/ਬਿਜਲੀ ਨੂੰ ਵੀ ਲੋੜੀਂਦੀ ਕਾਰਵਾਈ ਲਈ ਭੇਜੀਆਂ ਗਈਆਂ ਹਨ।