ਡੀਸੀ ਦਫ਼ਤਰ ਕਰਮਚਾਰੀਆਂ ਨੇ ਪੁਲਿਸ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਮਾਮਲਾ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨਾਲ ਪੁਲਿਸ ਵੱਲੋਂ ਕੀਤੀ ਬਦਸਲੂਕੀ ਦਾ
Publish Date: Tue, 17 Mar 2026 05:55 PM (IST)
Updated Date: Tue, 17 Mar 2026 05:58 PM (IST)

ਗੁਲਸ਼ਨ ਸ਼ਰਮਾ, ਪੰਜਾਬੀ ਜਾਗਰਣ, ਪਟਿਆਲਾ : ਬੀਤੇ ਦਿਨੀਂ ਜੰਡਿਆਲਾ ਗੁਰੂ ਦੀ ਪੁਲਿਸ ਵੱਲੋਂ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੂੰ ਰਾਤ ਨੂੰ ਘਰੋਂ ਚੁੱਕ ਕੇ ਕੀਤੇ ਗਏ ਅਣ-ਮਨੁੱਖੀ ਵਿਵਹਾਰ ਦੇ ਰੋਸ ਵਜੋਂ ਪਟਿਆਲਾ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਉਥੋਂ ਦੀ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਇਨਸਾਫ ਦੀ ਮੰਗ ਕੀਤੀ ਗਈ ਹੈ। ਵੱਖ-ਵੱਖ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਾਡੀ ਜਥੇਬੰਦੀ ਦਿ ਪੰਜਾਬ ਰਾਜ ਜ਼ਿਲ੍ਹਾ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਦੇ ਪਿੰਡ ਨੰਗਲ ਦਿਆਲ ਸਿੰਘ ਵਿਖੇ ਉੱਥੋਂ ਦੀ ਪੁਲਿਸ ਵੱਲੋਂ ਬੀਤੀ 9 ਮਾਰਚ ਦੀ ਰਾਤ ਨੂੰ ਉਨ੍ਹਾਂ ਦੇ ਘਰ ਪਹੁੰਚ ਕੇ ਛਾਪਾ ਮਾਰਿਆ ਅਤੇ ਬਹੁਤ ਹੀ ਗਲਤ ਤਰੀਕੇ ਨਾਲ ਉਨ੍ਹਾਂ ਦੀ ਖਿੱਚ-ਧੂਹ ਕਰਕੇ ਗ੍ਰਿਫਤਾਰ ਕਰਦਿਆਂ ਪੁਲਿਸ ਮੁਲਾਜ਼ਮਾਂ ਵੱਲੋਂ ਘਰ ਦੀਆਂ ਮਹਿਲਾਵਾਂ ਸਾਹਮਣੇ ਬਹੁਤ ਹੀ ਗੰਦੀਆਂ ਗਾਲ੍ਹਾਂ ਕੱਢੀਆਂ, ਜਾਤੀ ਸੂਚਕ ਸ਼ਬਦ ਕਹੇ ਤੇ ਉਨ੍ਹਾਂ ਦੀ ਦਾੜ੍ਹੀ ਪੁੱਟਣ ਲਈ ਹੱਥ ਪਾਇਆ। ਮੁਲਾਜ਼ਮ ਆਗੂਆਂ ਨੇ ਅੱਗੇ ਕਿਹਾ ਕਿ ਪ੍ਰਧਾਨ ਜੀ ਜੋ ਕਿ ਅੰਮ੍ਰਿਤਧਾਰੀ ਸਿੰਘ ਹਨ, ਉਨ੍ਹਾਂ ਦੇ ਸਾਰੇ ਕੱਕਾਰ ਉਤਾਰੇ ਗਏ, ਇੱਥੋਂ ਤੱਕ ਕੇ ਉਨ੍ਹਾਂ ਦੇ ਸਿਰ ਤੇ ਬੰਨਿਆ ਹੋਇਆ ਪਰਨਾ ਵੀ ਉਤਾਰ ਦਿੱਤਾ ਗਿਆ। ਜਿਸ ਤੋਂ ਬਾਅਦ ਪੰਜਾਬ ਦੇ ਸਮੂਹ ਡੀਸੀ ਦਫ਼ਤਰਾਂ ਦੇ ਮੁਲਾਜ਼ਮਾਂ ਵਿੱਚ ਰੋਸ ਦੀ ਲਹਿਰ ਫੈਲ ਗਈ। ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਮੰਗ ਕੀਤੀ ਕਿ ਉਸ ਸਮੇਂ ਅੱਤਿਆਚਾਰ ਕਰਨ ਵਾਲੀ ਪੁਲਿਸ ਪਾਰਟੀ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਡਿਸਮਿਸ ਕਰਨ ਸਬੰਧੀ ਕਾਰਵਾਈ ਕੀਤੀ ਜਾਵੇ ਅਤੇ ਬਣਦੀਆਂ ਧਾਰਾਵਾਂ ਤਹਿਤ ਪਰਚਾ ਦਰਜ ਕਰਕੇ ਸਲਾਖਾਂ ਪਿੱਛੇ ਭੇਜਿਆ ਜਾਵੇ। ਡੀਸੀ ਦਫ਼ਤਰ ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਇਨਸਾਫ ਨਾ ਮਿਲਿਆ ਤਾਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਰਾਜਵੰਤ ਕੌਰ, ਪਰਵਿੰਦਰ ਕੌਰ, ਪਰਮਜੀਤ ਕੌਰ, ਵਿਧੂ, ਪਰਮਿੰਦਰ ਕੌਰ, ਪੱਲਵੀ ਸ਼ਰਮਾ, ਹਰਪ੍ਰੀਤ ਕੌਰ, ਜਸਵਿੰਦਰ ਕੌਰ ਆਦਿ ਹਾਜ਼ਰ ਸਨ।