- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਦੇਸ਼ ਨੂੰ ਜੋੜਨ ਦੀ ਬਜਾਏ ਤੋੜਨ ਦੀ ਸਿਆਸਤ ਕਰ ਰਹੀ ਹੈ: ਗੁਰਮੇਲ ਮੌੜ

.ਕਾਂਗਰਸੀ ਆਗੂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ’ਤੇ ਚੁੱਕੇ ਸਵਾਲ
ਪੰਜਾਬ ਦੀ ‘ਆਪ’ ਸਰਕਾਰ ਨੂੰ ਵੀ ਘੇਰਿਆ
ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਸ਼ੇਰਪੁਰ
ਕਾਂਗਰਸ ਪਾਰਟੀ ਦੇ ਐਸਸੀ ਡਿਪਾਰਟਮੈਂਟ ਦੇ ਜ਼ਿਲ੍ਹਾ ਚੇਅਰਮੈਨ ਅਤੇ ਹਲਕਾ ਮਹਿਲ ਕਲਾਂ ਦੇ ਕੋਆਰਡੀਨੇਟਰ ਗੁਰਮੇਲ ਸਿੰਘ ਮੌੜ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਕਿ ਦੇਸ਼ ਅੰਦਰ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਫਿਰਕਾਪ੍ਰਸਤੀ ਦੀ ਰਾਜਨੀਤੀ ਨੂੰ ਹਵਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਇਕਜੁੱਟ ਕਰਨ ਦੀ ਬਜਾਏ ਲੋਕਾਂ ਵਿੱਚ ਵੰਡੀਆਂ ਪਾਉਣ ਵਾਲੀ ਸਿਆਸਤ ਕੀਤੀ ਜਾ ਰਹੀ ਹੈ, ਜੋ ਦੇਸ਼ ਦੀ ਏਕਤਾ ਅਤੇ ਭਾਈਚਾਰਕ ਸਾਂਝ ਲਈ ਚਿੰਤਾ ਦਾ ਵਿਸ਼ਾ ਹੈ।
ਗੁਰਮੇਲ ਸਿੰਘ ਮੌੜ ਨੇ ਕਿਹਾ ਕਿ ਭਾਰਤ ਵਰਗੇ ਬਹੁ-ਧਰਮੀ ਅਤੇ ਬਹੁ-ਭਾਸ਼ਾਈ ਦੇਸ਼ ਦੀ ਮਜ਼ਬੂਤੀ ਵੱਖ-ਵੱਖ ਧਰਮਾਂ, ਜਾਤਾਂ ਅਤੇ ਵਰਗਾਂ ਦੇ ਲੋਕਾਂ ਵਿੱਚ ਆਪਸੀ ਸਤਿਕਾਰ ਤੇ ਸਾਂਝ ਬਣਾਈ ਰੱਖਣ ਵਿੱਚ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਆਪਣੀ ਸੌੜੀ ਰਾਜਨੀਤਕ ਸੋਚ ਕਾਰਨ ਲੋਕਾਂ ਦੇ ਅਸਲ ਮੁੱਦਿਆਂ ਤੋਂ ਧਿਆਨ ਹਟਾ ਕੇ ਵੰਡੀਆਂ ਪਾਉਣ ਵਾਲੀ ਰਾਜਨੀਤੀ ਨੂੰ ਤਰਜੀਹ ਦੇ ਰਹੀ ਹੈ।
ਕਾਂਗਰਸੀ ਆਗੂ ਨੇ ਕਿਹਾ ਕਿ ਦੇਸ਼ ਦੀ ਜਮਹੂਰੀ ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਸਰਕਾਰਾਂ ਨੂੰ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਜ਼ਿੰਮੇਵਾਰੀ ਲੋਕਾਂ ਵਿੱਚ ਆਪਸੀ ਵਿਸ਼ਵਾਸ ਵਧਾਉਣਾ ਅਤੇ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਦੀ ਰਾਖੀ ਕਰਨਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੀਆਂ ਨੀਤੀਆਂ ਕਾਰਨ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੋੜੀਂਦੀ ਤਵੱਜੋ ਨਹੀਂ ਮਿਲ ਰਹੀ ਅਤੇ ਦੇਸ਼ ਵਿੱਚ ਸਮਾਜਿਕ ਵੰਡੀਆਂ ਵਧਣ ਦਾ ਖ਼ਤਰਾ ਪੈਦਾ ਹੋ ਰਿਹਾ ਹੈ।
ਪੰਜਾਬ ਦੀ ‘ਆਪ’ ਸਰਕਾਰ ਵੀ ਨਿਸ਼ਾਨੇ ’ਤੇ
ਗੁਰਮੇਲ ਸਿੰਘ ਮੌੜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਬਿਹਤਰ ਪ੍ਰਸ਼ਾਸਨ, ਰੁਜ਼ਗਾਰ ਦੇ ਮੌਕਿਆਂ ਅਤੇ ਬੁਨਿਆਦੀ ਸਹੂਲਤਾਂ ਦੀ ਉਮੀਦ ਨਾਲ ਸਰਕਾਰ ਨੂੰ ਸੱਤਾ ਸੌਂਪੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਕੰਮਕਾਜ ਦਾ ਮੁਲਾਂਕਣ ਲੋਕਾਂ ਦੀਆਂ ਰੋਜ਼ਾਨਾ ਸਮੱਸਿਆਵਾਂ ਦੇ ਆਧਾਰ ’ਤੇ ਕਰਨਾ ਚਾਹੀਦਾ ਹੈ। ਉਨ੍ਹਾਂ ਅਨੁਸਾਰ ਮਹਿੰਗਾਈ, ਬੇਰੁਜ਼ਗਾਰੀ, ਕਿਸਾਨਾਂ ਦੀਆਂ ਮੁਸ਼ਕਲਾਂ ਅਤੇ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਸਮੇਂ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਤੰਤਰ, ਧਰਮ ਨਿਰਪੱਖਤਾ ਅਤੇ ਸਮਾਜਿਕ ਬਰਾਬਰੀ ਦੇ ਸਿਧਾਂਤਾਂ ’ਤੇ ਪਹਿਰਾ ਦੇਣ ਲਈ ਵਚਨਬੱਧ ਹੈ। ਇਸ ਮੌਕੇ ਬਲਜਿੰਦਰ ਸਿੰਘ ਸਹਿਜੜਾ ਐਸਸੀ ਡਿਪਾਰਟਮੈਂਟ ਵਾਈਸ ਪ੍ਰਧਾਨ ਅਤੇ ਮੇਲਾ ਸਿੰਘ ਸਹਿਜੜਾ ਹਾਜ਼ਰ ਸਨ।