ਸਰਕਾਰ ਤੇ ਪ੍ਰਸ਼ਾਸਨ ਦੀਆਂ ਅਰਥੀਆਂ ਸਾੜੀਆਂ
ਸਰਕਾਰ 'ਤੇ ਪ੍ਰਸ਼ਾਸਨ ਦੀਆਂ ਅਰਥੀਆਂ ਸਾੜੀਆਂ
Publish Date: Sat, 03 Jan 2026 03:50 PM (IST)
Updated Date: Sun, 04 Jan 2026 04:14 AM (IST)
ਮਾਮਲਾ ਮੁਕੇਸ਼ ਮਲੌਦ ਨੂੰ ਗ੍ਰਿਫਤਾਰ ਕਰਨ ਦਾ
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਦਿੱਲੀ ਵਿਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰੀ ਦੇ ਵਿਰੋਧ ਵਿਚ ਜਥੇਬੰਦੀ ਵੱਲੋਂ ਦਿੱਤੇ ਸੱਦੇ ਅਨੁਸਾਰ ਬਲਾਕ ਭਵਾਨੀਗੜ੍ਹ ਦੇ ਪਿੰਡ ਬਾਲਦ ਕਲਾਂ, ਮਾਝਾ, ਮਾਝੀ, ਭੱਟੀਵਾਲ ਤੇ ਭੜੋ ਆਦਿ ਵਿਚ ਵਿਆਪਕ ਰੋਸ ਪ੍ਰਦਰਸ਼ਨ ਕੀਤੇ ਗਏ। ਕਾਰਕੁਨਾਂ ਨੇ ਪੰਜਾਬ ਸਰਕਾਰ ਤੇ ਸੰਗਰੂਰ ਪ੍ਰਸ਼ਾਸਨ ਦੀਆਂ ਅਰਥੀਆਂ (ਪੁਤਲੇ) ਸਾੜ ਕੇ ਤਿੱਖਾ ਵਿਰੋਧ ਦਰਜ ਕੀਤਾ ਤੇ ਨਾਅਰੇਬਾਜ਼ੀ ਕਰਦਿਆਂ ਮੁਕੇਸ਼ ਮਲੌਦ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ। ਬੀਤੇ ਕੱਲ੍ਹ ਵੀ ਘਰਾਚੋਂ ਤੇ ਝਨੇੜੀ ਵਿਖੇ ਪੁਤਲੇ ਫੂਕੇ ਗਏ।
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਆਗੂ ਗੁਰਚਰਨ ਘਰਾਚੋਂ ਨੇ ਕਿਹਾ ਕਿ ਮੁਕੇਸ਼ ਮਲੌਦ ਦੀ ਗ੍ਰਿਫ਼ਤਾਰੀ ਪੰਜਾਬ ’ਚ ਦਲਿਤਾਂ ਤੇ ਜ਼ਮੀਨਹੀਣਾਂ ਦੇ ਜ਼ਮੀਨੀ ਹੱਕਾਂ ਲਈ ਚੱਲ ਰਹੇ ਸੰਘਰਸ਼ ਨੂੰ ਕੁਚਲਣ ਦੀ ਸਾਜ਼ਿਸ਼ ਹੈ। ਜਿਸ ਤੋਂ ਪੰਜਾਬ ਸਰਕਾਰ ਦਾ ਦੋਗਲਾ ਚਿਹਰਾ ਨੰਗਾ ਹੋ ਚੁੱਕਿਆ ਹੈ ਇਕ ਪਾਸੇ ਸਰਕਾਰ ਮਨਰੇਗਾ ਦੇ ਨਵੇਂ ਕਾਨੂੰਨ ਦੇ ਵਿਰੋਧ ਦੇ ਵਿਚ ਮਜ਼ਦੂਰ ਹਿਤੈਸ਼ੀ ਹੋਣ ਦਾ ਢੋਂਗ ਕਰ ਰਹੀ ਹੈ ਦੂਜੇ ਪਾਸੇ ਦਲਿਤਾਂ ਦੇ ਮਸੀਹਾ ਬੇਜ਼ਮੀਨੇ ਦਲਿਤਾਂ ਦੇ ਹੱਕਾਂ ਲਈ ਲੜਨ ਵਾਲੇ ਪ੍ਰਧਾਨ ਮਲੌਦ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਵਿਚ ਡੱਕ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੇ ਸੰਗਰੂਰ ਪ੍ਰਸ਼ਾਸਨ ਦੀਆਂ ਅਰਥੀਆਂ ਸਾੜਦੇ ਹੋਏ ਮੰਗ ਕੀਤੀ ਹੈ ਕਿ ਮਜ਼ਦੂਰਾਂ ਨੂੰ ਆਗੂ ਰਹਿਤ ਕਰਨ ਦੀ ਨੀਤੀ ਬੰਦ ਕੀਤੀ ਜਾਵੇ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸਾਰੇ ਮੈਂਬਰਾਂ ਖ਼ਿਲਾਫ਼ ਝੂਠੇ ਕੇਸ ਵਾਪਸ ਲਏ ਜਾਣ। ਪ੍ਰਦਰਸ਼ਨਾਂ ਵਿੱਚ ਵੱਡੀ ਗਿਣਤੀ 'ਚ ਪਿੰਡਾ ਵਿੱਚੋ ਮਜ਼ਦੂਰਾਂ ਨੇ ਹਿੱਸਾ ਲਿਆ। ਜਥੇਬੰਦੀ ਨੇ ਐਲਾਨ ਕੀਤਾ ਕਿ ਜੇਕਰ ਮੁਕੇਸ਼ ਮਲੌਦ ਨੂੰ ਤੁਰੰਤ ਰਿਹਾ ਨਹੀਂ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।