ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦੀਆਂ ਸਾੜੀਆਂ ਅਰਥੀਆਂ
ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦੀਆਂ ਸਾੜੀਆਂ ਅਰਥੀਆਂ
Publish Date: Thu, 01 Jan 2026 05:40 PM (IST)
Updated Date: Fri, 02 Jan 2026 04:08 AM (IST)

ਰੋਸ ਪ੍ਰਦਰਸ਼ਨ ਕਰਦਿਆਂ ਕੀਤੀ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਨਵੇਂ ਸਾਲ ਦੀ ਆਮਦ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪ੍ਰਧਾਨ ਮੁਕੇਸ਼ ਮਲੌਦ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਸੰਗਰੂਰ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿਚ ਪੰਜਾਬ ਸਰਕਾਰ ਤੇ ਸੰਗਰੂਰ ਪ੍ਰਸ਼ਾਸਨ ਦੀਆਂ ਅਰਥੀਆਂ ਸਾੜੀਆਂ ਗਈਆਂ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ (ਜ਼ੈੱਡਪੀਐੱਸਸੀ) ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਦਿੱਲੀ ਵਿਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰੀ ਦੇ ਵਿਰੋਧ ਵਿਚ ਜਥੇਬੰਦੀ ਵੱਲੋਂ ਦਿੱਤੇ ਸੱਦੇ ਅਨੁਸਾਰ ਅੱਜ ਬਲਾਕ ਭਵਾਨੀਗੜ੍ਹ ਦੇ ਪਿੰਡ ਘਰਾਚੋਂ, ਝਨੇੜੀ ਆਦਿ ਸਮੇਤ ਜ਼ਿਲ੍ਹੇ ਦੇ ਹੋਰ ਬਲਾਕਾਂ ਆਦਿ ਵਿਚ ਵਿਆਪਕ ਰੋਸ ਪ੍ਰਦਰਸ਼ਨ ਕੀਤੇ ਗਏ। ਕਾਰਕੁਨਾਂ ਨੇ ਪੰਜਾਬ ਸਰਕਾਰ ਤੇ ਸੰਗਰੂਰ ਪ੍ਰਸ਼ਾਸਨ ਦੀਆਂ ਅਰਥੀਆਂ (ਪੁਤਲੇ) ਸਾੜ ਕੇ ਤਿੱਖਾ ਵਿਰੋਧ ਦਰਜ਼ ਕੀਤਾ ਅਤੇ ਨਾਅਰੇਬਾਜ਼ੀ ਕਰਦਿਆਂ ਮੁਕੇਸ਼ ਮਲੌਦ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ, ਗੁਰਚਰਨ ਘਰਾਚੋਂ, ਜਵੀਰ ਹੇੜੀਕੇ, ਗੁਰਦਾਸ ਝਲੂਰ ਨੇ ਕਿਹਾ ਕਿ ਮੁਕੇਸ਼ ਮਲੌਦ ਦੀ ਗ੍ਰਿਫ਼ਤਾਰੀ ਪੰਜਾਬ ਵਿੱਚ ਦਲਿਤਾਂ ਅਤੇ ਬੇਜ਼ਮੀਨਿਆਂ ਦੇ ਜ਼ਮੀਨੀ ਹੱਕਾਂ ਲਈ ਚੱਲ ਰਹੇ ਸੰਘਰਸ਼ ਨੂੰ ਕੁਚਲਣ ਦੀ ਕੋਝੀ ਸਾਜ਼ਿਸ਼ ਹੈ। ਜਿਸ ਤੋਂ ਪੰਜਾਬ ਸਰਕਾਰ ਦਾ ਦੋਗਲਾ ਚਿਹਰਾ ਨੰਗਾ ਹੋ ਚੁੱਕਿਆ ਹੈ। ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਮਨਰੇਗਾ ਦੇ ਨਵੇਂ ਕਾਨੂੰਨ ਦੇ ਵਿਰੋਧ ਦੇ ਵਿੱਚ ਮਜ਼ਦੂਰ ਹਿਤੈਸ਼ੀ ਹੋਣ ਦਾ ਢੋਂਗ ਕਰ ਰਹੀ ਹੈ, ਦੂਜੇ ਪਾਸੇ ਦਲਿਤਾਂ ਦੇ ਮਸੀਹਾ ਬੇਜ਼ਮੀਨੇ ਦਲਿਤਾਂ ਦੇ ਹੱਕਾਂ ਲਈ ਲੜਨ ਵਾਲੇ ਪ੍ਰਧਾਨ ਨੂੰ ਗ੍ਰਿਫ਼ਤਾਰ ਕਰਕੇ ਜੇਲ ਭੇਜ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦੀਆਂ ਅਰਥੀਆਂ ਸਾੜਦੇ ਹੋਏ ਮੰਗ ਕੀਤੀ ਹੈ ਕਿ ਮਜ਼ਦੂਰਾਂ ਨੂੰ ਆਗੂ ਰਹਿਤ ਕਰਨ ਦੀ ਨੀਤੀ ਬੰਦ ਕੀਤੀ ਜਾਵੇ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸਾਰੇ ਮੈਂਬਰਾਂ ਖ਼ਿਲਾਫ਼ ਝੂਠੇ ਕੇਸ ਵਾਪਸ ਲਏ ਜਾਣ। ਪ੍ਰਦਰਸ਼ਨਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡਾ ਵਿੱਚੋ ਮਜ਼ਦੂਰਾਂ ਨੇ ਹਿੱਸਾ ਲਿਆ। ਜਥੇਬੰਦੀ ਨੇ ਐਲਾਨ ਕੀਤਾ ਕਿ ਜੇਕਰ ਮੁਕੇਸ਼ ਮਲੌਦ ਨੂੰ ਤੁਰੰਤ ਰਿਹਾ ਨਹੀਂ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।